- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਪੰਜਾਬ ਰਾਜ ਸਫਾਈ ਕਰਮਚਾਰੀ ਕਮਿਸ਼ਨ ਦੇ ਚੇਅਰਮੈਨ ਵੱਲੋਂ ਸਿਵਲ ਹਸਪਤਾਲ ਦਾ ਦੌਰਾ

ਸਫਾਈ ਸੇਵਕਾਂ ਦੀਆਂ ਮੰਗਾਂ ਤੇ ਮੁਸ਼ਕਲਾਂ ਸੁਣੀਆਂ ਕਿਹਾ, ਕਮਿਸ਼ਨ ਮੰਗਾਂ ਦੇ ਨਿਬੇੜੇ ਲਈ ਯਤਨਸ਼ੀਲ ਪੱਤਰ ਪ੍ਰੇਰਕ, ਪੰਜਾਬੀ ਜਾਗਰਣ, ਜਲੰਧਰ : ਪੰਜਾਬ ਰਾਜ ਸਫਾਈ ਕਰਮਚਾਰੀ ਕਮਿਸ਼ਨ ਦੇ ਚੇਅਰਮੈਨ ਚੰਦਨ ਗਰੇਵਾਲ ਨੇ ਅੱਜ ਸਥਾਨਕ ਸ਼ਹੀਦ ਬਾਬੂ ਲਾਭ ਸਿੰਘ ਸਿਵਲ ਹਸਪਤਾਲ ਦੇ ਦੌਰੇ ਦੌਰਾਨ ਸਫਾਈ ਸੇਵਕਾਂ ਦੀਆਂ ਮੰਗਾਂ ਤੇ ਮੁਸ਼ਕਲਾਂ ਸੁਣੀਆਂ। ਉਨ੍ਹਾਂ ਕਿਹਾ ਕਿ ਪੰਜਾਬ ਰਾਜ ਸਫਾਈ ਕਰਮਚਾਰੀ ਕਮਿਸ਼ਨ ਸਫਾਈ ਸੇਵਕਾਂ ਦੇ ਹੱਕਾਂ ਦੀ ਰਾਖੀ, ਭਲਾਈ ਅਤੇ ਉਨ੍ਹਾਂ ਦੀਆਂ ਜਾਇਜ਼ ਮੰਗਾਂ ਦੇ ਨਿਪਟਾਰੇ ਲਈ ਲਗਾਤਾਰ ਯਤਨਸ਼ੀਲ ਹੈ। ਇਥੇ ਸਿਵਲ ਸਰਜਨ ਡਾ. ਰਾਜੇਸ਼ ਗਰਗ ਤੇ ਮੈਡੀਕਲ ਸੁਪਰਡੈਂਟ ਡਾ. ਨਮਿਤਾ ਘਈ ਸਮੇਤ ਹੋਰਨਾਂ ਅਧਿਕਾਰੀਆਂ ਨਾਲ ਮੀਟਿੰਗ ਦੌਰਾਨ ਉਨ੍ਹਾਂ ਸਫਾਈ ਸੇਵਕਾਂ ਦੇ ਮਸਲਿਆਂ ਦਾ ਪਹਿਲ ਦੇ ਆਧਾਰ ’ਤੇ ਨਿਪਟਾਰਾ ਯਕੀਨੀ ਬਣਾਉਣ ਦੇ ਨਿਰਦੇਸ਼ ਦਿੱਤੇ। ਚੇਅਰਮੈਨ ਨੇ ਹਸਪਤਾਲ ਵਿੱਚ ਬਿਹਤਰ ਸਫਾਈ ਵਿਵਸਥਾ ਯਕੀਨੀ ਬਣਾਉਣ ਲਈ ਸਿਹਤ ਅਧਿਕਾਰੀਆਂ ਨੂੰ ਕਿਹਾ ਕਿ ਸਮਰੱਥ ਅਥਾਰਟੀ ਤੋਂ ਲੋੜੀਂਦੀ ਪ੍ਰਵਾਨਗੀ ਪ੍ਰਾਪਤ ਕਰਕੇ ਹੋਰ ਸਫਾਈ ਸੇਵਕਾਂ ਦੀ ਭਰਤੀ ਲਈ ਯੋਗ ਕਾਰਵਾਈ ਕੀਤੀ ਜਾਵੇ। ਉਨ੍ਹਾਂ ਕਿਹਾ ਕਿ ਇਸ ਨਾਲ ਸਫਾਈ ਪ੍ਰਬੰਧ ਹੋਰ ਪ੍ਰਭਾਵਸ਼ਾਲੀ ਹੋਣਗੇ। ਇਸ ਤੋਂ ਇਲਾਵਾ ਉਨ੍ਹਾਂ ਸਫਾਈ ਸੇਵਕਾਂ ਨੂੰ ਵਾਧੂ ਸਮੇਂ ਦੌਰਾਨ ਕੀਤੇ ਕੰਮ ਦੇ ਏਵਜ ਵਿੱਚ ਨਿਯਮਾਂ ਅਨੁਸਾਰ ਬਣਦੀ ਛੁੱਟੀ ਅਤੇ ਹੋਰ ਬਣਦੀਆਂ ਸਹੂਲਤਾਂ ਮੁਹੱਈਆ ਕਰਵਾਉਣ ਲਈ ਵੀ ਕਿਹਾ। ਉਨ੍ਹਾਂ ਭਰੋਸਾ ਦਿਵਾਇਆ ਕਿ ਕਮਿਸ਼ਨ ਸਫਾਈ ਸੇਵਕਾਂ ਨਾਲ ਜੁੜੇ ਹਰ ਮਸਲੇ ’ਤੇ ਨਿਰੰਤਰ ਨਿਗਰਾਨੀ ਰੱਖੇਗਾ ਅਤੇ ਉਨ੍ਹਾਂ ਦੇ ਹੱਕਾਂ ਦੀ ਰਾਖੀ ਲਈ ਹਰ ਸੰਭਵ ਯਤਨ ਕਰੇਗਾ। ਮੀਟਿੰਗ ’ਚ ਜ਼ਿਲ੍ਹਾ ਪ੍ਰਧਾਨ ਕਲਾਸ ਫੋਰ ਯੂਨੀਅਨ ਸੁਭਾਸ਼ ਮੱਟੂ, ਜਨਰਲ ਸਕੱਤਰ ਡਿੰਪਲ ਰਹੇਲਾ, ਜਤਿੰਦਰ ਰੇਂਕ, ਸੰਦੀਪ ਸਲਾਕਾਰ, ਵਿਨੋਦ ਨਾਹਰ ਆਦਿ ਵੀ ਮੌਜੂਦ ਸਨ।