ਸਿਹਤ ਪ੍ਰੋਗਰਾਮਾਂ ਨੂੰ ਹੋਰ ਪ੍ਰਭਾਵਸ਼ਾਲੀ ਬਣਾਉਣ ਦੀਆਂ ਹਦਾਇਤਾਂ
ਸਿਵਲ ਸਰਜਨ ਡਾ. ਰਾਜੇਸ਼ ਗਰਗ ਵੱਲੋਂ ਸਮੂਹ ਐੱਸਐੱਮਓਜ਼
Publish Date: Wed, 18 Feb 2026 08:35 PM (IST)
Updated Date: Wed, 18 Feb 2026 08:39 PM (IST)

-- ਕੌਮੀ ਸਿਹਤ ਪ੍ਰੋਗਰਾਮਾਂ ਤੇ ਆਮ ਆਦਮੀ ਕਲੀਨਿਕਾਂ ਦੀ ਕਾਰਗੁਜ਼ਾਰੀ ਲਈ ਜ਼ਿਲ੍ਹਾ ਪੱਧਰੀ ਮੀਟਿੰਗ ਹੋਈ ਪੱਤਰ ਪ੍ਰੇਰਕ, ਪੰਜਾਬੀ ਜਾਗਰਣ, ਜਲੰਧਰ : ਸਿਵਲ ਸਰਜਨ ਡਾ. ਰਾਜੇਸ਼ ਗਰਗ ਨੇ ਜ਼ਿਲ੍ਹਾ ਜਲੰਧਰ ਦੇ ਸਾਰੇ ਬਲਾਕਾਂ ਦੇ ਐੱਸਐੱਮਓਜ਼ ਨਾਲ ਅੱਜ ਮੀਟਿੰਗ ਕਰਦਿਆਂ ਕੌਮੀ ਸਿਹਤ ਪ੍ਰੋਗਰਾਮਾਂ ਨੂੰ ਪ੍ਰਭਾਵਸ਼ਾਲੀ ਢੰਗ ਨਾਲ ਲਾਗੂ ਕਰਨ ਤੇ ਆਮ ਆਦਮੀ ਕਲੀਨਿਕਾਂ ਦੀ ਸੁਚਾਰੂ ਕਾਰਗੁਜ਼ਾਰੀ ਸਬੰਧੀ ਵਿਸਥਾਰ ਨਾਲ ਸਮੀਖਿਆ ਕੀਤੀ, ਜਿਸ ’ਚ ਖਾਸ ਤੌਰ ’ਤੇ ਪ੍ਰਾਇਮਰੀ ਤੇ ਸੈਕੰਡਰੀ ਸਿਹਤ ਸੇਵਾਵਾਂ ਨੂੰ ਮਜ਼ਬੂਤ ਕਰਨ, ਡਿਜੀਟਲ ਸੁਧਾਰਾਂ, ਬੁਨਿਆਦੀ ਢਾਚੇ ਦੇ ਵਿਸਥਾਰ ਤੇ ਮਰੀਜ਼ ਦੇਖਭਾਲ ਤੇ ਜ਼ੋਰ ਦਿੰਦਿਆਂ ਜ਼ਰੂਰੀ ਹਿਦਾਇਤਾਂ ਦਿੱਤੀਆਂ ਗਈਆਂ। ਮੀਟਿੰਗ ਦੌਰਾਨ ਸਿਵਲ ਸਰਜਨ ਡਾ. ਰਾਜੇਸ਼ ਗਰਗ ਨੇ ਕਿਹਾ ਕਿ ਪੰਜਾਬ ਸਰਕਾਰ ਦੀਆਂ ਲੋਕ-ਹਿਤੈਸ਼ੀ ਸਿਹਤ ਯੋਜਨਾਵਾਂ ਦਾ ਲਾਭ ਹਰ ਨਾਗਰਿਕ ਤੱਕ ਪਹੁੰਚਣਾ ਯਕੀਨੀ ਬਣਾਇਆ ਜਾਵੇ ਤੇ ਸਾਰੇ ਸਿਹਤ ਸੰਸਥਾਨਾਂ ’ਚ ਮਰੀਜ਼ਾਂ ਨੂੰ ਸਮੇਂ ਸਿਰ, ਪਾਰਦਰਸ਼ੀ ਤੇ ਗੁਣਵੱਤਾਪੂਰਨ ਸੇਵਾਵਾਂ ਪ੍ਰਦਾਨ ਕੀਤੀਆਂ ਜਾਣ। ਖ਼ਾਸ ਕਰਕੇ ਹਾਈ ਰਿਸਕ ਪ੍ਰੈਗਨੈਂਟ ਔਰਤਾਂ ਦੀ ਪਹਿਲ ਦੇ ਆਧਾਰ ’ਤੇ ਪਛਾਣ ਕਰਕੇ ਉਨ੍ਹਾਂ ਦਾ ਤੁਰੰਤ ਇਲਾਜ ਕੀਤਾਂ ਜਾਵੇ ਤੇ ਐੱਨਸੀਡੀ ਦੇ ਕੰਮ ’ਚ ਹੋਰ ਤੇਜੀ ਲਿਆਂਦੀ ਜਾਵੇ। ਸਿਵਲ ਸਰਜਨ ਨੇ ਕਿਹਾ ਕਿ ਆਮ ਆਦਮੀ ਕਲੀਨਿਕਾਂ ’ਚ ਮੁਫ਼ਤ ਦਵਾਈਆਂ, ਲੈਬ ਟੈਸਟ ਤੇ ਤੁਰੰਤ ਇਲਾਜ ਦੀ ਸਹੂਲਤ ਨੂੰ ਬਿਨਾ ਰੁਕਾਵਟ ਜਾਰੀ ਰੱਖਿਆ ਜਾਵੇ। ਖ਼ਾਸ ਕਰਕੇ ਨਵਜੰਮੇ ਤੇ ਬਾਲ ਰੋਗ ਸੇਵਾਵਾਂ, ਟੀਕਾਕਰਨ ਤੇ ਕੈਂਸਰ ਸਕ੍ਰੀਨਿੰਗ ਵਰਗੀਆਂ ਸਹੂਲਤਾਂ ਵੀ ਸ਼ਾਮਲ ਕੀਤੀਆਂ ਜਾਣ। ਇਸ ਤੋਂ ਇਲਾਵਾ ਉਨ੍ਹਾਂ ਨੇ ਟੈਲੀ-ਮਾਨਸ ਸੇਵਾ ਨੂੰ ਵੀ ਸਰਗਰਮ ਢੰਗ ਨਾਲ ਚਲਾਉਣ ਦੀ ਹਦਾਇਤ ਦਿੱਤੀ ਤਾਂ ਜੋ ਮਾਨਸਿਕ ਸਿਹਤ ਸਬੰਧੀ ਸਮੱਸਿਆਵਾਂ ਵਾਲੇ ਮਰੀਜ਼ਾਂ ਨੂੰ ਮਾਹਿਰਾਂ ਨਾਲ ਟੋਲ ਫਰੀ ਫੋਨ ਨੰਬਰ 1800-89-14416 ਰਾਹੀਂ ਸਲਾਹ-ਮਸ਼ਵਰਾ ਆਸਾਨੀ ਨਾਲ ਮਿਲ ਸਕੇ ਤੇ ਇਸ ਸੇਵਾ ਬਾਰੇ ਲੋਕਾਂ ’ਚ ਜਾਗਰੂਕਤਾ ਵਧਾਈ ਜਾਵੇ। ਡਾ. ਰਾਜੇਸ਼ ਗਰਗ ਨੇ ਹਦਾਇਤ ਕੀਤੀ ਕਿ ਸਾਰੇ ਐੱਸਐੱਮਓਜ਼ ਆਪਣੇ ਅਧੀਨ ਆਉਂਦੇ ਸਿਹਤ ਕੇਂਦਰਾਂ ਦੀ ਨਿਯਮਿਤ ਮਾਨੀਟਰਿੰਗ ਕਰਨ, ਡਾਕਟਰਾਂ ਤੇ ਸਟਾਫ ਦੀ ਹਾਜ਼ਰੀ ਯਕੀਨੀ ਬਣਾਉਣ, ਦਵਾਈਆਂ ਦਾ ਪ੍ਰਚੂਰ ਸਟਾਕ ਕਾਇਮ ਰੱਖਣ ਤੇ ਬਾਇਓ-ਮੈਡੀਕਲ ਵੇਸਟ ਮੈਨੇਜਮੈਂਟ ਨਿਯਮਾਂ ਦੀ ਪੂਰੀ ਪਾਲਣਾ ਕਰਵਾਉਣ। ਉਨ੍ਹਾਂ ਨੇ ਕਿਹਾ ਕਿ ਮਰੀਜ਼ਾਂ ਨਾਲ ਨਰਮੀ ਭਰਿਆ ਵਿਵਹਾਰ ਕੀਤਾ ਜਾਵੇ, ਸ਼ਿਕਾਇਤ ਨਿਵਾਰਣ ਪ੍ਰਣਾਲੀ ਪ੍ਰਭਾਵੀ ਹੋਵੇ ਤੇ ਸਾਰੇ ਰਿਕਾਰਡ ਤੇ ਆਨਲਾਈਨ ਡਾਟਾ ਸਮੇਂ-ਸਮੇਂ ’ਤੇ ਅਪਡੇਟ ਕੀਤਾ ਜਾਵੇ। ਇਸ ਤੋਂ ਇਲਾਵਾ ਪਿੰਡ ਤੇ ਸ਼ਹਿਰੀ ਖੇਤਰਾਂ ’ਚ ਜਾਗਰੂਕਤਾ ਕੈਂਪ ਲਗਾ ਕੇ ਲੋਕਾਂ ਨੂੰ ਸਰਕਾਰੀ ਸਿਹਤ ਸਹੂਲਤਾਂ ਬਾਰੇ ਜਾਣਕਾਰੀ ਦਿੱਤੀ ਜਾਵੇ ਤੇ ਉੱਚ ਅਧਿਕਾਰੀਆਂ ਨੂੰ ਨਿਯਮਿਤ ਪ੍ਰਗਤੀ ਰਿਪੋਰਟ ਭੇਜੀ ਜਾਵੇ। ਮੀਟਿੰਗ ਦੇ ਅੰਤ ’ਚ ਸਿਵਲ ਸਰਜਨ ਨੇ ਕਿਹਾ ਕਿ ਸਰਕਾਰੀ ਸਿਹਤ ਸੰਸਥਾਵਾਂ ’ਚ ਲੋਕਾਂ ਦਾ ਭਰੋਸਾ ਕਾਇਮ ਰੱਖਣਾ ਸਾਡੀ ਸਾਂਝੀ ਜ਼ਿੰਮੇਵਾਰੀ ਹੈ ਤੇ ਸਾਰੇ ਅਧਿਕਾਰੀ ਆਪਣੀ ਡਿਊਟੀ ਇਮਾਨਦਾਰੀ, ਪਾਰਦਰਸ਼ਤਾ ਤੇ ਸਮਰਪਣ ਨਾਲ ਨਿਭਾਉਂਦੇ ਹੋਏ ਸਿਹਤ ਸੇਵਾਵਾਂ ਦੀ ਗੁਣਵੱਤਾ ’ਚ ਲਗਾਤਾਰ ਸੁਧਾਰ ਲਿਆਉਣ। ਇਸ ਮੌਕੇ ਜ਼ਿਲ੍ਹਾ ਪਰਿਵਾਰ ਭਲਾਈ ਅਫ਼ਸਰ ਡਾ. ਰਮਨ ਗੁਪਤਾ, ਜ਼ਿਲ੍ਹਾ ਟੀਕਾਕਰਨ ਅਫ਼ਸਰ ਡਾ. ਰਾਕੇਸ਼ ਚੋਪੜਾ, ਡਿਪਟੀ ਮੈਡੀਕਲ ਕਮਿਸ਼ਨਰ ਡਾ. ਜਸਵਿੰਦਰ ਸਿੰਘ, ਸਹਾਇਕ ਸਿਹਤ ਅਫ਼ਸਰ ਡਾ. ਮੀਰਾ, ਡਿਪਟੀ ਸਮੂਹ ਸਿੱਖਿਆ ਤੇ ਸੂਚਨਾ ਅਫ਼ਸਰ ਤਰਸੇਮ ਲਾਲ, ਡਿਪਟੀ ਸਮੂਹ ਸਿੱਖਿਆ ਤੇ ਸੂਚਨਾ ਅਫ਼ਸਰ ਅਸੀਮ ਸ਼ਰਮਾ ਤੇ ਜ਼ਿਲ੍ਹਾ ਜਲੰਧਰ ਦੇ ਸਮੂਹ ਸੀਨੀਅਰ ਮੈਡੀਕਲ ਅਫ਼ਸਰ ਮੌਜੂਦ ਸਨ।