25 ਨੂੰ ਸਮੂਹਿਕ ਛੁੱਟੀ ਲੈ ਕੇ ਸੀਐੱਮ ਦਾ ਘਿਰਾਓ ਕੀਤਾ ਜਾਵੇਗਾ
25 ਫਰਵਰੀ ਨੂੰ ਸਮੂਹਿਕ ਛੁੱਟੀ ਲੈ ਕੇ ਮੁੱਖ ਮੰਤਰੀ ਦਾ ਘਿਰਾਓ ਕੀਤਾ ਜਾਵੇਗਾ
Publish Date: Sun, 22 Feb 2026 08:26 PM (IST)
Updated Date: Mon, 23 Feb 2026 04:14 AM (IST)
- ਵਫ਼ਦ ਨੇ ਕੈਬਨਿਟ ਮੰਤਰੀ ਭਗਤ ਨੂੰ ਮੰਗ ਪੱਤਰ ਦਿੱਤਾ
- ਦਿੱਤੀ ਹੜਤਾਲ ਤੇ ਗੁਪਤ ਐਕਸ਼ਨ ਦੀ ਚਿਤਾਵਨੀ
ਮਹਿੰਦਰ ਰਾਮ ਫੁੱਗਲਾਣਾ, ਪੰਜਾਬੀ ਜਾਗਰਣ
ਜਲੰਧਰ : 20 ਸਾਲਾਂ ਤੋਂ ਸਿੱਖਿਆ ਵਿਭਾਗ ’ਚ ਤਨਦੇਹੀ ਨਾਲ ਆਪਣੀਆ ਸੇਵਾਵਾਂ ਦੇ ਰਹੇ ਦਫਤਰੀ ਕਰਮਚਾਰੀਆਂ ਦੀਆਂ ਤਨਖਾਹਾਂ ਤੇ 31000 ਰੁਪਏ ਪ੍ਰਤੀ ਮਹੀਨਾ ਕੱਟ ਲਾਉਣ ਸਬੰਧੀ ਮੁਲਾਜ਼ਮਾਂ ਦੇ ਵਫ਼ਦ ਵੱਲੋਂ ਕੈਬਨਿਟ ਮੰਤਰੀ ਮੋਹਿੰਦਰ ਭਗਤ ਨੂੰ ਮੰਗ ਪੱਤਰ ਦਿੱਤਾ। ਆਗੂਆਂ ਨੇ ਕਿਹਾ ਕਿ ਕੈਬਨਿਟ ਮੀਟਿੰਗ ਦੌਰਾਨ ਤਨਖਾਹ ਕਟੌਤੀ ਦਾ ਪੱਤਰ ਰੱਦ ਕਰਕੇ ਮੁਲਾਜ਼ਮਾਂ ਨੂੰ 1 ਅਪ੍ਰੈਲ 2018 ਤੋਂ ਰੈਗੂਲਰ ਆਰਡਰ ਜਾਰੀ ਕਰ ਕੇ ਰੈਗੁਲਰ ਕੀਤਾ ਜਾਵੇ। ਆਗੂਆਂ ਨੇ ਮੰਤਰੀ ਨੂੰ ਮੰਗ ਪੱਤਰ ਦਿੱਤਾ। ਕੈਬਨਿਟ ਮੰਤਰੀ ਵੱਲੋਂ ਭਰੋਸਾ ਦਿੱਤਾ ਗਿਆ ਕਿ ਕੱਲ ਦੀ ਮੀਟਿੰਗ ’ਚ ਮੁੱਖ ਮੰਤਰੀ ਕੋਲ ਇਹ ਗੱਲ ਰੱਖਣਗੇ। ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ’ਚ 8 ਸਤੰਬਰ 2025 ਦੀ ਕੈਬਨਿਟ ਮੀਟਿੰਗ ਦੌਰਾਨ ਮੁੱਖ ਮੰਤਰੀ ਭਗਵੰਤ ਮਾਨ, ਕੈਬਨਿਟ ਮੀਟਿੰਗ ਤੋਂ ਬਾਅਦ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਤੇ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਕਈ ਵਾਰ ਅਧਿਕਾਰੀਆ ਨੂੰ ਤਨਖਾਹਾਂ ਨਾ ਘਟਾਉਣ ਤੇ ਠੋਸ ਫੈਸਲਾ ਲੈਣ ਦੀ ਹਦਾਇਤ ਕੀਤੀ ਪਰ ਸਿੱਖਿਆ ਵਿਭਾਗ ਦੇ ਅਧਿਕਾਰੀਆਂ ਵੱਲੋਂ ਸਰਕਾਰ ਦੇ ਹੁਕਮਾਂ ਨੂੰ ਅਣਗੌਲਿਆ ਕੀਤਾ ਜਾ ਰਿਹਾ ਹੈ। ਤਤਕਾਲੀ ਸਕੱਤਰ ਸਕੂਲ ਸਿੱਖਿਆ ਵੱਲੋਂ ਜਥੇਬੰਦੀ ਨਾਲ 10 ਅਕਤੂਬਰ 2025 ਨੂੰ ਮੀਟਿੰਗ ਕੀਤੀ ਗਈ ਜਿਸ ਦੌਰਾਨ ਉਨ੍ਹਾ ਨਾਲ ਹੋਈ ਵਿਚਾਰ ਚਰਚਾ ਅਨੁਸਾਰ ਕਰਮਚਾਰੀਆ ਨੂੰ 1 ਅਪ੍ਰੈਲ 2018 ਤੋਂ ਅਧਿਆਪਕਾਂ ਦੀ ਤਰ੍ਹਜ਼ ਤੇ ਰੈਗੂਲਰ ਕਰਨ ਤੇ ਤਨਖਾਹਾਂ ਨਾ ਘਟਾਉਣ ਸਬੰਧੀ ਗੱਲਬਾਤ ਹੋਈ ਸੀ ਜਿਸ ਦੌਰਾਨ ਉਨ੍ਹਾ ਨੂੰ ਬੇਨਤੀ ਪੱਤਰ ਵੀ ਦਿੱਤਾ ਗਿਆ ਸੀ। ਪ੍ਰੈੱਸ ਨੂੰ ਜਾਣਕਾਰੀ ਦਿੰਦੇ ਹੋਏ ਸਰਵ ਸਿੱਖਿਆ ਅਭਿਆਨ ਮਿਡ-ਡੇ ਮੀਲ ਦਫਤਰੀ ਕਰਮਚਾਰੀ ਯੂਨੀਅਨ ਦੇ ਆਗੂਆ ਸ਼ੋਭਿਤ ਭਗਤ, ਗਗਨਦੀਪ ਸ਼ਰਮਾ, ਰਾਜੀਵ ਸ਼ਰਮਾ ਗਗਨ ਸਿਆਲ, ਰਾਕੇਸ਼, ਸੋਹਨ ਲਾਲ, ਪੰਕਜ, ਵਿਕਾਸ ਨੇ ਕਿਹਾ ਕਿ ਸਿੱਖਿਆ ਵਿਭਾਗ ਨੇ ਜੇਕਰ ਤਨਖ਼ਾਹ ਕਟੌਤੀ ਦਾ ਫੈਸਲਾ ਵਾਪਿਸ ਨਾ ਲਿਆ ਅਤੇ ਜਬਰੀ ਹੁਕਮ ਥੋਪਣ ਦੀ ਕੋਸ਼ਿਸ਼ ਕੀਤੀ ਤਾਂ ਮੁਲਾਜ਼ਮ ਕਿਸੇ ਸਮੇਂ ਵੀ ਹੜਤਾਲ ’ਤੇ ਜਾ ਸਕਦੇ ਹਨ। ਉਨ੍ਹਾਂ ਐਲਾਨ ਕੀਤਾ ਕਿ ਸਰਕਾਰ ਦੇ ਇਸ ਫੈਸਲੇ ਵਿਰੁੱਧ ਦਫਤਰੀ ਕਰਮਚਾਰੀ 25 ਫਰਵਰੀ ਨੂੰ ਸਮੂਹਿਕ ਛੁੱਟੀ ਲੈ ਕੇ ਮੁੱਖ ਮੰਤਰੀ ਦੇ ਸ਼ਹਿਰ ਇਕੱਤਰ ਹੋ ਕੇ ਮੁੱਖ ਮੰਤਰੀ ਦੀ ਸੰਗਰੂਰ ਰਿਹਾਇਸ਼ ਵੱਲ ਮਾਰਚ ਕਰਨਗੇ। ਆਗੂਆ ਨੇ ਇਹ ਵੀ ਚੇਤਾਵਨੀ ਦਿੱਤੀ ਕਿ ਜੇਕਰ ਮੁਲਾਜ਼ਮਾਂ ਦੀਆ ਤਨਖਾਹਾਂ ਤੇ ਕੱਟ ਲਾਉਣ ਦੇ ਹੁਕਮਾਂ ਨੂੰ ਨਾ ਰੋਕਿਆ ਤਾਂ ਮੰਤਰੀਆ ਦੇ ਘਰਾਂ ਦੇ ਬਾਹਰ ਵੀ ਗੁਪਤ ਐਕਸ਼ਨ ਕੀਤੇ ਜਾਣਗੇ।