ਅਣਪਛਾਤੇ ਵਾਹਨ ਚਾਲਕ ਖ਼ਿਲਾਫ਼ ਮਾਮਲਾ ਦਰਜ
ਮ੍ਰਿਤਕ ਦੀ ਪਤਨੀ ਦੇ ਬਿਆਨਾਂ ’ਤੇ ਅਣਪਛਾਤੇ ਵਾਹਨ ਚਾਲਕ ਖਿਲਾਫ ਮਾਮਲਾ ਦਰਜ
Publish Date: Wed, 21 Jan 2026 09:10 PM (IST)
Updated Date: Wed, 21 Jan 2026 09:12 PM (IST)

-ਮਾਮਲਾ ਸੜਕ ਹਾਦਸੇ ’ਚ ਹੋਈ ਵਿਅਕਤੀ ਦੀ ਮੌਤ ਦਾ ਰਾਕੇਸ਼ ਗਾਂਧੀ, ਪੰਜਾਬੀ ਜਾਗਰਣ, ਜਲੰਧਰ : ਥਾਣਾ ਭਾਰਗੋ ਦੀ ਪੁਲਿਸ ਨੇ ਬੀਤੇ ਦਿਨੀ ਕਾਲਾ ਸੰਘਿਆ ਰੋਡ ’ਤੇ ਇਕ ਅਣਪਛਾਤੇ ਵਾਹਨ ਦੀ ਟੱਕਰ ਨਾਲ ਜ਼ਖ਼ਮੀ ਹੋਏ ਵਿਅਕਤੀ, ਜਿਸ ਦੀ ਇਲਾਜ ਦੌਰਾਨ ਹਸਪਤਾਲ ਵਿੱਚ ਮੌਤ ਹੋ ਗਈ ਸੀ, ਦੇ ਮਾਮਲੇ ਵਿੱਚ ਅਣਪਛਾਤੇ ਵਾਹਨ ਚਾਲਕ ਖਿਲਾਫ ਮਾਮਲਾ ਦਰਜ ਕਰ ਕੇ ਉਸਦੀ ਭਾਲ ਲਈ ਘਟਨਾ ਵਾਲੀ ਥਾਂ ਦੇ ਆਲੇ-ਦੁਆਲੇ ਲੱਗੇ ਸੀਸੀਟੀਵੀ ਕੈਮਰਿਆਂ ਦੀ ਫੁਟੇਜ ਖੰਘਾਲਣੀ ਸ਼ੁਰੂ ਕਰ ਦਿੱਤੀ ਹੈ। ਥਾਣਾ ਮੁਖੀ ਇੰਸਪੈਕਟਰ ਮੋਹਨ ਲਾਲ ਨੇ ਦੱਸਿਆ ਕਿ ਪਿਛਲੇ ਦਿਨੀਂ ਟਿੰਕੂ ਕੁਮਾਰ ਵਾਸੀ ਨਿਊ ਸੁਰਾਜਗੰਜ ਭਾਰਗੋ ਕੈਂਪ ਆਪਣੇ ਸੀ-100 ਮੋਟਰਸਾਈਕਲ ’ਤੇ ਕਾਲਾ ਸੰਘਿਆ ਰੋਡ ਵੱਲ ਜਾ ਰਿਹਾ ਸੀ। ਇਸ ਦੌਰਾਨ ਕਿਸੇ ਅਣਪਛਾਤੇ ਵਾਹਨ ਨੇ ਉਸ ਨੂੰ ਬੁਰੀ ਤਰ੍ਹਾਂ ਟੱਕਰ ਮਾਰ ਦਿੱਤੀ, ਜਿਸ ਨਾਲ ਉਹ ਗੰਭੀਰ ਰੂਪ ਵਿੱਚ ਜ਼ਖਮੀ ਹੋ ਗਿਆ। ਜ਼ਖਮੀ ਹਾਲਤ ’ਚ ਲੋਕਾਂ ਨੇ ਉਸ ਨੂੰ ਸਿਵਲ ਹਸਪਤਾਲ ਵਿੱਚ ਦਾਖਲ ਕਰਵਾਇਆ, ਜਿੱਥੇ ਇਲਾਜ ਦੌਰਾਨ ਉਸ ਦੀ ਮੌਤ ਹੋ ਗਈ। ਪੁਲਿਸ ਨੇ ਮ੍ਰਿਤਕ ਦੀ ਲਾਸ਼ ਕਬਜ਼ੇ ਵਿਚ ਲੈ ਕੇ ਪੋਸਟਮਾਰਟਮ ਲਈ ਸਿਵਲ ਹਸਪਤਾਲ ਵਿੱਚ ਭੇਜ ਦਿੱਤੀ ਸੀ। ਇੰਸਪੈਕਟਰ ਮੋਹਨ ਲਾਲ ਨੇ ਦੱਸਿਆ ਕਿ ਮ੍ਰਿਤਕ ਦੀ ਪਤਨੀ ਪਿੰਕੀ ਦੇ ਬਿਆਨਾਂ ’ਤੇ ਪੁਲਿਸ ਨੇ ਅਣਪਛਾਤੇ ਵਾਹਨ ਚਾਲਕ ਖਿਲਾਫ ਧਾਰਾ 281 106 324(4)(5) ਬੀਐੱਨਐੱਸ ਤਹਿਤ ਮਾਮਲਾ ਦਰਜ ਕਰ ਕੇ ਵਾਹਨ ਚਾਲਕ ਦੀ ਭਾਲ ਸ਼ੁਰੂ ਕਰ ਦਿੱਤੀ ਹੈ। ਉਨ੍ਹਾਂ ਦੱਸਿਆ ਕਿ ਪੁਲਿਸ ਪਾਰਟੀ ਮੌਕੇ ਵਾਲੀ ਥਾਂ ਦੇ ਆਲੇ ਦੁਆਲੇ ਲੱਗੇ ਸੀਸੀਟੀਵੀ ਕੈਮਰੇ ਦੀ ਫੁਟੇਜ ਖੰਘਾਲ ਰਹੀ ਹੈ, ਉਮੀਦ ਹੈ ਕਿ ਜਲਦ ਹੀ ਹਾਦਸੇ ਦਾ ਕਾਰਨ ਬਣਿਆ ਵਾਹਨ ਚਾਲਕ ਪੁਲਿਸ ਦੇ ਹੱਥੇ ਚੜ੍ਹ ਜਾਵੇਗਾ।