ਧਮਾਕਿਆਂ ਦਾ ਠੀਕਰਾ ਭਾਜਪਾ ਸਿਰ ਭੰਨਣਾ ਨਿੰਦਣਯੋਗ : ਰਾਣਾ
ਮੁੱਖ ਮੰਤਰੀ ਵੱਲੋਂ ਧਮਾਕਿਆਂ ਦਾ ਠੀਕਰਾ ਭਾਜਪਾ ਸਿਰ ਭੰਨਣਾ ਬੌਖਲਾਹਟ ਦਾ ਨਤੀਜਾ : ਰਾਣਾ
Publish Date: Thu, 07 May 2026 09:44 PM (IST)
Updated Date: Thu, 07 May 2026 09:47 PM (IST)

ਪ੍ਰਿਤਪਾਲ ਸਿੰਘ, ਪੰਜਾਬੀ ਜਾਗਰਣ, ਸ਼ਾਹਕੋਟ: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਜਲੰਧਰ ਅਤੇ ਅੰਮ੍ਰਿਤਸਰ ਵਿਚ ਹੋਏ ਤਾਜ਼ਾ ਧਮਾਕਿਆਂ ਪਿੱਛੇ ਭਾਰਤੀ ਜਨਤਾ ਪਾਰਟੀ (ਭਾਜਪਾ) ਦਾ ਹੱਥ ਹੋਣ ਦੇ ਦਿੱਤੇ ਬਿਆਨ ਦੀ ਭਾਜਪਾ ਹਲਕਾ ਸ਼ਾਹਕੋਟ ਦੇ ਕੈਂਪ ਇੰਚਾਰਜ ਰਾਣਾ ਹਰਦੀਪ ਸਿੰਘ ਨੇ ਸਖ਼ਤ ਸ਼ਬਦਾਂ ਵਿਚ ਨਿੰਦਾ ਕੀਤੀ ਹੈ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਦਾ ਇਹ ਬਿਆਨ ਨਾ ਸਿਰਫ਼ ਗ਼ੈਰ-ਜ਼ਿੰਮੇਵਾਰਾਨਾ ਹੈ, ਸਗੋਂ ਉਨ੍ਹਾਂ ਦੀ ਆਪਣੀ ਸਰਕਾਰ ਦੀਆਂ ਨਾਕਾਮੀਆਂ ਨੂੰ ਛੁਪਾਉਣ ਦੀ ਇਕ ਕੋਝੀ ਸਾਜ਼ਿਸ਼ ਹੈ। ਰਾਣਾ ਨੇ ਕਿਹਾ ਕਿ ਪੰਜਾਬ ਵਿਚ ਆਮ ਆਦਮੀ ਪਾਰਟੀ ਦੀ ਸਰਕਾਰ ਬਣਨ ਤੋਂ ਬਾਅਦ ਸੂਬੇ ਦੀ ਅਮਨ-ਕਾਨੂੰਨ ਦੀ ਸਥਿਤੀ ਪੂਰੀ ਤਰ੍ਹਾਂ ਤਹਿਸ-ਨਹਿਸ ਹੋ ਚੁੱਕੀ ਹੈ। ਨਿੱਤ ਦਿਨ ਹੋ ਰਹੀਆਂ ਵਾਰਦਾਤਾਂ ਅਤੇ ਧਮਾਕਿਆਂ ਨੇ ਪੰਜਾਬੀਆਂ ਦੇ ਮਨਾਂ ਵਿਚ ਡਰ ਦਾ ਮਾਹੌਲ ਪੈਦਾ ਕਰ ਦਿੱਤਾ ਹੈ, ਜਿਸ ਕਾਰਨ ਸੂਬੇ ਦਾ ਮਾਹੌਲ ਖ਼ਰਾਬ ਹੋ ਰਿਹਾ ਹੈ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਅਤੇ ਪੁਲਿਸ ਪ੍ਰਸ਼ਾਸਨ ਅਸਲ ਦੋਸ਼ੀਆਂ ਨੂੰ ਫੜਨ ਅਤੇ ਅਮਨ-ਸ਼ਾਂਤੀ ਕਾਇਮ ਕਰਨ ਵਿਚ ਪੂਰੀ ਤਰ੍ਹਾਂ ਫੇਲ੍ਹ ਸਾਬਤ ਹੋਏ ਹਨ। ਹੁਣ ਆਪਣੀ ਇਸ ਵੱਡੀ ਨਾਕਾਮੀ ਤੋਂ ਲੋਕਾਂ ਦਾ ਧਿਆਨ ਭਟਕਾਉਣ ਲਈ ਮੁੱਖ ਮੰਤਰੀ ਬਿਨਾਂ ਕਿਸੇ ਸਬੂਤ ਦੇ ਕੌਮੀ ਪਾਰਟੀ ‘ਤੇ ਝੂਠੇ ਦੋਸ਼ ਮੜ੍ਹ ਰਹੇ ਹਨ, ਜੋ ਕਿ ਬੇਹੱਦ ਸ਼ਰਮਨਾਕ ਹੈ। ਉਨ੍ਹਾਂ ਪੰਜਾਬ ਭਾਜਪਾ ਵੱਲੋਂ ਮੁੱਖ ਮੰਤਰੀ ਭਗਵੰਤ ਮਾਨ ਨੂੰ ਭੇਜੇ ਗਏ ਮਾਣਹਾਨੀ ਦੇ ਨੋਟਿਸ ਦਾ ਪੂਰਨ ਸਮਰਥਨ ਕਰਦਿਆਂ ਕਿਹਾ ਕਿ ਜੇਕਰ ਮੁੱਖ ਮੰਤਰੀ ਕੋਲ ਕੋਈ ਸਬੂਤ ਹੈ ਤਾਂ ਉਹ ਜਨਤਾ ਸਾਹਮਣੇ ਰੱਖਣ, ਨਹੀਂ ਤਾਂ ਤੁਰੰਤ ਪੰਜਾਬ ਦੇ ਲੋਕਾਂ ਅਤੇ ਭਾਜਪਾ ਤੋਂ ਜਨਤਕ ਤੌਰ ਤੇ ਮੁਆਫ਼ੀ ਮੰਗਣ। ਉਨ੍ਹਾਂ ਚੇਤਾਵਨੀ ਦਿੱਤੀ ਕਿ ਮੁੱਖ ਮੰਤਰੀ ਦੇ ਅਹੁਦੇ ‘ਤੇ ਬੈਠੇ ਵਿਅਕਤੀ ਨੂੰ ਅਜਿਹੀ ਹਲਕੀ ਬਿਆਨਬਾਜ਼ੀ ਸ਼ੋਭਾ ਨਹੀਂ ਦਿੰਦੀ। ਉਨ੍ਹਾਂ ਸਪੱਸ਼ਟ ਕੀਤਾ ਕਿ ਭਾਜਪਾ ਪੰਜਾਬ ਦੀ ਸ਼ਾਂਤੀ ਅਤੇ ਭਾਈਚਾਰਕ ਸਾਂਝ ਲਈ ਹਮੇਸ਼ਾ ਵਚਨਬੱਧ ਰਹੀ ਹੈ।