- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਜਲੰਧਰ ’ਚ ਹੋਰ ਮਜ਼ਬੂਤ

ਜਲੰਧਰ ’ਚ ਹੋਰ ਮਜ਼ਬੂਤ ਹੋਈ ਆਮ ਆਦਮੀ ਪਾਰਟੀ
ਸੀਐੱਮ ਮਾਨ ਨੇ ਪਾਰਟੀ ’ਚ ਕੀਤਾ ਨਿੱਘਾ ਸਵਾਗਤ
ਪੱਤਰ ਪ੍ਰੇਰਕ, ਪੰਜਾਬੀ ਜਾਗਰਣ, ਜਲੰਧਰ/ਚੰਡੀਗੜ੍ਹ : ਜਲੰਧਰ ’ਚ ਅਕਾਲੀ ਦਲ ਨੂੰ ਉਸ ਸਮੇਂ ਵੱਡਾ ਸਿਆਸੀ ਝਟਕਾ ਲੱਗਾ ਜਦੋਂ ਇਲਾਕੇ ਦੇ ਪ੍ਰਮੁੱਖ ਤੇ ਟਕਸਾਲੀ ਅਕਾਲੀ ਪਰਿਵਾਰ ਨਾਲ ਸਬੰਧਤ ਰਣਤੇਜ ਸਿੰਘ ਪਵਾਰ ਆਪਣੇ ਸਾਥੀਆਂ ਨਾਲ ਚੰਡੀਗੜ੍ਹ ਵਿਖੇ ਆਮ ਆਦਮੀ ਪਾਰਟੀ ’ਚ ਸ਼ਾਮਲ ਹੋ ਗਏ। ਉਹ ਗਿਆਨੀ ਸ਼ੰਕਰ ਸਿੰਘ ਜੀ ਦੇ ਪੜਪੋਤੇ ਤੇ ਬੀਰ ਸਿੰਘ ਜੀ ਦੇ ਪੋਤੇ ਹਨ। ਮੁੱਖ ਮੰਤਰੀ ਭਗਵੰਤ ਮਾਨ ਨੇ ਰਣਤੇਜ ਸਿੰਘ ਪਵਾਰ ਦਾ ਪਾਰਟੀ ’ਚ ਰਸਮੀ ਤੌਰ 'ਤੇ ਸਵਾਗਤ ਕੀਤਾ ਤੇ ਉਨ੍ਹਾਂ ਨੂੰ ਸਿਰੋਪਾਓ ਪਾ ਕੇ 'ਆਪ' ’ਚ ਸ਼ਾਮਲ ਕਰਵਾਇਆ।
ਇਸ ਮੌਕੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ ਆਮ ਆਦਮੀ ਪਾਰਟੀ ਪੰਜਾਬ ਦੇ ਵਿਕਾਸ, ਭ੍ਰਿਸ਼ਟਾਚਾਰ ਮੁਕਤ ਸ਼ਾਸਨ ਅਤੇ ਲੋਕਾਂ ਦੀ ਸੇਵਾ ਲਈ ਵਚਨਬੱਧ ਹੈ। ਸਾਡੀ ਸਰਕਾਰ ਦੀਆਂ ਜਨ-ਹਿੱਤੈਸ਼ੀ ਨੀਤੀਆਂ ਤੇ ਇਮਾਨਦਾਰ ਰਾਜਨੀਤੀ ਤੋਂ ਪ੍ਰਭਾਵਿਤ ਹੋ ਕੇ ਵੱਖ-ਵੱਖ ਖੇਤਰਾਂ ਦੀਆਂ ਪ੍ਰਮੁੱਖ ਸ਼ਖਸੀਅਤਾਂ ਅਤੇ ਇਮਾਨਦਾਰ ਆਗੂ ਲਗਾਤਾਰ ਪਾਰਟੀ ਨਾਲ ਜੁੜ ਰਹੇ ਹਨ। ਰਣਤੇਜ ਸਿੰਘ ਪਵਾਰ ਵਰਗੇ ਸੂਝਵਾਨ ਆਗੂ ਦੇ ਆਉਣ ਨਾਲ ਜਲੰਧਰ ਤੇ ਆਸ-ਪਾਸ ਦੇ ਖੇਤਰ ਵਿੱਚ ਪਾਰਟੀ ਸੰਗਠਨ ਨੂੰ ਹੋਰ ਬਲ ਮਿਲੇਗਾ। ਅਸੀਂ ਸਭ ਮਿਲ ਕੇ ਪੰਜਾਬ ਨੂੰ ਮੁੜ 'ਰੰਗਲਾ ਪੰਜਾਬ' ਬਣਾਉਣ ਲਈ ਦਿਨ-ਰਾਤ ਕੰਮ ਕਰਦੇ ਰਹਾਂਗੇ। ਪਵਾਰ ਨੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦਾ ਧੰਨਵਾਦ ਕਰਦਿਆਂ ਵਿਸ਼ਵਾਸ ਦਿਵਾਇਆ ਕਿ ਉਹ ਪਾਰਟੀ ਦੀ ਮਜ਼ਬੂਤੀ ਤੇ ਜਨਤਾ ਦੀ ਸੇਵਾ ਲਈ ਪੂਰੀ ਲਗਨ ਤੇ ਇਮਾਨਦਾਰੀ ਨਾਲ ਕੰਮ ਕਰਨਗੇ।