ਨੰਬਰਦਾਰੋ ਤਖ਼ਤ ਬਦਲ ਦਿਓ, ਤਾਜ ਬਦਲ ਦਿਓ, ਭੱਤਾ ਨਾ ਵਧਾਉਣ ਵਾਲੀ ਸਰਕਾਰ ਬਦਲ ਦਿਓ : ਸੰਧੂ ਨੰਬਰਦਾਰੋ ਤਖਤ ਬਦਲ ਦਿਓ, ਤਾਜ ਬਦਲ ਦਿਓ, ਭੱਤਾ ਨਾ ਵਧਾਉਣ ਵਾਲੀ ਸਰਕਾਰ ਬਦਲ ਦਿਓ - ਜ਼ਿਲਾ ਪ੍ਰਧਾਨ ਅਸ਼ੋਕ ਸੰਧੂ ਨੂਰਮਹਿਲ
Publish Date: Wed, 12 Aug 2026 07:51 PM (IST)
Updated Date: Wed, 12 Aug 2026 07:53 PM (IST)
ਅਵਤਾਰ ਚੰਦ, ਪੰਜਾਬੀ ਜਾਗਰਣ ਨੂਰਮਹਿਲ : ਨੰਬਰਦਾਰ ਯੂਨੀਅਨ ਪੰਜਾਬ ਦੇ ਸੀਨੀਅਰ ਮੀਤ ਪ੍ਰਧਾਨ ਤੇ ਜ਼ਿਲ੍ਹਾ ਜਲੰਧਰ ਦੇ ਪ੍ਰਧਾਨ ਲਾਇਨ ਅਸ਼ੋਕ ਸੰਧੂ ਨੰਬਰਦਾਰ ਨੂਰਮਹਿਲ ਦੀ ਅਗਵਾਈ ਹੇਠ ਤਹਿਸੀਲ ਕੰਪਲੈਕਸ ਨੂਰਮਹਿਲ ਵਿਖੇ ਮੀਟਿੰਗ ਹੋਈ। ਇਸ ਦੌਰਾਨ ਨੰਬਰਦਾਰਾਂ ਨੇ ਪੰਜਾਬ ਸਰਕਾਰ ’ਤੇ ਮਾਣ ਭੱਤਾ ਨਾ ਵਧਾਉਣ ਨੂੰ ਲੈ ਕੇ ਤਿੱਖੇ ਨਿਸ਼ਾਨੇ ਵਿੰਨ੍ਹੇ। ਅਸ਼ੋਕ ਸੰਧੂ ਨੇ ਕਿਹਾ ਕਿ ਸਰਕਾਰ ਨੇ ਆਪਣੇ ਚੋਣ ਮੈਨੀਫੈਸਟੋ ’ਚ ਨੰਬਰਦਾਰਾਂ ਦਾ ਮਾਣ ਭੱਤਾ ਵਧਾਉਣ ਦਾ ਵਾਅਦਾ ਕੀਤਾ ਸੀ, ਪਰ ਇਸ ਨੂੰ ਅਮਲੀ ਰੂਪ ਨਹੀਂ ਦਿੱਤਾ ਗਿਆ। ਉਨ੍ਹਾਂ ਕਿਹਾ ਕਿ ਮਹਿੰਗਾਈ ਦੇ ਮੌਜੂਦਾ ਦੌਰ ’ਚ ਨੰਬਰਦਾਰਾਂ ਦਾ ਮਾਣ ਭੱਤਾ 10 ਹਜ਼ਾਰ ਰੁਪਏ ਕੀਤਾ ਜਾਣਾ ਚਾਹੀਦਾ ਹੈ। ਉਨ੍ਹਾਂ ਦਾਅਵਾ ਕੀਤਾ ਕਿ ਨੰਬਰਦਾਰ ਪਿੰਡਾਂ ਤੇ ਸ਼ਹਿਰਾਂ ’ਚ ਲੋਕਾਂ ਦੇ ਕਈ ਜ਼ਰੂਰੀ ਕੰਮਾਂ ’ਚ ਨਿਰਸਵਾਰਥ ਸੇਵਾਵਾਂ ਨਿਭਾਅ ਰਹੇ ਹਨ। ਜ਼ਿਲ੍ਹਾ ਪ੍ਰਧਾਨ ਨੇ ਪੰਜਾਬ ਦੇ ਸਮੂਹ ਨੰਬਰਦਾਰਾਂ ਨੂੰ ਇਕਜੁੱਟ ਹੋ ਕੇ ਆਪਣੇ ਹੱਕਾਂ ਲਈ ਆਵਾਜ਼ ਬੁਲੰਦ ਕਰਨ ਦਾ ਸੱਦਾ ਦਿੰਦਿਆਂ ਕਿਹਾ, ‘ਨੰਬਰਦਾਰੋ ਤਖ਼ਤ ਬਦਲ ਦਿਓ, ਤਾਜ ਬਦਲ ਦਿਓ, ਭੱਤਾ ਨਾ ਵਧਾਉਣ ਵਾਲੀ ਸਰਕਾਰ ਬਦਲ ਦਿਓ।’ ਇਸ ਮੌਕੇ ਉਨ੍ਹਾਂ ਚੋਣਾਂ ਦੌਰਾਨ ਸਰਕਾਰ ਖ਼ਿਲਾਫ਼ ਵੋਟ ਦੇ ਬਾਈਕਾਟ ਦੀ ‘ਐੱਸਆਈਵੀ’ ਮੁਹਿੰਮ ਚਲਾਉਣ ਦਾ ਸੱਦਾ ਵੀ ਦਿੱਤਾ। ਸੀਨੀਅਰ ਮੀਤ ਪ੍ਰਧਾਨ ਪ੍ਰਗਟ ਸਿੰਘ ਸਰਹਾਲੀ, ਜਨਰਲ ਸਕੱਤਰ ਸੁਰਿੰਦਰ ਸ਼ਿੰਦਾ ਤੇ ਪ੍ਰੈੱਸ ਸਕੱਤਰ ਤਰਸੇਮ ਲਾਲ ਨੇ ਕਿਹਾ ਕਿ ਨੰਬਰਦਾਰ ਲੋਕਾਂ ਤੇ ਪ੍ਰਸ਼ਾਸਨ ਵਿਚਕਾਰ ਅਹਿਮ ਕੜੀ ਵਜੋਂ ਆਪਣੀ ਜ਼ਿੰਮੇਵਾਰੀ ਨਿਭਾਉਂਦੇ ਹਨ। ਉਨ੍ਹਾਂ ਸਰਕਾਰ ਤੋਂ ਮਾਣ ਭੱਤਾ ਵਧਾਉਣ ਦੀ ਮੰਗ ਕੀਤੀ। ਇਸ ਦੌਰਾਨ ਨੰਬਰਦਾਰਾਂ ਨੇ ਐਲਾਨ ਕੀਤਾ ਕਿ ਜਥੇਬੰਦੀ ਵੱਲੋਂ 32ਵਾਂ ਕੌਮੀ ਸਮਾਗਮ ‘ਜਸ਼ਨ-ਏ-ਆਜ਼ਾਦੀ 2026’ ਤਹਿਸੀਲ ਕੰਪਲੈਕਸ ਨੂਰਮਹਿਲ ਵਿਖੇ ਸ਼ਰਧਾ ਤੇ ਉਤਸ਼ਾਹ ਨਾਲ ਮਨਾਇਆ ਜਾਵੇਗਾ। ਸਮਾਗਮ ਦੌਰਾਨ ਵੱਖ-ਵੱਖ ਖੇਤਰਾਂ ’ਚ ਯੋਗਦਾਨ ਪਾਉਣ ਵਾਲੀਆਂ ਸ਼ਖ਼ਸੀਅਤਾਂ ਨੂੰ ਸਨਮਾਨਿਤ ਕੀਤਾ ਜਾਵੇਗਾ। ਨੰਬਰਦਾਰਾਂ ਨੇ ਨੂਰਮਹਿਲ ਦੀ ਟੀ-ਪੁਆਇੰਟ ਵਾਲੀ ਪੁਲੀ ਦਾ ਕੰਮ 12 ਅਗਸਤ ਤੱਕ ਮੁਕੰਮਲ ਕਰਨ ਦੀ ਪ੍ਰਸ਼ਾਸਨ ਤੋਂ ਮੰਗ ਕੀਤੀ ਅਤੇ ਕਿਹਾ ਕਿ ਦੇਰੀ ਹੋਣ ’ਤੇ ਉਹ ਆਜ਼ਾਦੀ ਦਿਵਸ ਮੌਕੇ ਪ੍ਰਸ਼ਾਸਨ ਖ਼ਿਲਾਫ਼ ਰੋਸ ਪ੍ਰਦਰਸ਼ਨ ਕਰਨ ਲਈ ਮਜਬੂਰ ਹੋਣਗੇ।