ਸੂਬਾ ਸਰਕਾਰ ਦਾ ਦੋਗਲਾ ਚਿਹਰਾ ਹੋਇਆ ਨੰਗਾ : ਸੁਖਜੀਤ ਸਿੰਘ
ਜਲੰਧਰ ’ਚ ਮੁੱਖ ਮੰਤਰੀ ਦਾ ਜਨ ਸੰਵਾਦ ਪ੍ਰੋਗਰਾਮ ਤੇ ਦੂਜੇ ਪਾਸੇ ਮੁਲਾਜ਼ਮ ਆਗੂਆਂ ਘਰ ’ਚ ਨਜ਼ਰਬੰਦ
Publish Date: Thu, 12 Feb 2026 09:10 PM (IST)
Updated Date: Thu, 12 Feb 2026 09:11 PM (IST)

-ਪੁਰਾਣੀ ਪੈਨਸ਼ਨ ਸਕੀਮ ਦੀ ਬਹਾਲੀ ਤੱਕ ਜਾਰੀ ਰਹੇਗਾ ਸੰਘਰਸ਼ ਪੱਤਰ ਪ੍ਰੇਰਕ, ਪੰਜਾਬੀ ਜਾਗਰਣ, ਜਲੰਧਰ : ਜਲੰਧਰ ਵਿਖੇ ਮੁੱਖ ਮੰਤਰੀ ਪੰਜਾਬ ਭਗਵੰਤ ਮਾਨ ਵੱਲੋਂ ਜਨ ਸੰਵਾਦ ਪ੍ਰੋਗਰਾਮ ਰੱਖਿਆ ਗਿਆ ਜਿਸ ’ਚ ਵੱਖ-ਵੱਖ ਵਰਗਾਂ ਨਾਲ ਮੀਟਿੰਗਾਂ ਕੀਤੀਆਂ ਗਈਆਂ ਤੇ ਦੂਜੇ ਪਾਸੇ ਮੁਲਾਜ਼ਮ ਆਗੂ ਜੋ ਪਿਛਲੇ ਲੰਬੇ ਸਮੇਂ ਤੋਂ ਆਪਣੀ ਹੱਕੀ ਮੰਗਾਂ ਲਈ ਸੰਘਰਸ਼ ਕਰਦੇ ਆ ਰਹੇ ਹਨ ਉਨ੍ਹਾਂ ਨੂੰ ਘਰਾਂ/ਦਫਤਰਾਂ ’ਚ ਨਜ਼ਰਬੰਦ ਕਰ ਦਿੱਤਾ ਗਿਆ। ਸੀਪੀਐੱਫ ਕਰਮਚਾਰੀ ਯੂਨੀਅਨ ਦੇ ਪੰਜਾਬ ਪ੍ਰਧਾਨ ਸੁਖਜੀਤ ਸਿੰਘ ਨੇ ਦੱਸਿਆ ਕਿ ਕੱਲ੍ਹ ਰਾਤ ਤੋਂ ਹੀ ਸਰਕਾਰ ਦੇ ਇਸ਼ਾਰੇ ’ਤੇ ਪੁਲਿਸ ਪ੍ਰਸ਼ਾਸਨ ਵੱਲੋਂ ਘਰ ’ਚ ਨਜ਼ਰਬੰਦ ਕੀਤਾ ਹੋਇਆ ਹੈ। ਉਨ੍ਹਾਂ ਕਿਹਾ ਕਿ ਇਕ ਪਾਸੇ ਤਾਂ ਮੁੱਖ ਮੰਤਰੀ ਪੰਜਾਬ ਜਨ ਸੰਵਾਦ ਵਰਗੇ ਪ੍ਰੋਗਰਾਮ ਕਰ ਰਹੇ ਹਨ ਤੇ ਦੂਜੇ ਪਾਸੇ ਸਰਕਾਰ ਵੱਲੋਂ ਕੀਤੇ ਵਾਅਦੇ ਨੂੰ ਯਾਦ ਕਰਵਾਉਣ ਤੇ ਆਪਣੀ ਹੱਕੀ ਮੰਗਾਂ ਲਈ ਸੰਘਰਸ਼ ਕਰ ਰਹੇ ਮੁਲਾਜ਼ਮ ਆਗੂਆਂ ਨੂੰ ਉਨ੍ਹਾਂ ਦੇ ਘਰਾਂ ’ਚ ਨਜ਼ਰਬੰਦ ਕੀਤਾ ਜਾ ਰਿਹਾ ਹੈ, ਜੋ ਸਰਕਾਰ ਦੇ ਦੋਗਲੇ ਰਵੱਈਏ ਨੂੰ ਦਰਸਾਉਂਦਾ ਹੈ। ਉਨ੍ਹਾਂ ਦੱਸਿਆ ਕਿ ਸੀਪੀਐੱਫ ਕਰਮਚਾਰੀ ਯੂਨੀਅਨ ਕਪੂਰਥਲਾ ਦੇ ਪ੍ਰਧਾਨ ਸੰਗਤ ਰਾਮ ਨੂੰ ਵੀ ਕਪੂਰਥਲਾ ਜ਼ਿਲ੍ਹੇ ’ਚ ਨਜ਼ਰਬੰਦ ਕੀਤਾ ਗਿਆ। ਜੋ ਇਹ ਦਰਸਾਉਂਦਾ ਹੈ ਕਿ ਆਮ ਆਦਮੀ ਪਾਰਟੀ ਦੀ ਸਰਕਾਰ ਸਿਰਫ ਆਪਣਾ ਬਣਾਉਟੀ ਚਿਹਰਾ ਲੋਕਾਂ ਸਾਹਮਣੇ ਦਿਖਾ ਰਹੀ ਹੈ ਤੇ ਅਸਲੀਅਤ ਤੋਂ ਭੱਜ ਰਹੀ ਹੈ।