ਬਾਲ ਭਿੱਖਿਆ ਰੋਕੂ ਟਾਸਕ ਫੋਰਸ ਨੇ ਭੀਖ ਮੰਗਦੀ ਬੱਚੀ ਛੁਡਾਈ
ਬਾਲ ਭਿੱਖਿਆ ਰੋਕੂ ਟਾਸਕ ਫੋਰਸ ਵੱਲੋਂ ਛਾਪੇਮਾਰੀ, ਭੀਖ ਮੰਗਦੀ ਬੱਚੀ ਛੁਡਾਈ
Publish Date: Fri, 02 Jan 2026 08:42 PM (IST)
Updated Date: Fri, 02 Jan 2026 08:44 PM (IST)

ਭਿੱਖਿਆ ਰੋਕਣ ਲਈ ਭਵਿੱਖ ’ਚ ਵੀ ਜਾਰੀ ਰਹੇਗੀ ਛਾਪੇਮਾਰੀ : ਮਨਜਿੰਦਰ ਸਿੰਘ ਪੱਤਰ ਪ੍ਰੇਰਕ, ਪੰਜਾਬੀ ਜਾਗਰਣ, ਜਲੰਧਰ : ਬਾਲ ਭਿੱਖਿਆ ਨੂੰ ਰੋਕਣ ਤੇ ਭੀਖ ਮੰਗਦੇ ਬੱਚਿਆਂ ਨੂੰ ਛੁਡਾਉਣ ਲਈ ਬਾਲ ਭਿੱਖਿਆ ਰੋਕੂ ਟਾਸਕ ਫੋਰਸ ਵਲੋਂ ਬੀਐੱਮਸੀ ਚੌਕ, ਗੁਰੂ ਨਾਨਕ ਮਿਸ਼ਨ ਚੌਕ ਤੇ ਮਾਡਲ ਟਾਊਨ ਵਿਚ ਛਾਪੇਮਾਰੀ ਕੀਤੀ ਗਈ ਅਤੇ ਇਸ ਦੌਰਾਨ ਭੀਖ ਮੰਗਦੀ ਇਕ ਬੱਚੀ ਨੂੰ ਛੁਡਵਾਇਆ ਗਿਆ। ਜਾਣਕਾਰੀ ਦਿੰਦਿਆਂ ਜ਼ਿਲ੍ਹਾ ਪ੍ਰੋਗਰਾਮ ਅਫ਼ਸਰ ਮਨਜਿੰਦਰ ਸਿੰਘ ਨੇ ਦੱਸਿਆ ਕਿ ਡਾਇਰੈਕਟਰ ਸਮਾਜਿਕ ਸੁਰੱਖਿਆ ਤੇ ਡਿਪਟੀ ਕਮਿਸ਼ਨਰ ਡਾ.ਹਿਮਾਂਸ਼ੂ ਅਗਰਵਾਲ ਦੀਆਂ ਹਦਾਇਤਾਂ ’ਤੇ ਸ਼ਹਿਰ ਵਿਚੋਂ ਬਾਲ ਭਿੱਖਿਆ ਨੂੰ ਰੋਕਣ ਲਈ ਟਾਸਕ ਫੋਰਸ ਵਲੋਂ ਛਾਪੇਮਾਰੀ ਕੀਤੀ ਜਾ ਰਹੀ ਹੈ ਤੇ ਭੀਖ ਮੰਗਦੇ ਬੱਚਿਆਂ ਨੂੰ ਰੈਸਕਿਊ ਕਰਕੇ ਬਾਲ ਭਲਾਈ ਕਮੇਟੀਆਂ ਨੂੰ ਸੌਂਪਿਆ ਜਾ ਰਿਹਾ ਹੈ। ਉਨ੍ਹਾਂ ਦੱਸਿਆ ਕਿ ਇਸ ਤੋਂ ਪਹਿਲਾਂ ਵੀ ਬਾਲ ਭਿੱਖਿਆ ਰੋਕੂ ਟਾਸਕ ਫੋਰਸ ਦੀਆਂ ਵੱਖ-ਵੱਖ ਟੀਮਾਂ ਵੱਲੋਂ ਸ਼ਹਿਰ ਦੇ ਕਈ ਖੇਤਰਾਂ ਵਿੱਚ ਛਾਪੇਮਾਰੀ ਕਰਕੇ ਬੱਚਿਆਂ ਨੂੰ ਬੈਗਰੀ ਐਕਟ ਤਹਿਤ ਰੈਸਕਿਊ ਕੀਤਾ ਗਿਆ ਸੀ। ਉਨ੍ਹਾਂ ਦੱਸਿਆ ਕਿ ਇਸ ਮੌਕੇ ਵੱਖ-ਵੱਖ ਟੀਮਾਂ ਵਲੋਂ ਆਮ ਲੋਕਾਂ ਨਾਲ ਗੱਲਬਾਤ ਕਰਦੇ ਹੋਏ ਉਨ੍ਹਾਂ ਨੂੰ ਬੱਚਿਆਂ ਦੇ ਅਧਿਕਾਰਾਂ, ਸਿੱਖਿਆ ਦੀ ਮਹੱਤਤਾ ਤੇ ਬੱਚਿਆਂ ਨਾਲ ਹੋ ਰਹੇ ਅਪਰਾਧਾਂ ਬਾਰੇ, ਬਾਲ ਮਜ਼ਦੂਰੀ, ਬਾਲ ਭਿਖਿਆ, ਬੱਚਿਆਂ ਨਾਲ ਛੇੜਛਾੜ ਅਤੇ ਜਿਨਸੀ ਸ਼ੋਸ਼ਣ ਵਰਗੀਆਂ ਬੁਰਾਈਆਂ ਬਾਰੇ ਵੀ ਜਾਗਰੂਕ ਕੀਤਾ ਗਿਆ। ਉਨ੍ਹਾਂ ਲੋਕਾਂ ਨੂੰ ਅਪੀਲ ਕੀਤੀ ਕਿ ਜੇ ਕਿਸੇ ਨੂੰ ਬਾਲ ਭਿੱਖਿਆ, ਕਿਸੇ ਵੀ ਮੁਸੀਬਤ ਵਿੱਚ ਫਸੇ ਬੱਚੇ ਬਾਰੇ ਜਾਣਕਾਰੀ ਮਿਲੇ ਤਾਂ ਤੁਰੰਤ ਚਾਈਲਡ ਹੈਲਪਲਾਈਨ ਨੰਬਰ 1098 ’ਤੇ ਜਾਂ ਦਫਤਰ ਜ਼ਿਲ੍ਹਾ ਪੋਗਰਾਮ ਅਫਸਰ, ਗਾਂਧੀ ਵਨੀਤਾ ਆਸ਼ਰਮ ਵਿਖੇ ਜਾਣਕਾਰੀ ਦਿੱਤੀ ਜਾ ਸਕਦੀ ਹੈ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਦੀਆਂ ਹਦਾਇਤਾਂ ਦੀ ਪਾਲਣ ਹਿੱਤ ਵੱਖ-ਵੱਖ ਟੀਮਾਂ ਵਲੋਂ ਛਾਪੇਮਾਰੀ ਜਾਰੀ ਰਹੇਗੀ।