- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਪੰਜਾਬ ਸਰਕਾਰ ਵੱਲੋਂ ਸ਼ਹਿਰਾਂ ਤੇ ਕਸਬਿਆਂ ਨੂੰ ਸਾਫ਼-ਸੁਥਰਾ ਤੇ ਸੁੰਦਰ ਬਣਾਉਣ ਲਈ ਕੀਤੇ ਜਾ ਰਹੇ ਵਿਸ਼ੇਸ਼ ਉਪਰਾਲੇ : ਚੰਦਨ ਗਰੇਵਾਲ

-ਸ਼ਹਿਰਾਂ ਤੇ ਕਸਬਿਆਂ ਨੂੰ ਸੁੰਦਰ ਬਣਾਉਣ ਲਈ ਕੀਤੇ ਜਾ ਰਹੇ ਖਾਸ ਉਪਰਾਲੇ
-ਗੁਰਾਇਆ ’ਚ ਸਫ਼ਾਈ ਦੇ ਪ੍ਰਬੰਧਾਂ ਦਾ ਲਿਆ ਜਾਇਜ਼ਾ
ਮਨਜੀਤ ਮੱਕੜ, ਪੰਜਾਬੀ ਜਾਗਰਣ, ਗੁਰਾਇਆ : ਪੰਜਾਬ ਰਾਜ ਸਫ਼ਾਈ ਕਰਮਚਾਰੀ ਕਮਿਸ਼ਨ ਦੇ ਚੇਅਰਮੈਨ ਚੰਦਨ ਗਰੇਵਾਲ ਨੇ ਅੱਜ ਨਗਰ ਕੌਂਸਲ ਦਫ਼ਤਰ ਗੁਰਾਇਆ ਵਿਖੇ ਸ਼ਹਿਰ ਦੀ ਸਾਫ਼-ਸਫ਼ਾਈ ਦਾ ਜਾਇਜ਼ਾ ਲਿਆ ਤੇ ਸਫ਼ਾਈ ਕਰਮਚਾਰੀਆਂ ਦੀਆਂ ਮੰਗਾਂ ਸਬੰਧੀ ਮੀਟਿੰਗ ਕੀਤੀ। ਚੇਅਰਮੈਨ ਨੇ ਸ਼ਹਿਰ ਨੂੰ ਸ਼ਾਫ਼ ਸੁਥਰਾ ਰੱਖਣ ਲਈ ਕੀਤੇ ਜਾ ਰਹੇ ਉਪਰਾਲਿਆਂ ਦਾ ਜਾਇਜ਼ਾ ਲੈਂਦਿਆਂ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਸ਼ਹਿਰ ਦੀ ਸਾਫ਼-ਸਫ਼ਾਈ ਵੱਲ ਵਿਸ਼ੇਸ਼ ਧਿਆਨ ਦਿੱਤਾ ਜਾਵੇ। ਉਨ੍ਹਾਂ ਨੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਸ਼ਹਿਰਾਂ ਤੇ ਕਸਬਿਆਂ ਨੂੰ ਸਾਫ਼-ਸੁਥਰਾ ਤੇ ਸੁੰਦਰ ਬਣਾਉਣ ਲਈ ਵਿਸ਼ੇਸ਼ ਉਪਰਾਲੇ ਕੀਤੇ ਜਾ ਰਹੇ ਹਨ।
ਸਫ਼ਾਈ ਕਰਮਚਾਰੀਆਂ ਦੀਆਂ ਮੰਗਾਂ ਬਾਰੇ ਬੋਲਦਿਆਂ ਉਨ੍ਹਾਂ ਕਿਹਾ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸੂਬਾ ਸਰਕਾਰ ਸਫ਼ਾਈ ਕਰਮਚਾਰੀਆਂ ਦੀ ਬਿਹਤਰੀ ਲਈ ਲਗਾਤਾਰ ਉਪਰਾਲੇ ਕਰ ਰਹੀ ਹੈ। ਸਫ਼ਾਈ ਕਰਮਚਾਰੀ ਦੀ ਭਲਾਈ ਲਈ ਪੰਜਾਬ ਸਰਕਾਰ ਦ੍ਰਿੜ੍ਹ ਵਚਨਬੱਧ ਹੈ। ਇਸ ਤੋਂ ਇਲਾਵਾ ਪੰਜਾਬ ਰਾਜ ਸਫ਼ਾਈ ਕਰਮਚਾਰੀ ਕਮਿਸ਼ਨ ਵੱਲੋਂ ਵੀ ਸੂਬੇ ਦੀਆਂ ਨਗਰ ਨਿਗਮਾਂ, ਨਗਰ ਕੌਂਸਲਾਂ ਤੇ ਨਗਰ ਪੰਚਾਇਤਾਂ ’ਚ ਕੰਮ ਕਰ ਰਹੇ ਸਫ਼ਾਈ ਕਰਮਚਾਰੀਆਂ ਦੀ ਬਿਹਤਰੀ ਲਈ ਅਣਥੱਕ ਯਤਨ ਕੀਤੇ ਜਾ ਰਹੇ ਹਨ। ਇਸ ਮੌਕੇ ਉਨ੍ਹਾਂ ਨੇ ਗੁਰਾਇਆ ਸ਼ਹਿਰ ਵਿਖੇ ਸਥਿਤ ਵੱਖ-ਵੱਖ ਕੂੜਾ ਡੰਪਾਂ ਦਾ ਨਿਰੀਖਣ ਵੀ ਕੀਤਾ ਗਿਆ। ਉਹ ਸ਼ਹਿਰ ਦੇ ਵੱਖ-ਵੱਖ ਧਾਰਮਿਕ ਅਸਥਾਨ ਵਿਖੇ ਨਤਮਸਤਕ ਵੀ ਹੋਏ ਅਤੇ ਸੂਬੇ ਦੀ ਖੁਸ਼ਹਾਲੀ ਤੇ ਪ੍ਰਗਤੀ ਲਈ ਅਰਦਾਸ ਕੀਤੀ। ਇਸ ਮੌਕੇ ਉਨ੍ਹਾਂ ਦਾ ਵੱਖ-ਵੱਖ ਧਾਰਮਿਕ ਜਥੇਬੰਦੀਆਂ ਵੱਲੋਂ ਸਨਮਾਨ ਕੀਤਾ ਗਿਆ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਸਾਰੇ ਧਰਮਾਂ ਦਾ ਬਰਾਬਰ ਸਤਿਕਾਰ ਕਰਦੀ ਹੈ। ਇਸ ਮੌਕੇ ਤਹਿਸੀਲਦਾਰ ਗੁਰਪ੍ਰੀਤ ਸਿੰਘ, ਕਾਰਜ ਸਾਧਕ ਅਫ਼ਸਰ ਬਿਕਰਮਜੀਤ, ਮਨਪ੍ਰੀਤ, ਰਾਜੇਸ਼ ਕੁਮਾਰ ਲੱਕੀ, ਕਮਲ ਵਾਲਮੀਕਿ, ਸਲੀਮ ਸੁਲਤਾਨੀ ਤੇ ਬਾਬਾ ਬਿੰਦਰੀ ਵੀ ਮੌਜੂਦ ਸਨ।