- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
‘ਸਾਡੇ ਬਜ਼ੁਰਗ, ਸਾਡਾ ਮਾਣ’ ਤਹਿਤ ਜ਼ਿਲ੍ਹਾ ਪੱਧਰੀ ਵਿਸ਼ੇਸ਼ ਕੈਂਪ 14 ਅਕਤੂਬਰ ਨੂੰ

ਪੱਤਰ ਪ੍ਰੇਰਕ, ਪੰਜਾਬੀ ਜਾਗਰਣ, ਜਲੰਧਰ : ਪੰਜਾਬ ਸਰਕਾਰ ਵੱਲੋਂ ਬਜ਼ੁਰਗਾਂ ਦੀ ਭਲਾਈ ਲਈ ਸ਼ੁਰੂ ਕੀਤੀ ਗਈ ‘ਸਾਡੇ ਬਜ਼ੁਰਗ, ਸਾਡਾ ਮਾਣ’ ਪਹਿਲਕਦਮੀ ਤਹਿਤ ਜ਼ਿਲ੍ਹਾ ਪੱਧਰੀ ਵਿਸ਼ੇਸ਼ ਕੈਂਪ 14 ਅਕਤੂਬਰ ਨੂੰ ਸਥਾਨਕ ਰੈੱਡ ਕਰਾਸ ਭਵਨ ’ਚ ਲਗਾਇਆ ਜਾ ਰਿਹਾ ਹੈ। ਵਧੀਕ ਡਿਪਟੀ ਕਮਿਸ਼ਨਰ (ਜਨਰਲ) ਅਮਨਿੰਦਰ ਕੌਰ ਨੇ ਕੈਂਪ ਸਬੰਧੀ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀਆਂ ਨਾਲ ਮੀਟਿੰਗ ਦੌਰਾਨ ਦੱਸਿਆ ਕਿ ਇਸ ਵਿਸ਼ੇਸ਼ ਕੈਂਪ ’ਚ 60 ਸਾਲ ਤੋਂ ਵੱਧ ਉਮਰ ਦੇ ਬਜ਼ੁਰਗਾਂ ਨੂੰ ਇਕੋ ਛੱਤ ਹੇਠ ਮੁਫ਼ਤ ਸਿਹਤ ਜਾਂਚ ਸੇਵਾਵਾਂ ਮੁਹੱਈਆ ਕਰਵਾਈਆਂ ਜਾਣਗੀਆਂ। ਨਾਲ ਹੀ ਸਰਕਾਰੀ ਸਕੀਮਾਂ ਬਾਰੇ ਜਾਣਕਾਰੀ, ਵਿੱਤੀ ਸਾਖ਼ਰਤਾ, ਬੁਢਾਪਾ ਪੈਨਸ਼ਨ ਲਈ ਰਜਿਸਟ੍ਰੇਸ਼ਨ, ਸੀਨੀਅਰ ਸਿਟੀਜ਼ਨ ਕਾਰਡ ਨਾਲ ਸਬੰਧਤ ਸਹੂਲਤਾਂ ਵੀ ਪ੍ਰਦਾਨ ਕੀਤੀਆਂ ਜਾਣਗੀਆਂ।
ਉਨ੍ਹਾਂ ਦੱਸਿਆ ਕਿ ਬਜ਼ੁਰਗਾਂ ਦੀ ਸਰੀਰਕ ਤੇ ਮਾਨਸਿਕ ਸਿਹਤ ਨੂੰ ਬਿਹਤਰ ਬਣਾਉਣ ਦੇ ਉਦੇਸ਼ ਨਾਲ ਕੈਂਪ ਦੌਰਾਨ ਮੁਫ਼ਤ ਯੋਗਾ ਸਿਖ਼ਲਾਈ ਵੀ ਦਿੱਤੀ ਜਾਵੇਗੀ। ਇਸ ਤੋਂ ਇਲਾਵਾ ਬਜ਼ੁਰਗਾਂ ਨੂੰ ਕਾਨੂੰਨੀ ਸੇਵਾਵਾਂ ਬਾਰੇ ਵੀ ਜਾਣਕਾਰੀ ਮੁਹੱਈਆ ਕਰਵਾਈ ਜਾਵੇਗੀ। ਮੀਟਿੰਗ ਵਿੱਚ ਜ਼ਿਲ੍ਹਾ ਸਮਾਜਿਕ ਸੁਰੱਖਿਆ ਅਫ਼ਸਰ ਰਵਿੰਦਰ ਸਿੰਘ, ਸਕੱਤਰ ਜ਼ਿਲ੍ਹਾ ਰੈੱਡ ਕਰਾਸ ਸੁਸਾਇਟੀ ਸੁਰਜੀਤ ਲਾਲ ਤੋਂ ਇਲਾਵਾ ਸਿਹਤ, ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਸਮੇਤ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀ ਵੀ ਮੌਜੂਦ ਸਨ।