
- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼

ਕੈਬਨਿਟ ਮੰਤਰੀ, ਮੇਅਰ ਤੇ ਡਿਪਟੀ ਕਮਿਸ਼ਨਰ ਵੱਲੋਂ ਜਲੰਧਰ ’ਚ ‘ਕਲੀਨ ਪੰਜਾਬ’ ਸਫ਼ਾਈ ਮੁਹਿੰਮ ਦੀ ਸ਼ੁਰੂਆਤ

-ਕੈਬਨਿਟ ਮੰਤਰੀ, ਮੇਅਰ ਤੇ ਡੀਸੀ ਨੇ ਝਾੜੂ ਲਗਾ ਕੇ ਲਿਆ ਹਿੱਸਾ
-ਸ਼ਹਿਰ ਵਾਸੀਆਂ ਨੂੰ ਇੱਧਰ-ਉੱਧਰ ਕੂੜਾ ਨਾ ਸੁੱਟਣ ਦੀ ਅਪੀਲ
ਪੱਤਰ ਪ੍ਰੇਰਕ, ਪੰਜਾਬੀ ਜਾਗਰਣ, ਜਲੰਧਰ : ਪੰਜਾਬ ਭਰ ’ਚ ਕੂੜੇ ਦੇ ਢੇਰਾਂ ਵਾਲੀਆਂ ਥਾਵਾਂ (ਜੀਵੀਪੀ) ਖ਼ਤਮ ਕਰਨ ਲਈ ਸ਼ੁਰੂ ਕੀਤੇ 10 ਦਿਨਾਂ ਸੂਬਾ ਪੱਧਰੀ ਸਫਾਈ ਅਭਿਆਨ ਤਹਿਤ ਪੰਜਾਬ ਦੇ ਬਾਗਬਾਨੀ, ਸੁਤੰਤਰਤਾ ਸੈਨਾਨੀ ਤੇ ਰੱਖਿਆ ਸੇਵਾਵਾਂ ਭਲਾਈ ਮੰਤਰੀ ਮਹਿੰਦਰ ਭਗਤ, ਮੇਅਰ ਵਿਨੀਤ ਧੀਰ ਤੇ ਡਿਪਟੀ ਕਮਿਸ਼ਨਰ ਵਰਜੀਤ ਵਾਲੀਆ ਵੱਲੋਂ ਸ਼ਨਿਚਰਵਾਰ ਇੱਥੇ ਭਗਵਾਨ ਮਹਾਵੀਰ ਮਾਰਗ ਵਿਖੇ ਸਫ਼ਾਈ ਮੁਹਿੰਮ ਦੀ ਸ਼ੁਰੂਆਤ ਕੀਤੀ ਗਈ। ਕੈਬਨਿਟ ਮੰਤਰੀ ਮਹਿੰਦਰ ਭਗਤ, ਮੇਅਰ ਵਨੀਤ ਧੀਰ ਤੇ ਸੀਨੀਅਰ ‘ਆਪ’ ਆਗੂ ਨਿਤਿਨ ਕੋਹਲੀ ਨੇ ਸਫ਼ਾਈ ਕਰਮੀਆਂ ਦੇ ਨਾਲ ਖੁਦ ਸੜਕ ‘ਤੇ ਝਾੜੂ ਲਗਾਇਆ ਤਾਂ ਜੋ ਪੰਜਾਬ ਸਰਕਾਰ ਦੇ ‘ਕਲੀਨ ਪੰਜਾਬ’ ਦੇ ਸੰਦੇਸ਼ ਨੂੰ ਉਤਸ਼ਾਹਤ ਕੀਤਾ ਜਾ ਸਕੇ। ਇਹ ਮੁਹਿੰਮ 29 ਅਗਸਤ ਤੋਂ 8 ਸਤੰਬਰ ਤੱਕ ਚਲਾਈ ਜਾਵੇਗੀ, ਜਿਸ ਦਾ ਮਕਸਦ ਖੁੱਲ੍ਹੇ ’ਚ ਕੂੜਾ ਸੁੱਟਣ ਵਾਲੀਆਂ ਥਾਵਾਂ ਨੂੰ ਹਟਾਉਣਾ ਤੇ ਉਨ੍ਹਾਂ ਨੂੰ ਦੁਬਾਰਾ ਬਣਨ ਤੋਂ ਰੋਕਣਾ ਹੈ।
ਮੀਡੀਆ ਨਾਲ ਗੱਲਬਾਤ ਕਰਦਿਆਂ ਉਨ੍ਹਾਂ ਦੱਸਿਆ ਕਿ ਇਹ ਪਹਿਲਕਦਮੀ ਮੁੱਖ ਮੰਤਰੀ, ਪੰਜਾਬ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸੂਬਾ ਸਰਕਾਰ ਵਲੋਂ ਵਿਆਪਕ ਪੱਧਰ ’ਤੇ ਚਲਾਈ ਜਾ ਰਹੀ ਸਫ਼ਾਈ ਮੁਹਿੰਮ ਦਾ ਹਿੱਸਾ ਹੈ। ਉਨ੍ਹਾਂ ਕਿਹਾ ਕਿ ਕੈਬਨਿਟ ਮੰਤਰੀਆਂ, ਵਿਧਾਇਕਾਂ, ਡਿਪਟੀ ਕਮਿਸ਼ਨਰਾਂ, ਨਗਰ ਨਿਗਮ ਕਮਿਸ਼ਨਰਾਂ ਤੇ ਹੋਰਨਾਂ ਅਧਿਕਾਰੀਆਂ ਨੂੰ ਆਖਿਆ ਗਿਆ ਹੈ ਕਿ ਫੀਲਡ ਗਤੀਵਿਧੀਆਂ ’ਚ ਹਿੱਸਾ ਲਿਆ ਜਾਵੇ। ਕੈਬਨਿਟ ਮੰਤਰੀ ਨੇ ਕਿਹਾ ਕਿ ਸਫ਼ਾਈ ਸਾਡੀ ਸਭ ਦੀ ਸਾਂਝੀ ਜ਼ਿੰਮੇਵਾਰੀ ਹੈ। ਉਨ੍ਹਾਂ ਸ਼ਹਿਰ ਵਾਸੀਆਂ ਨੂੰ ਜ਼ਿੰਮੇਵਾਰੀ ਨਾਲ ਕੂੜੇ ਦਾ ਨਿਪਟਾਰਾ ਕਰਨ, ਸਾਫ਼-ਸਫ਼ਾਈ ’ਚ ਨਗਰ ਨਿਗਮ ਤੇ ਹੋਰ ਅਧਿਕਾਰੀਆਂ ਨੂੰ ਸਹਿਯੋਗ ਦੇਣ।
ਮੇਅਰ ਵਨੀਤ ਧੀਰ ਨੇ ਕਿਹਾ ਕਿ ਨਗਰ ਨਿਗਮ ਵੱਲੋਂ ਸ਼ਹਿਰ ’ਚ ਕੂੜੇ ਦੇ ਢੇਰ ਵਾਲੀਆਂ ਥਾਵਾਂ ਦੀ ਪਹਿਚਾਣ ਤੇ ਸਫਾਈ ‘ਤੇ ਧਿਆਨ ਕੇਂਦਰਿਤ ਕੀਤਾ ਜਾਵੇਗਾ। ਉਨ੍ਹਾਂ ਅਜਿਹੀਆਂ ਥਾਵਾਂ ਨੂੰ ਮੁੜ ਬਣਨ ਤੋਂ ਰੋਕਣ ਲਈ ਲੋਕਾਂ ਦੇ ਲਗਾਤਾਰ ਸਹਿਯੋਗ ਦੀ ਲੋੜ ’ਤੇ ਜ਼ੋਰ ਦਿੱਤਾ। ਉਨ੍ਹਾਂ ਕਿਹਾ ਕਿ ਸ਼ਹਿਰ ਵਾਸੀ ਪੰਜਾਬ ਸਰਕਾਰ ਦੀ ਐਮ-ਸੇਵਾ ਐਪ ’ਤੇ ਆਪਣੇ ਇਲਾਕੇ ਦੀਆਂ ਕੂੜੇ ਦੇ ਢੇਰ ਵਾਲੀਆਂ ਥਾਵਾਂ ਦੀਆਂ ਫੋਟੋ ਅਪਲੋਡ ਕਰਕੇ ਮੁਹਿੰਮ ’ਚ ਯੋਗਦਾਨ ਦੇ ਸਕਦੇ ਹਨ। ਡਿਪਟੀ ਕਮਿਸ਼ਨਰ ਨੇ ‘ਕਲੀਨ ਪੰਜਾਬ’ ਮੁਹਿੰਮ ਨੂੰ ਸਫ਼ਲਤਾਪੂਰਵਕ ਨੇਪਰੇ ਚਾੜ੍ਹਨ ਲਈ ਸਰਕਾਰੀ ਵਿਭਾਗਾਂ, ਨਗਰ ਨਿਗਮ ਤੇ ਸ਼ਹਿਰ ਵਾਸੀਆਂ ਦੇ ਆਪਸੀ ਤਾਲਮੇਲ ਵਾਲੀਆਂ ਕੋਸ਼ਿਸ਼ਾਂ ਦਾ ਸੱਦਾ ਦਿੱਤਾ। ਉਨ੍ਹਾਂ ਲੋਕਾਂ ਨੂੰ ਅਪੀਲ ਕੀਤੀ ਕਿ ਘਰ ਵਿੱਚ ਹੀ ਗਿੱਲੇ ਤੇ ਸੁੱਕੇ ਕੂੜੇ ਨੂੰ ਵੱਖ-ਵੱਖ ਕਰ ਲਿਆ ਜਾਵੇ ਤਾਂ ਜੋ ਇਸ ਦਾ ਹੋਰ ਅਸਰਦਾਰ ਢੰਗ ਨਾਲ ਨਿਪਟਾਰਾ ਕੀਤਾ ਜਾ ਸਕੇ।
ਉਨ੍ਹਾਂ ਲੋਕਾਂ ਨੂੰ ਅਪੀਲ ਕੀਤੀ ਕਿ ਆਪਣੇ ਆਸ-ਪਾਸ ਦੀਆਂ ਸਫ਼ਾਈ ਗਤੀਵਿਧੀਆਂ ’ਚ ਸਰਗਰਮੀ ਨਾਲ ਹਿੱਸਾ ਲੈਣ ਤੇ ਇਸ ਨੂੰ ਇਕ ਵਾਰ ਦੀ ਸਫ਼ਾਈ ਮੁਹਿੰਮ ਬਣਾਉਣ ਦੀ ਬਜਾਏ ਨਿਰੰਤਰ ਜਨਤਕ ਲਹਿਰ ਬਣਾਉਣ ’ਚ ਸਹਿਯੋਗ ਕਰਨ। ਇਸ ਤੋਂ ਇਲਾਵਾ ਸੀਨੀਅਰ ‘ਆਪ’ ਆਗੂ ਨਿਤਿਨ ਕੋਹਲੀ ਵੱਲੋਂ ਵੀ ਜ਼ਿਲ੍ਹੇ ’ਚ ਇਸ ਸਫ਼ਾਈ ਮੁਹਿੰਮ ਨੂੰ ਸਫ਼ਲ ਬਣਾਉਣ ਲਈ ਸਾਂਝੀ ਭਾਗੀਦਾਰੀ ਦੀ ਲੋੜ ’ਤੇ ਜ਼ੋਰ ਦਿੱਤਾ ਗਿਆ। ਉਨ੍ਹਾਂ ਲੋਕਾਂ ਨੂੰ ਅਪੀਲ ਕੀਤੀ ਕਿ ਇੱਧਰ-ਉੱਧਰ ਕੂੜਾ ਨਾ ਸੁੱਟ ਕੇ ਆਪਣੇ ਆਲੇ-ਦੁਆਲੇ ਨੂੰ ਸਾਫ਼-ਸੁਥਰਾ ਰੱਖਣ।