ਅਮਰ ਪਾਸੀ, ਫਗਵਾੜਾ : ਸਾਬਕਾ ਮੰਤਰੀ ਤੇ ਪੰਜਾਬ ਐਗਰੋ ਇੰਡਸਟਰੀਜ਼ ਕਾਰਪੋਰੇਸ਼ਨ ਦੇ ਮੌਜੂਦਾ ਚੇਅਰਮੈਨ ਜੋਗਿੰਦਰ ਸਿੰਘ ਮਾਨ ਨੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੂੰ ਪੱਤਰ ਲਿਖ ਕੇ ਬੇਲਗਾਮ ਨੌਕਰਸ਼ਾਹੀ ਦੀ ਲਗਾਮ ਕੱਸਣ ਦੀ ਅਪੀਲ ਕੀਤੀ ਹੈ। ਉਨ੍ਹਾਂ ਨੇ ਇਹ ਚਿੱਠੀ ਬੀਤੇ ਦਿਨ ਡਾ. ਬੀਆਰ ਅੰਬੇਡਕਰ ਦੀ 130ਵੀਂ ਜੈਅੰਤੀ ਮੌਕੇ ਮੁੱਖ ਮੰਤਰੀ ਦੀ ਵਰਚੁਅਲ ਮੀਟਿੰਗ 'ਚ ਉਨ੍ਹਾਂ ਨੂੰ ਸੱਦਾ ਨਾ ਦਿੱਤੇ ਜਾਣ ਕਾਰਨ ਅਫਸਰਸ਼ਾਹੀ ਖ਼ਿਲਾਫ਼ ਨਾਰਾਜ਼ਗੀ ਜ਼ਾਹਰ ਕਰਦਿਆਂ ਲਿਖੀ ਹੈ। ਇਸ ਸਬੰਧੀ ਗੱਲਬਾਤ ਕਰਦਿਆਂ ਸਾਬਕਾ ਮੰਤਰੀ ਮਾਨ ਨੇ ਦੱਸਿਆ ਕਿ ਬਾਬਾ ਸਾਹਿਬ ਡਾ. ਬੀਆਰ ਅੰਬੇਡਕਰ ਦੀ 130ਵੀਂ ਜੈਅੰਤੀ ਮੌਕੇ ਮੁੱਖ ਮੰਤਰੀ ਪੰਜਾਬ ਦੇ ਸਕੱਤਰ ਵੱਲੋਂ ਹਰ ਜ਼ਿਲ੍ਹੇ ਦੇ ਪ੍ਰਸ਼ਾਸਨ ਨੂੰ ਪੱਤਰ ਲਿਖ ਕੇ ਹਦਾਇਤ ਕੀਤੀ ਗਈ ਸੀ ਕਿ 14 ਅਪ੍ਰਰੈਲ ਨੂੰ ਡਾ. ਅੰਬੇਡਕਰ ਜੈਅੰਤੀ ਮੌਕੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵੱਲੋਂ ਸੰਵਿਧਾਨ ਨਿਰਮਾਤਾ ਡਾ. ਅੰਬੇਡਕਰ ਨੂੰ ਸ਼ਰਧਾ ਦੇ ਫੁੱਲ ਭੇਟ ਕਰਨ ਲਈ ਕੀਤੀ ਜਾ ਰਹੀ ਰਾਜ ਪੱਧਰੀ ਵਰਚੁਅਲ ਮੀਟਿੰਗ ਮੌਕੇ ਸਾਰੇ ਮੰਤਰੀਆਂ, ਮੈਂਬਰ ਪਾਰਲੀਮੈਂਟਾਂ, ਵਿਧਾਇਕਾਂ, ਬੋਰਡਾਂ ਦੇ ਚੇਅਰਮੈਨਾਂ, ਕੌਂਸਲਰਾਂ, ਜ਼ਿਲ੍ਹਾ ਪ੍ਰਰੀਸ਼ਦ ਅਤੇ ਬਲਾਕ ਸੰਮਤੀ ਮੈਂਬਰਾਂ ਦੀ ਹਾਜ਼ਰੀ ਯਕੀਨੀ ਬਣਾਈ ਜਾਵੇ।

ਜੋਗਿੰਦਰ ਸਿੰਘ ਮਾਨ ਨੇ ਕਿਹਾ ਕਿ ਫਗਵਾੜਾ ਦੀ ਬੇਲਗਾਮ ਅਫਸਰਸ਼ਾਹੀ ਨੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੇ ਦਫਤਰ ਵੱਲੋਂ ਜਾਰੀ ਇਸ ਹੁਕਮ ਨੂੰ ਨਜ਼ਰਅੰਦਾਜ਼ ਕਰਦਿਆਂ ਬਹੁਗਿਣਤੀ ਨੁਮਾਇੰਦਿਆਂ ਅਤੇ ਪਾਰਟੀ ਆਗੂਆਂ ਨੂੰ ਸੱਦਾ ਨਹੀਂ ਦਿੱਤਾ ਜੋ ਕਿ ਜਨਤਕ ਨੁਮਾਇੰਦਿਆਂ ਦਾ ਨਿਰਾਦਰ ਹੈ। ਉਨ੍ਹਾਂ ਕਿਹਾ ਕਿ ਕਾਂਗਰਸ ਦੇ ਮਿਹਨਤੀ ਵਰਕਰਾਂ ਨੇ ਪਸੀਨਾ ਵਹਾ ਕੇ ਪਾਰਟੀ ਨੂੰ ਦੁਬਾਰਾ ਸੱਤਾ 'ਚ ਲਿਆਂਦਾ ਹੈ। ਜੇਕਰ ਅਧਿਕਾਰੀਆਂ ਦਾ ਰਵੱਈਆ ਇਸੇ ਤਰ੍ਹਾਂ ਬੇਲਗਾਮ ਰਿਹਾ ਤਾਂ ਕਾਂਗਰਸ ਪਾਰਟੀ ਨੂੰ ਇਸ ਦੇ ਗੰਭੀਰ ਨਤੀਜੇ ਭੁਗਤਣੇ ਪੈਣਗੇ। ਉਨ੍ਹਾਂ ਅੱਗੇ ਕਿਹਾ ਕਿ ਉਹ ਸੂਬਾ ਸਰਕਾਰ ਦੀ ਕੈਬਨਿਟ ਦੇ ਮੈਂਬਰ ਰਹੇ ਹਨ ਅਤੇ ਤਿੰਨ ਵਾਰ ਫਗਵਾੜਾ ਤੋਂ ਵਿਧਾਇਕ ਚੁਣੇ ਗਏ ਹਨ ਪਰ ਬਾਵਜੂਦ ਇਸ ਦੇ ਉਕਤ ਵਰਚੁਅਲ ਮੀਟਿੰਗ 'ਚ ਉਨ੍ਹਾਂ ਨੂੰ ਸੱਦਾ ਨਹੀਂ ਦਿੱਤਾ ਗਿਆ। ਮਾਨ ਨੇ ਕਿਹਾ ਕਿ ਉਨ੍ਹਾਂ ਨੂੰ ਇਸ ਗੱਲ ਦਾ ਪੂਰਾ ਭਰੋਸਾ ਹੈ ਕਿ ਗੈਰ-ਜ਼ਿੰਮੇਵਾਰ ਤੇ ਤਾਨਾਸ਼ਾਹ ਬਣਨ ਦੀ ਕੋਸ਼ਿਸ਼ ਕਰਨ ਵਾਲੇ ਨੌਕਰਸ਼ਾਹਾਂ ਖ਼ਿਲਾਫ਼ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵੱਲੋਂ ਮਿਸਾਲੀ ਕਾਰਵਾਈ ਕੀਤੀ ਜਾਵੇਗੀ ਤਾਂ ਜੋ ਕਾਂਗਰਸ ਪਾਰਟੀ ਦੇ ਮਿਹਨਤੀ ਵਰਕਰਾਂ ਅਤੇ ਸੀਨੀਅਰ ਆਗੂਆਂ ਦੇ ਮਾਣ-ਸਤਿਕਾਰ ਨੂੰ ਠੇਸ ਨਾ ਲੱਗੇ।