- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਪੰਜਾਬ ਦੇ ਕਲੈਰੀਕਲ ਮੁਲਾਜ਼ਮਾਂ ਨੇ ਸਰਕਾਰ ਖ਼ਿਲਾਫ਼ ਖੋਲ੍ਹਿਆ ਆਰ-ਪਾਰ ਦਾ ਮੋਰਚਾ

-ਅੱਜ ਜ਼ਿਲ੍ਹਾ ਹੈੱਡਕੁਆਰਟਰਾਂ ’ਤੇ ਫੂਕੇ ਜਾਣਗੇ ਸਰਕਾਰ ਦੇ ਪੁਤਲੇ
-5 ਤੇ 6 ਨਵੰਬਰ ਨੂੰ ਦੋ ਦਿਨ ਸਰਕਾਰੀ ਕੰਮਕਾਜ ਠੱਪ ਰੱਖਣ ਦਾ ਐਲਾਨ
ਲਖਬੀਰ, ਪੰਜਾਬੀ ਜਾਗਰਣ, ਜਲੰਧਰ
ਪੰਜਾਬ ਦੇ ਸਰਕਾਰੀ ਵਿਭਾਗਾਂ ’ਚ ਕੰਮ ਕਰਦੇ ਕਲੈਰੀਕਲ ਮੁਲਾਜ਼ਮਾਂ ਨੇ ਆਪਣੀਆਂ ਮੰਗਾਂ ਨੂੰ ਲੈ ਕੇ ਸਰਕਾਰ ਖ਼ਿਲਾਫ਼ ਸੰਘਰਸ਼ ਤੇਜ਼ ਕਰਨ ਦਾ ਐਲਾਨ ਕਰ ਦਿੱਤਾ ਹੈ। ਪੰਜਾਬ ਸਟੇਟ ਮਨਿਸਟਰੀਅਲ ਸਰਵਿਸਿਜ਼ ਯੂਨੀਅਨ ਵੱਲੋਂ ਮੋਗਾ ਵਿਖੇ ਕੀਤੀ ਗਈ ਸੂਬਾ ਪੱਧਰੀ ਮੀਟਿੰਗ ਦੌਰਾਨ ਸਰਕਾਰ ਵਿਰੁੱਧ ਅਗਲੇ ਸੰਘਰਸ਼ ਦੀ ਰਣਨੀਤੀ ਤਿਆਰ ਕੀਤੀ ਗਈ। ਯੂਨੀਅਨ ਆਗੂਆਂ ਨੇ ਸਪੱਸ਼ਟ ਕੀਤਾ ਕਿ ਮੁਲਾਜ਼ਮਾਂ ਦੀਆਂ ਮੰਗਾਂ ਨੂੰ ਲੈ ਕੇ ਹੁਣ ਸੰਘਰਸ਼ ਨੂੰ ਸਿਰਫ਼ ਮੀਟਿੰਗਾਂ ਅਤੇ ਮੰਗ-ਪੱਤਰਾਂ ਤੱਕ ਸੀਮਤ ਨਹੀਂ ਰੱਖਿਆ ਜਾਵੇਗਾ, ਸਗੋਂ ਜ਼ਿਲ੍ਹਾ ਪੱਧਰ ਤੋਂ ਲੈ ਕੇ ਸੂਬਾ ਪੱਧਰ ਤੱਕ ਸਰਗਰਮੀਆਂ ਤੇਜ਼ ਕੀਤੀਆਂ ਜਾਣਗੀਆਂ। ਮੋਗਾ ਵਿਖੇ ਹੋਈ ਇਸ ਮੀਟਿੰਗ ਦੀ ਅਗਵਾਈ ਸੂਬਾ ਪ੍ਰਧਾਨ ਗੁਰਨਾਮ ਸਿੰਘ ਵਿਰਕ, ਸੂਬਾ ਜਨਰਲ ਸਕੱਤਰ ਤਰਸੇਮ ਸਿੰਘ ਭੱਠਲ ਅਤੇ ਸੂਬਾ ਚੇਅਰਮੈਨ ਰਘਬੀਰ ਸਿੰਘ ਬਡਵਾਲ ਵੱਲੋਂ ਕੀਤੀ ਗਈ। ਮੀਟਿੰਗ ’ਚ ਕਲੈਰੀਕਲ ਵਰਗ ਦੀਆਂ ਮੰਗਾਂ ਅਤੇ ਉਨ੍ਹਾਂ ਦੀ ਪੂਰਤੀ ਲਈ ਕੀਤੇ ਜਾਣ ਵਾਲੇ ਸੰਘਰਸ਼ ਬਾਰੇ ਵਿਚਾਰ-ਵਟਾਂਦਰਾ ਕੀਤਾ ਗਿਆ। ਇਸ ਦੌਰਾਨ ਫ਼ੈਸਲਾ ਕੀਤਾ ਗਿਆ ਕਿ ਸਰਕਾਰ ਤੱਕ ਆਪਣੀ ਆਵਾਜ਼ ਪਹੁੰਚਾਉਣ ਲਈ ਆਉਣ ਵਾਲੇ ਦਿਨਾਂ ਵਿੱਚ ਲਗਾਤਾਰ ਤਿੰਨ ਪੜਾਵਾਂ ਵਿੱਚ ਵਿਰੋਧ ਪ੍ਰਦਰਸ਼ਨ ਕੀਤੇ ਜਾਣਗੇ। ਯੂਨੀਅਨ ਵੱਲੋਂ ਐਲਾਨੇ ਗਏ ਪ੍ਰੋਗਰਾਮ ਅਨੁਸਾਰ 3 ਨਵੰਬਰ ਨੂੰ ਪੰਜਾਬ ਦੇ ਸਮੂਹ ਜ਼ਿਲ੍ਹਿਆਂ ਵਿੱਚ ਗੇਟ ਰੈਲੀਆਂ ਕੀਤੀਆਂ ਜਾਣਗੀਆਂ। ਇਨ੍ਹਾਂ ਰੈਲੀਆਂ ਰਾਹੀਂ ਵੱਖ-ਵੱਖ ਵਿਭਾਗਾਂ ਦੇ ਮੁਲਾਜ਼ਮ ਇਕੱਠੇ ਹੋ ਕੇ ਮੰਗਾਂ ਨੂੰ ਉਭਾਰਨਗੇ ਤੇ ਸਰਕਾਰ ਤੱਕ ਆਪਣਾ ਰੋਸ ਪਹੁੰਚਾਉਣਗੇ। ਇਸ ਤੋਂ ਬਾਅਦ 4 ਨਵੰਬਰ ਨੂੰ ਸੰਘਰਸ਼ ਨੂੰ ਹੋਰ ਤੇਜ਼ ਕਰਦਿਆਂ ਸਮੁੱਚੇ ਵਿਭਾਗਾਂ ਦੇ ਮੁਲਾਜ਼ਮ ਜ਼ਿਲ੍ਹਾ ਹੈੱਡਕੁਆਰਟਰਾਂ ’ਤੇ ਇਕੱਠੇ ਹੋਣਗੇ ਅਤੇ ਸਰਕਾਰ ਦੇ ਪੁਤਲੇ ਫੂਕ ਕੇ ਰੋਸ ਪ੍ਰਦਰਸ਼ਨ ਕਰਨਗੇ।
----------------------------
ਦਫ਼ਤਰਾਂ ਦਾ ਕੰਮਕਾਜ ਰਹੇਗਾ ਬੰਦ
ਯੂਨੀਅਨ ਵੱਲੋਂ ਸੰਘਰਸ਼ ਦੇ ਸਭ ਤੋਂ ਅਹਿਮ ਪੜਾਅ ਵਜੋਂ 5 ਅਤੇ 6 ਨਵੰਬਰ ਨੂੰ ਦੋ ਰੋਜ਼ਾ ਕਲਮਛੋੜ ਹੜਤਾਲ ਕਰਨ ਦਾ ਐਲਾਨ ਕੀਤਾ ਗਿਆ ਹੈ। ਇਸ ਦੌਰਾਨ ਸਮੁੱਚੇ ਵਿਭਾਗਾਂ ਦਾ ਕੰਮ ਬੰਦ ਰੱਖਣ ਦਾ ਫ਼ੈਸਲਾ ਲਿਆ ਗਿਆ ਹੈ। ਜੇਕਰ ਇਹ ਹੜਤਾਲ ਪੂਰੀ ਤਰ੍ਹਾਂ ਲਾਗੂ ਹੁੰਦੀ ਹੈ ਤਾਂ ਇਸ ਦਾ ਅਸਰ ਆਮ ਲੋਕਾਂ ਦੇ ਰੋਜ਼ਾਨਾ ਸਰਕਾਰੀ ਕੰਮਾਂ ’ਤੇ ਵੀ ਪੈ ਸਕਦਾ ਹੈ। ਖ਼ਾਸ ਤੌਰ ’ਤੇ ਸਰਕਾਰੀ ਦਫ਼ਤਰਾਂ ਵਿੱਚ ਫਾਈਲਾਂ ਦੀ ਕਾਰਵਾਈ, ਦਸਤਾਵੇਜ਼ਾਂ ਨਾਲ ਸਬੰਧਤ ਕੰਮ, ਮੁਲਾਜ਼ਮਾਂ ਦੇ ਸੇਵਾ ਮਾਮਲੇ ਅਤੇ ਹੋਰ ਪ੍ਰਸ਼ਾਸਨਿਕ ਕੰਮ ਪ੍ਰਭਾਵਿਤ ਹੋਣ ਦੀ ਸੰਭਾਵਨਾ ਹੈ। ਦਫ਼ਤਰਾਂ ’ਚ ਕੰਮਾਂ ਲਈ ਆਉਣ ਵਾਲੇ ਲੋਕਾਂ ਨੂੰ ਵੀ ਖੱਜਲ-ਖੁਆਰੀ ਦਾ ਸਾਹਮਣਾ ਕਰਨਾ ਪੈ ਸਕਦਾ ਹੈ।