ਵੋਟਰ ਸੂਚੀ ਸਬੰਧੀ 11 ਤੱਕ ਦਿੱਤੇ ਜਾ ਸਕਦੇ ਹਨ ਦਾਅਵੇ ਤੇ ਇਤਰਾਜ਼ ਜਲੰਧਰ ’ਚ ਵੋਟਰ ਸੂਚੀ ਦੀ ਮੁੱਢਲੀ ਪ੍ਰਕਾਸ਼ਨਾ ਹੋਈ
Publish Date: Thu, 12 Nov 2026 07:20 PM (IST)
Updated Date: Thu, 12 Nov 2026 07:21 PM (IST)
ਜਲੰਧਰ ’ਚ ਵੋਟਰ ਸੂਚੀ ਦੀ ਮੁੱਢਲੀ ਪ੍ਰਕਾਸ਼ਨਾ ਹੋਈ, ਵੋਟਰ ਸੂਚੀ ਦੀ ਅੰਤਿਮ ਪ੍ਰਕਾਸ਼ਨਾ 4 ਜਨਵਰੀ ਨੂੰ ਪੱਤਰ ਪ੍ਰੇਰਕ, ਪੰਜਾਬੀ ਜਾਗਰਣ, ਜਲੰਧਰ ਭਾਰਤ ਚੋਣ ਕਮਿਸ਼ਨ ਦੀਆਂ ਹਦਾਇਤਾਂ ਅਨੁਸਾਰ ਵਿਸ਼ੇਸ਼ ਸਰਸਰੀ ਸੁਧਾਈ (ਐੱਸਐੱਸਆਰ)-2027 ਤਹਿਤ ਯੋਗਤਾ ਮਿਤੀ ਪਹਿਲੀ ਜਨਵਰੀ 2027 ਦੇ ਆਧਾਰ ’ਤੇ ਜਲੰਧਰ ਜ਼ਿਲ੍ਹੇ ਦੀ ਫੋਟੋ ਵੋਟਰ ਸੂਚੀ ਦੀ ਮੁੱਢਲੀ ਪ੍ਰਕਾਸ਼ਨਾ ਅੱਜ ਕਰ ਦਿੱਤੀ ਗਈ ਹੈ। ਇਸ ਮੌਕੇ ਵੱਖ-ਵੱਖ ਮਾਨਤਾ ਪ੍ਰਾਪਤ ਰਾਜਨੀਤਿਕ ਪਾਰਟੀਆਂ ਦੇ ਨੁਮਾਇੰਦੇ ਵੀ ਮੌਜੂਦ ਸਨ। ਵਧੀਕ ਡਿਪਟੀ ਕਮਿਸ਼ਨਰ (ਜਨਰਲ)-ਕਮ-ਵਧੀਕ ਜ਼ਿਲ੍ਹਾ ਚੋਣ ਅਫ਼ਸਰ ਅਮਨਿੰਦਰ ਕੌਰ ਵੱਲੋਂ ਵੱਖ-ਵੱਖ ਰਾਜਨੀਤਿਕ ਪਾਰਟੀਆਂ ਦੇ ਨੁਮਾਇੰਦਿਆਂ ਨੂੰ ਵੋਟਰ ਸੂਚੀ ਦੀਆਂ ਕਾਪੀਆਂ ਤੇ ਬਿਨਾਂ ਫੋਟੋ ਵੋਟਰ ਸੂਚੀ ਦੀ ਸੀਡੀ ਸੌਂਪੀ ਗਈ। ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ ਵੱਲੋਂ ਸਿਆਸੀ ਪਾਰਟੀਆਂ ਦੇ ਨੁਮਾਇੰਦਿਆਂ ਨਾਲ ਵੋਟਰ ਸੂਚੀਆਂ ਦੀ ਵਿਸ਼ੇਸ਼ ਸਰਸਰੀ ਸੁਧਾਈ ਦੇ ਸ਼ਡਿਊਲ ਬਾਰੇ ਲੋੜੀਂਦੀ ਜਾਣਕਾਰੀ ਸਾਂਝੀ ਕੀਤੀ ਗਈ। ਉਨ੍ਹਾਂ ਦੱਸਿਆ ਕਿ ਅੱਜ ਵੋਟਰ ਸੂਚੀ ਦੀ ਮੁੱਢਲੀ ਪ੍ਰਕਾਸ਼ਨਾ ਉਪਰੰਤ 11 ਦਸੰਬਰ 2026 ਤੱਕ ਵੋਟਰ ਸੂਚੀ ਸਬੰਧੀ ਦਾਅਵੇ ਅਤੇ ਇਤਰਾਜ਼ ਪ੍ਰਾਪਤ ਕੀਤੇ ਜਾਣਗੇ, ਜਿਨ੍ਹਾਂ ਦਾ ਨਿਪਟਾਰਾ 28 ਦਸੰਬਰ ਤੱਕ ਕੀਤਾ ਜਾਵੇਗਾ ਤੇ ਵੋਟਰ ਸੂਚੀ ਦੀ ਅੰਤਿਮ ਪ੍ਰਕਾਸ਼ਨਾ 4 ਜਨਵਰੀ 2027 ਨੂੰ ਹੋਵੇਗੀ। ਉਨ੍ਹਾਂ ਦੱਸਿਆ ਕਿ ਮੁੱਢਲੀ ਵੋਟਰ ਸੂਚੀ ਦੀ ਪ੍ਰਕਾਸ਼ਨਾ ਅਨੁਸਾਰ ਜ਼ਿਲ੍ਹੇ ’ਚ ਕੁੱਲ 1525450 ਵੋਟਰ ਹਨ, ਜਿਨ੍ਹਾਂ ’ਚ 778194 ਪੁਰਸ਼, 747203 ਮਹਿਲਾ ਤੇ 53 ਥਰਡ ਜੈਂਡਰ ਵੋਟਰ ਸ਼ਾਮਲ ਹਨ। ਉਨ੍ਹਾਂ ਯੋਗ ਨਾਗਰਿਕਾਂ, ਖਾਸ ਕਰਕੇ ਨੌਜਵਾਨਾਂ ਨੂੰ ਅਪੀਲ ਕੀਤੀ ਕਿ ਉਹ ਵੋਟਰ ਸੂਚੀ ’ਚ ਆਪਣਾ ਨਾਮ ਦਰਜ ਕਰਵਾਉਣਾ ਯਕੀਨੀ ਬਣਾਉਣ। ਉਨ੍ਹਾਂ ਦੱਸਿਆ ਕਿ ਨਵੀਂ ਵੋਟ ਬਣਵਾਉਣ ਲਈ ਫਾਰਮ ਨੰਬਰ 6, ਵੋਟ ਕਟਵਾਉਣ ਲਈ ਫਾਰਮ ਨੰਬਰ 7 ਤੇ ਵੋਟਰ ਸੂਚੀ ’ਚ ਵੇਰਵਿਆਂ ਦੀ ਦਰੁੱਸਤੀ ਜਾਂ ਵੋਟ ਤਬਦੀਲ ਕਰਵਾਉਣ ਲਈ ਫਾਰਮ ਨੰਬਰ 8 ਭਰਿਆ ਜਾ ਸਕਦਾ ਹੈ। ਇਹ ਫਾਰਮ ਸਬੰਧਤ ਬੂਥ ਲੈਵਲ ਅਫ਼ਸਰਾਂ (ਬੀਐੱਲਓਜ਼) ਰਾਹੀਂ ਜਾਂ ਸਬੰਧਤ ਚੋਣਕਾਰ ਰਜਿਸਟ੍ਰੇਸ਼ਨ ਅਫ਼ਸਰਾਂ (ਈਆਰਓਜ਼) ਦੇ ਦਫ਼ਤਰ ਵਿਖੇ ਜਮ੍ਹਾ ਕਰਵਾਏ ਜਾ ਸਕਦੇ ਹਨ। ਵਧੀਕ ਜ਼ਿਲ੍ਹਾ ਚੋਣ ਅਫ਼ਸਰ ਨੇ ਸਿਆਸੀ ਪਾਰਟੀਆਂ ਦੇ ਨੁਮਾਇੰਦਿਆਂ ਨੂੰ ਵੋਟਰ ਸੂਚੀ ਦੀ ਵਿਸ਼ੇਸ਼ ਸਰਸਰੀ ਸੁਧਾਈ (ਐੱਸਐੱਸਆਰ) ਪ੍ਰਕਿਰਿਆ ’ਚ ਸਹਿਯੋਗ ਕਰਨ ਦੀ ਅਪੀਲ ਕੀਤੀ। ਇਸ ਮੌਕੇ ਐੱਸਡੀਐੱਮ ਜਲੰਧਰ-1 ਉਪਿੰਦਰਜੀਤ ਕੌਰ ਬਰਾੜ, ਚੋਣ ਤਹਿਸੀਲਦਾਰ ਡਾ. ਦੀਪਕ ਰਾਜ ਤੇ ਵੱਖ-ਵੱਖ ਸਿਆਸੀ ਪਾਰਟੀਆਂ ਦੇ ਨੁਮਾਇੰਦੇ ਵੀ ਮੌਜੂਦ ਸਨ।