ਚਰਨਜੀਤ ਸ਼ੈਰੀ ਨੇ ਸੰਭਾਲਿਆ ਨਗਰ ਕੌਂਸਲ ਆਦਮਪੁਰ ਦੇ ਪ੍ਰਧਾਨ ਦਾ ਅਹੁਦਾ ਚਰਨਜੀਤ ਸ਼ੈਰੀ ਨੇ ਸੰਭਾਲਿਆ ਨਗਰ ਕੌਂਸਲ ਆਦਮਪੁਰ ਦੇ ਪ੍ਰਧਾਨ ਦਾ ਅਹੁਦਾ
Publish Date: Thu, 06 Aug 2026 09:47 PM (IST)
Updated Date: Thu, 06 Aug 2026 09:49 PM (IST)
ਪਵਨ ਟੀਨੂੰ ਨੇ ਕਿਹਾ, ਸ਼ਹਿਰ ਦੇ ਵਿਕਾਸ ਕਾਰਜਾਂ ’ਚ ਨਹੀਂ ਆਉਣ ਦਿੱਤੀ ਜਾਵੇਗੀ ਕੋਈ ਕਮੀ ਅਕਸ਼ੇਦੀਪ ਸ਼ਰਮਾ, ਪੰਜਾਬੀ ਜਾਗਰਣ ਆਦਮਪੁਰ : ਨਗਰ ਕੌਂਸਲ ਆਦਮਪੁਰ ਦੇ ਨਵੇਂ ਪ੍ਰਧਾਨ ਚਰਨਜੀਤ ਸਿੰਘ ਸ਼ੈਰੀ ਨੇ ਅੱਜ ਰਸਮੀ ਤੌਰ ’ਤੇ ਆਪਣੇ ਅਹੁਦੇ ਦੀ ਜ਼ਿੰਮੇਵਾਰੀ ਸੰਭਾਲ ਲਈ। ਇਸ ਮੌਕੇ ਧਾਰਮਿਕ ਸਮਾਗਮ ਦੌਰਾਨ ਪਹਿਲਾਂ ਸ੍ਰੀ ਸੁਖਮਨੀ ਸਾਹਿਬ ਜੀ ਦੇ ਪਾਠ ਕਰਵਾਏ ਗਏ, ਜਿਸ ’ਚ ਸ਼ਹਿਰ ਵਾਸੀਆਂ, ਕੌਂਸਲਰਾਂ ਤੇ ਆਮ ਆਦਮੀ ਪਾਰਟੀ ਦੇ ਆਗੂਆਂ ਨੇ ਵੱਡੀ ਗਿਣਤੀ ’ਚ ਸ਼ਮੂਲੀਅਤ ਕੀਤੀ। ਇਸ ਉਪਰੰਤ ਭਾਈ ਕੁਲਵੰਤ ਸਿੰਘ ਰਾਗੀ ਜਥੇ ਵੱਲੋਂ ਰਸਭਿੰਨਾ ਕੀਰਤਨ ਕਰ ਕੇ ਸੰਗਤਾਂ ਨੂੰ ਨਿਹਾਲ ਕੀਤਾ ਗਿਆ। ਸਮਾਗਮ ’ਚ ਹਲਕਾ ਇੰਚਾਰਜ ਪਵਨ ਟੀਨੂੰ ਨੇ ਮੁੱਖ ਮਹਿਮਾਨ ਵਜੋਂ ਸ਼ਿਰਕਤ ਕੀਤੀ। ਇਸ ਮੌਕੇ ਪਵਨ ਟੀਨੂੰ ਤੇ ਨਵੇਂ ਪ੍ਰਧਾਨ ਚਰਨਜੀਤ ਸ਼ੈਰੀ ਨੇ ਸ਼ਹਿਰ ਵਾਸੀਆਂ ਵੱਲੋਂ ਮਿਲੇ ਸਹਿਯੋਗ ਲਈ ਧੰਨਵਾਦ ਕੀਤਾ ਤੇ ਸ਼ਹਿਰ ਦੇ ਵਿਕਾਸ ਲਈ ਮਿਲ ਕੇ ਕੰਮ ਕਰਨ ਦਾ ਭਰੋਸਾ ਦਿੱਤਾ। ਪਵਨ ਟੀਨੂੰ ਨੇ ਕਿਹਾ ਕਿ ਆਦਮਪੁਰ ਸ਼ਹਿਰ ਦੇ ਹਰ ਵਾਰਡ ’ਚ ਬਿਨਾਂ ਕਿਸੇ ਭੇਦਭਾਵ ਦੇ ਵਿਕਾਸ ਕਾਰਜ ਕਰਵਾਏ ਜਾਣਗੇ। ਸਫ਼ਾਈ ਪ੍ਰਬੰਧ, ਪੀਣ ਵਾਲੇ ਸਾਫ਼ ਪਾਣੀ ਦੀ ਸਪਲਾਈ, ਸਟ੍ਰੀਟ ਲਾਈਟਾਂ ਤੇ ਸੜਕਾਂ ਦੀ ਮੁਰੰਮਤ ਵਰਗੀਆਂ ਮੁੱਢਲੀਆਂ ਸਹੂਲਤਾਂ ਨੂੰ ਪਹਿਲ ਦੇ ਆਧਾਰ ’ਤੇ ਹੱਲ ਕੀਤਾ ਜਾਵੇਗਾ। ਉਨ੍ਹਾਂ ਕਿਹਾ ਕਿ ਸ਼ਹਿਰ ਦੇ ਵਿਕਾਸ ਵਿੱਚ ਕੋਈ ਕਮੀ ਨਹੀਂ ਆਉਣ ਦਿੱਤੀ ਜਾਵੇਗੀ। ਨਗਰ ਕੌਂਸਲ ਪ੍ਰਧਾਨ ਚਰਨਜੀਤ ਸਿੰਘ ਸ਼ੈਰੀ ਨੇ ਕਿਹਾ ਕਿ ਉਹ ਪਰਮਾਤਮਾ ਦਾ ਸ਼ੁਕਰਾਨਾ ਕਰਦੇ ਹਨ ਤੇ ਸ਼ਹਿਰ ਵਾਸੀਆਂ ਵੱਲੋਂ ਉਨ੍ਹਾਂ ’ਤੇ ਪ੍ਰਗਟਾਏ ਗਏ ਵਿਸ਼ਵਾਸ ਲਈ ਧੰਨਵਾਦੀ ਹਨ। ਸਾਰੇ ਕੌਂਸਲਰਾਂ ਨੂੰ ਨਾਲ ਲੈ ਕੇ ਆਦਮਪੁਰ ਦੇ ਵਿਕਾਸ ਲਈ ਪੂਰੀ ਇਮਾਨਦਾਰੀ ਨਾਲ ਕੰਮ ਕੀਤਾ ਜਾਵੇਗਾ। ਸਮਾਗਮ ਦੇ ਅੰਤ ’ਚ ਕੌਂਸਲਰ ਪਵਿੱਤਰ ਸਿੰਘ ਵੱਲੋਂ ਹਲਕਾ ਇੰਚਾਰਜ ਪਵਨ ਟੀਨੂੰ, ਗੁਰਚਰਨ ਸਿੰਘ ਚੰਨੀ, ਐਡਵੋਕੇਟ ਚਰਨਜੀਤ ਸਿੰਘ ਸੈਣੀ, ਜ਼ਿਲ੍ਹਾ ਪ੍ਰੀਸ਼ਦ ਦੇ ਵਾਈਸ ਚੇਅਰਮੈਨ ਅਮਿਤ ਅਰੋੜਾ, ਚੇਅਰਮੈਨ ਜਸ ਦਿਆਲ ਸਿੰਘ ਤੇ ਨਗਰ ਕੌਂਸਲ ਭੋਗਪੁਰ ਦੇ ਪ੍ਰਧਾਨ ਰਾਜ ਕੁਮਾਰ ਰਾਜਾ ਸਮੇਤ ਹੋਰ ਪ੍ਰਮੁੱਖ ਸ਼ਖਸੀਅਤਾਂ ਨੂੰ ਸਿਰੋਪਾਓ ਦੇ ਕੇ ਸਨਮਾਨਿਤ ਕੀਤਾ ਗਿਆ। ਇਸ ਮੌਕੇ ਦਲਜੀਤ ਸਿੰਘ ਮਿਨਹਾਸ ਚੇਅਰਮੈਨ ਬਲਾਕ ਸੰਮਤੀ ਆਦਮਪੁਰ, ਐੱਸਡੀਐੱਮ ਆਦਮਪੁਰ ਲਾਲ ਵਿਸ਼ਵਾਸ ਬੈਂਸ, ਨਗਰ ਕੌਂਸਲ ਦੇ ਵਾਈਸ ਪ੍ਰਧਾਨ ਹਰਵਿੰਦਰ ਸਿੰਘ ਬਿੰਦਾ, ਕੰਨੂ, ਸਮੂਹ ਕੌਂਸਲਰ, ਪਾਰਟੀ ਆਗੂ, ਵਰਕਰ ਤੇ ਵੱਡੀ ਗਿਣਤੀ ’ਚ ਸ਼ਹਿਰ ਵਾਸੀ ਮੌਜੂਦ ਸਨ।