ਆਦਮਪੁਰ ਦੇ ਸਕੂਲ ਆਫ਼ ਐਮੀਨੈਂਸ ’ਚ ਵਿਦਿਆਰਥੀਆਂ ਨੂੰ ਮਿਲੇ ਮੁੱਖ ਮੰਤਰੀ
ਆਦਮਪੁਰ ਦੇ ਸਕੂਲ ਆਫ਼ ਐਮੀਨੈਂਸ ’ਚ ਵਿਦਿਆਰਥੀਆਂ ਨਾਲ ਮਿਲੇ ਮੁੱਖ ਮੰਤਰੀ
Publish Date: Tue, 10 Mar 2026 11:09 PM (IST)
Updated Date: Tue, 10 Mar 2026 11:12 PM (IST)

- ਸਿੱਖਿਆ ਨਾਲ ਹੀ ਗਰੀਬੀ ਤੇ ਸਮਾਜਿਕ ਪਾੜਾ ਖਤਮ ਹੋ ਸਕਦਾ ਹੈ : ਭਗਵੰਤ ਮਾਨ ਅਕਸ਼ੇਦੀਪ ਸ਼ਰਮਾ, ਪੰਜਾਬੀ ਜਾਗਰਣ, ਆਦਮਪੁਰ : ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਆਦਮਪੁਰ ਦੇ ਸਕੂਲ ਆਫ਼ ਐਮੀਨੈਂਸ ਦਾ ਦੌਰਾ ਕਰਕੇ ਵਿਦਿਆਰਥੀਆਂ ਨਾਲ ਮੁਲਾਕਾਤ ਕੀਤੀ ਤੇ ਉਨ੍ਹਾਂ ਨਾਲ ਖੁੱਲ੍ਹ ਕੇ ਗੱਲਬਾਤ ਕੀਤੀ। ਇਸ ਮੌਕੇ ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਸ਼ੁਰੂ ਕੀਤੇ ਗਏ ਸਕੂਲ ਆਫ਼ ਐਮੀਨੈਂਸ ਵਿਦਿਆਰਥੀਆਂ ਦੇ ਸੁਪਨਿਆਂ ਨੂੰ ਪੰਖ ਦੇਣ ਵਾਲਾ ਇਕ ਸ਼ਕਤੀਸ਼ਾਲੀ ਮੰਚ ਬਣ ਰਹੇ ਹਨ ਤੇ ਇਹ ਸੰਸਥਾਵਾਂ ਨੌਜਵਾਨਾਂ ਦੇ ਭਵਿੱਖ ਨੂੰ ਨਵੀਂ ਦਿਸ਼ਾ ਦੇ ਰਹੀਆਂ ਹਨ। ਮੁੱਖ ਮੰਤਰੀ ਨੇ ਕਿਹਾ ਕਿ ਗਰੀਬੀ ਤੇ ਸਮਾਜਿਕ ਵਖਰੇਵਿਆਂ ਨੂੰ ਖਤਮ ਕਰਨ ਲਈ ਸਿੱਖਿਆ ਹੀ ਸਭ ਤੋਂ ਵੱਡਾ ਸਾਧਨ ਹੈ। ਉਨ੍ਹਾਂ ਦੱਸਿਆ ਕਿ ਪੰਜਾਬ ਸਰਕਾਰ ਸੂਬੇ ਭਰ ’ਚ ਆਧੁਨਿਕ ਸਹੂਲਤਾਂ ਨਾਲ ਲੈਸ ਸਕੂਲ ਆਫ਼ ਐਮੀਨੈਂਸ ਸਥਾਪਿਤ ਕਰ ਰਹੀ ਹੈ ਤਾਂ ਜੋ ਹਰ ਵਰਗ ਦੇ ਵਿਦਿਆਰਥੀ ਨੂੰ ਮਿਆਰੀ ਸਿੱਖਿਆ ਤੇ ਆਪਣੀ ਪ੍ਰਤਿਭਾ ਨਿਖਾਰਣ ਦਾ ਮੌਕਾ ਮਿਲ ਸਕੇ। ਉਨ੍ਹਾਂ ਕਿਹਾ ਕਿ ਇਹ ਹਾਈ-ਟੈਕ ਸਕੂਲ ਵਿਦਿਆਰਥੀਆਂ ਨੂੰ ਅਧੁਨਿਕ ਲੈਬਾਂ, ਡਿਜੀਟਲ ਕਲਾਸਰੂਮ ਤੇ ਹੋਰ ਆਧੁਨਿਕ ਸਹੂਲਤਾਂ ਪ੍ਰਦਾਨ ਕਰ ਰਹੇ ਹਨ, ਜਿਸ ਨਾਲ ਉਹ ਜੀਵਨ ਦੇ ਹਰ ਖੇਤਰ ’ਚ ਉਤਕ੍ਰਿਸ਼ਟਤਾ ਹਾਸਲ ਕਰ ਸਕਣ। ਮੁੱਖ ਮੰਤਰੀ ਨੇ ਕਿਹਾ ਕਿ ਸਿੱਖਿਆ ਦੇ ਮਿਆਰ ਨੂੰ ਉੱਚਾ ਚੁੱਕਣਾ ਪੰਜਾਬ ਸਰਕਾਰ ਦੀ ਸਭ ਤੋਂ ਵੱਡੀ ਤਰਜੀਹ ਹੈ ਅਤੇ ਇਸ ਦਿਸ਼ਾ ਵਿੱਚ ਲਗਾਤਾਰ ਨਵੇਂ ਕਦਮ ਚੁੱਕੇ ਜਾ ਰਹੇ ਹਨ। ਵਿਦਿਆਰਥੀਆਂ ਨੂੰ ਸੰਬੋਧਨ ਕਰਦਿਆਂ ਉਨ੍ਹਾਂ ਨੇ ਕਿਹਾ ਕਿ ਸਫਲਤਾ ਦਾ ਕੋਈ ਸ਼ਾਰਟਕੱਟ ਨਹੀਂ ਹੁੰਦਾ ਤੇ ਨੌਜਵਾਨਾਂ ਨੂੰ ਸਖ਼ਤ ਮਿਹਨਤ ਤੇ ਸਮਰਪਣ ਨਾਲ ਅੱਗੇ ਵਧਣਾ ਚਾਹੀਦਾ ਹੈ। ਉਨ੍ਹਾਂ ਵਿਦਿਆਰਥੀਆਂ ਨੂੰ ਸ਼ਾਰਟਕੱਟ ਤੋਂ ਬਚ ਕੇ ਜ਼ਮੀਨੀ ਪੱਧਰ ‘ਤੇ ਮਿਹਨਤ ਕਰਨ ਅਤੇ ਆਪਣੀ ਮੰਜ਼ਿਲ ਪ੍ਰਾਪਤ ਕਰਨ ਲਈ ਨਿਰੰਤਰ ਯਤਨ ਕਰਨ ਦੀ ਪ੍ਰੇਰਨਾ ਦਿੱਤੀ। ਮੁੱਖ ਮੰਤਰੀ ਨੇ ਵਿਦਿਆਰਥੀਆਂ ਨੂੰ ਨਿਮਰਤਾ ਬਣਾਈ ਰੱਖਣ ਦੀ ਸਲਾਹ ਦਿੰਦਿਆਂ ਕਿਹਾ ਕਿ ਵੱਡੀਆਂ ਪ੍ਰਾਪਤੀਆਂ ਦੇ ਬਾਵਜੂਦ ਵੀ ਮਨੁੱਖ ਨੂੰ ਧਰਤੀ ਨਾਲ ਜੁੜਿਆ ਰਹਿਣਾ ਚਾਹੀਦਾ ਹੈ। ਉਨ੍ਹਾਂ ਕਿਹਾ ਕਿ ਦੁਨੀਆ ’ਚ ਕਈ ਲੋਕ ਸਾਦੇ ਪਿਛੋਕੜ ਤੋਂ ਉੱਠ ਕੇ ਸਖ਼ਤ ਮਿਹਨਤ ਨਾਲ ਉੱਚੀਆਂ ਮੰਜ਼ਿਲਾਂ ਤੱਕ ਪਹੁੰਚੇ ਹਨ ਤੇ ਵਿਦਿਆਰਥੀਆਂ ਨੂੰ ਵੀ ਅਜਿਹੀਆਂ ਉਦਾਹਰਣਾਂ ਤੋਂ ਪ੍ਰੇਰਨਾ ਲੈਣੀ ਚਾਹੀਦੀ ਹੈ। ਅੰਤ ’ਚ ਮੁੱਖ ਮੰਤਰੀ ਨੇ ਵਿਦਿਆਰਥੀਆਂ ਨੂੰ ਰੌਸ਼ਨ ਭਵਿੱਖ ਲਈ ਸ਼ੁਭਕਾਮਨਾਵਾਂ ਦਿੰਦਿਆਂ ਕਿਹਾ ਕਿ ਉਹ ਸਖ਼ਤ ਮਿਹਨਤ ਨਾਲ ਆਪਣੀ ਵੱਖਰੀ ਪਛਾਣ ਬਣਾਉਣ ਅਤੇ ਸਮਾਜ ਵਿੱਚ ਸਕਾਰਾਤਮਕ ਯੋਗਦਾਨ ਪਾਉਣ।