ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਹਸ਼ਿਆਰਪੁਰ ਵਿਖੇ ਰਾਸ਼ਟਰੀ ਝੰਡਾ ਲਹਿਰਾਇਆ। ਉਨ੍ਹਾਂ ਨੇ ਆਪਣੇ ਭਾਸ਼ਣ ਦੌਰਾਨ ਗਣਤੰਤਰ ਦਿਵਸ ਦੀਆਂ ਵਧਾਈਆਂ ਦਿੱਤੀਆਂ ਤੇ ਇਸ ਮਗਰੋਂ ਪਰੇਡ ਤੋਂ ਸਲਾਮੀ ਲਈ

ਸੰਜੀਵ ਸੂਦ, ਪੰਜਾਬੀ ਜਾਗਰਣ, ਹੁਸ਼ਿਆਰਪੁਰ : ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਸੋਮਵਾਰ ਨੂੰ ਕੇਂਦਰ ਸਰਕਾਰ ’ਤੇ ਮਨਰੇਗਾ ਅਤੇ ਪਿੰਡਾਂ ਦੇ ਵਿਕਾਸ ਨਾਲ ਜੁੜੇ ਬਕਾਇਆ ਫੰਡ ਜਾਰੀ ਨਾ ਕਰਨ ਨੂੰ ਲੈ ਕੇ ਤਿੱਖਾ ਹਮਲਾ ਕੀਤਾ। ਉਨ੍ਹਾਂ ਕਿਹਾ ਕਿ ਪੰਜਾਬ ਨੂੰ ਅੱਜ ਵੀ ਆਪਣੇ ਹੀ ਹੱਕਾਂ ਲਈ ਲੜਨਾ ਪੈ ਰਿਹਾ ਹੈ।
ਗਣਤੰਤਰ ਦਿਵਸ ਮੌਕੇ ਇੱਥੇ ਕੌਮੀ ਤਿਰੰਗਾ ਲਹਿਰਾਉਣ ਉਪਰੰਤ ਸਮਾਰੋਹ ਨੂੰ ਸੰਬੋਧਨ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਉਨ੍ਹਾਂ ਦੀ ਸਰਕਾਰ ਚੰਡੀਗੜ੍ਹ ਨੂੰ ਪੰਜਾਬ ਦੀ ਆਪਣੀ ਰਾਜਧਾਨੀ ਬਣਾਉਣ ਲਈ ਹਰ ਸੰਭਵ ਯਤਨ ਕਰੇਗੀ। ਉਨ੍ਹਾਂ ਦੱਸਿਆ ਕਿ ਇਸ ਸਮੇਂ ਚੰਡੀਗੜ੍ਹ ਪੰਜਾਬ ਅਤੇ ਹਰਿਆਣਾ ਦੀ ਸਾਂਝੀ ਰਾਜਧਾਨੀ ਹੈ।
ਮਾਨ ਨੇ ਰਾਜ ਵਿੱਚ ਅਮਨ-ਕਾਨੂੰਨ ਨੂੰ ਭੰਗ ਕਰਨ ਦੀ ਕੋਸ਼ਿਸ਼ ਕਰਨ ਵਾਲੀਆਂ ਤਾਕਤਾਂ ਨੂੰ ਚੇਤਾਵਨੀ ਦਿੰਦਿਆਂ ਕਿਹਾ ਕਿ ਉਨ੍ਹਾਂ ਦੀ ਸਰਕਾਰ ਭਾਈਚਾਰਕ ਸਾਂਝ ਅਤੇ ਅਮਨ-ਸ਼ਾਂਤੀ ਨੂੰ ਹਰ ਕੀਮਤ ’ਤੇ ਕਾਇਮ ਰੱਖਣ ਲਈ ਵਚਨਬੱਧ ਹੈ।
ਉਨ੍ਹਾਂ ਆਪਣੀ ਸਰਕਾਰ ਵੱਲੋਂ ਲਾਗੂ ਕੀਤੀਆਂ ਮੁੱਖ ਯੋਜਨਾਵਾਂ ਦਾ ਜ਼ਿਕਰ ਕਰਦਿਆਂ ਕਿਹਾ ਕਿ ਪੰਜਾਬ ਵਿੱਚ ਮੁਫ਼ਤ ਬਿਜਲੀ, ਨੌਜਵਾਨਾਂ ਨੂੰ ਸਰਕਾਰੀ ਨੌਕਰੀਆਂ ਅਤੇ ਨਸ਼ਿਆਂ ਤੇ ਗੈਂਗਸਟਰਾਂ ਖ਼ਿਲਾਫ਼ ਮੁਹਿੰਮਾਂ ਚਲਾਈਆਂ ਜਾ ਰਹੀਆਂ ਹਨ।
ਮੁੱਖ ਮੰਤਰੀ ਨੇ ਕਿਹਾ ਕਿ ਪੰਜਾਬ ਦੇਸ਼ ਦਾ ਅੰਨ ਭੰਡਾਰ ਅਤੇ ਰੱਖਿਆ ਦੀ ਢਾਲ ਰਿਹਾ ਹੈ। “ਦੇਸ਼ ਦੀ ਤਰੱਕੀ ਲਈ ਪੰਜਾਬ ਨੇ ਆਪਣੇ ਕੁਦਰਤੀ ਸਰੋਤਾਂ ਦੀ ਕੁਰਬਾਨੀ ਦਿੱਤੀ ਹੈ। ਸਾਡੇ ਭੂਗਰਭੀ ਪਾਣੀ ਘਟ ਗਏ ਹਨ ਅਤੇ ਦਰਿਆਵਾਂ ਦਾ ਪਾਣੀ ਪ੍ਰਦੂਸ਼ਿਤ ਹੋ ਗਿਆ ਹੈ,” ਉਨ੍ਹਾਂ ਕਿਹਾ।
ਮਾਨ ਨੇ ਕਿਹਾ ਕਿ ਵੱਧ ਤੋਂ ਵੱਧ ਕੁਰਬਾਨੀਆਂ ਦੇ ਬਾਵਜੂਦ ਪੰਜਾਬ ਨਾਲ ਲਗਾਤਾਰ ਅਨਿਆਂ ਅਤੇ ਜ਼ਿਆਦਤੀ ਹੁੰਦੀ ਆ ਰਹੀ ਹੈ। “ਅੱਜ ਵੀ ਪੰਜਾਬ ਨੂੰ ਆਪਣੇ ਹੱਕਾਂ ਲਈ ਅਦਾਲਤਾਂ ਦੇ ਦਰਵਾਜ਼ੇ ਖੜਕਾਉਣੇ ਪੈ ਰਹੇ ਹਨ,” ਉਨ੍ਹਾਂ ਕਿਹਾ।
ਮੁੱਖ ਮੰਤਰੀ ਨੇ ਦੋਸ਼ ਲਗਾਇਆ ਕਿ ਭਾਖੜਾ ਬਿਆਸ ਮੈਨੇਜਮੈਂਟ ਬੋਰਡ ’ਤੇ ਪੰਜਾਬ ਦੇ ਹੱਕ ਖਤਮ ਕਰਨ ਦੀ ਸਾਜ਼ਿਸ਼ ਰਚੀ ਗਈ ਸੀ, ਪਰ ਉਨ੍ਹਾਂ ਦੀ ਸਰਕਾਰ ਨੇ ਇਸਨੂੰ ਕਾਮਯਾਬ ਨਹੀਂ ਹੋਣ ਦਿੱਤਾ।
ਮਨਰੇਗਾ ਸਕੀਮ ਬਾਰੇ ਬੋਲਦਿਆਂ ਮਾਨ ਨੇ ਕਿਹਾ ਕਿ ਕੇਂਦਰ ਸਰਕਾਰ ਨੇ ਨਾ ਸਿਰਫ਼ ਇਸ ਯੋਜਨਾ ਦਾ ਨਾਂ ਬਦਲਿਆ ਹੈ, ਸਗੋਂ ਇਸਦੀ ਪੂਰੀ ਸੰਰਚਨਾ ਹੀ ਬਦਲ ਦਿੱਤੀ ਹੈ, ਜਿਸ ਕਾਰਨ ਦਲਿਤ ਮਜ਼ਦੂਰਾਂ, ਮਹਿਲਾਵਾਂ ਅਤੇ ਬੇਜ਼ਮੀਨ ਪਰਿਵਾਰਾਂ ਦੀ ਰੋਜ਼ੀ-ਰੋਟੀ ਖਤਰੇ ’ਚ ਪੈ ਗਈ ਹੈ।
ਉਨ੍ਹਾਂ ਦੱਸਿਆ ਕਿ ਪੰਜਾਬ ਵਿੱਚ 19.85 ਲੱਖ ਮਨਰੇਗਾ ਮਜ਼ਦੂਰ ਦਰਜ ਹਨ, ਜਿਨ੍ਹਾਂ ਵਿੱਚੋਂ 12.65 ਲੱਖ ਅਨੁਸੂਚਿਤ ਜਾਤੀ ਵਰਗ ਨਾਲ ਸਬੰਧਤ ਹਨ।
ਮਾਨ ਨੇ ਕਿਹਾ ਕਿ ਉਨ੍ਹਾਂ ਦੀ ਸਰਕਾਰ ਪੰਜਾਬ ਦੇ ਹੱਕਾਂ ਲਈ ਵਿਧਾਨ ਸਭਾ ਤੋਂ ਲੈ ਕੇ ਹਰ ਮੰਚ ’ਤੇ ਆਵਾਜ਼ ਉਠਾਉਂਦੀ ਰਹੇਗੀ। ਉਨ੍ਹਾਂ ਆਰ.ਡੀ.ਐਫ. ਫੰਡ ਜਾਰੀ ਨਾ ਹੋਣ ਦਾ ਮਸਲਾ ਵੀ ਉਠਾਇਆ ਅਤੇ ਕਿਹਾ ਕਿ ਸੰਵਿਧਾਨ ਵਿੱਚ ਰਾਜਾਂ ਦੇ ਹੱਕ ਦਰਜ ਹਨ, ਫਿਰ ਵੀ ਪੰਜਾਬ ਨੂੰ ਆਪਣੇ ਹੱਕਾਂ ਲਈ ਸੰਘਰਸ਼ ਕਰਨਾ ਪੈ ਰਿਹਾ ਹੈ।
ਮੁੱਖ ਮੰਤਰੀ ਨੇ ਦੱਸਿਆ ਕਿ ਹਾਲ ਹੀ ਵਿੱਚ ਗ੍ਰਿਹ ਮੰਤਰੀ ਅਮਿਤ ਸ਼ਾਹ ਨਾਲ ਮੀਟਿੰਗ ਦੌਰਾਨ ਉਨ੍ਹਾਂ ਨੇ ਕੇਂਦਰ ਵੱਲੋਂ 9,031 ਕਰੋੜ ਰੁਪਏ ਦੇ ਆਰ.ਡੀ.ਐਫ. ਅਤੇ 2,267.83 ਕਰੋੜ ਰੁਪਏ ਦੇ ਮਾਰਕੀਟ ਫੀਸ ਬਕਾਇਆ ਦਾ ਮਸਲਾ ਉਠਾਇਆ ਸੀ, ਜੋ ਪਿੰਡਾਂ ਦੇ ਢਾਂਚਾਗਤ ਵਿਕਾਸ ’ਤੇ ਅਸਰ ਪਾ ਰਿਹਾ ਹੈ।
ਆਪਣੇ ਸੰਬੋਧਨ ਦੌਰਾਨ ਮਾਨ ਨੇ ਗਣਤੰਤਰ ਦਿਵਸ ਦੀ ਵਧਾਈ ਦਿੰਦਿਆਂ ਆਜ਼ਾਦੀ ਸੰਗਰਾਮੀਆਂ ਨੂੰ ਸ਼ਰਧਾਂਜਲੀ ਭੇਟ ਕੀਤੀ ਅਤੇ ਦੇਸ਼ ਦੀ ਏਕਤਾ ਅਤੇ ਅਖੰਡਤਾ ਦੀ ਰੱਖਿਆ ਲਈ ਸਸ਼ਸਤ੍ਰ ਬਲਾਂ ਨੂੰ ਸਲਾਮ ਕੀਤਾ।
ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਐਲਾਨ ਕੀਤਾ ਕਿ 27 ਜਨਵਰੀ ਨੂੰ ਪੰਜਾਬ ਭਰ ਦੇ ਸਾਰੇ ਸਕੂਲਾਂ ਵਿੱਚ ਛੁੱਟੀ ਰਹੇਗੀ।