- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਮਿਠੜਾ ’ਚ ਕਰਿਆਨੇ ਦੀ ਦੁਕਾਨ ’ਤੇ 6 ਅਣਪਛਾਤਿਆਂ ਦਾ ਧਾਵਾ

ਪੁਲਿਸ ਨੇ ਸੀਸੀਟੀਵੀ ਕੈਮਰੇ ਖੰਘਾਲਣੇ ਸ਼ੁਰੂ ਕੀਤੇ
ਅਵਤਾਰ ਚੰਦ, ਪੰਜਾਬੀ ਜਾਗਰਣ, ਨੂਰਮਹਿਲ : ਪਿੰਡ ਮਿਠੜਾ ਵਾਸੀ ਦਰਸ਼ਨ ਲਾਲ ਪੁੱਤਰ ਹੰਸ ਰਾਜ, ਜੋ ਆਪਣੇ ਘਰ/ਦੁਕਾਨ ’ਤੇ ਕਰਿਆਨੇ ਦਾ ਕਾਰੋਬਾਰ ਕਰਦਾ ਹੈ, ਦੀ ਦੁਕਾਨ ’ਤੇ 6 ਅਣਪਛਾਤੇ ਵਿਅਕਤੀ ਆਏ। ਵਿਅਕਤੀਆਂ ਵੱਲੋਂ ਦਰਸ਼ਨ ਲਾਲ ਨਾਲ ਕਥਿਤ ਤੌਰ ’ਤੇ ਕੁੱਟਮਾਰ ਕੀਤੀ ਗਈ ਤੇ ਗੱਲੇ ਵਿੱਚ ਪਈ ਕਰੀਬ 4 ਤੋਂ 5 ਹਜ਼ਾਰ ਰੁਪਏ ਦੀ ਨਕਦੀ ਲੁੱਟ ਲਈ ਗਈ। ਵਾਰਦਾਤ ਨੂੰ ਅੰਜਾਮ ਦੇਣ ਤੋਂ ਬਾਅਦ ਸਾਰੇ ਵਿਅਕਤੀ ਮੌਕੇ ਤੋਂ ਫ਼ਰਾਰ ਹੋ ਗਏ। ਘਟਨਾ ਤੋਂ ਬਾਅਦ ਆਸ-ਪਾਸ ਦੇ ਲੋਕਾਂ ਨੂੰ ਜਦੋਂ ਇਸ ਸਬੰਧੀ ਪਤਾ ਲੱਗਾ ਤਾਂ ਉਨ੍ਹਾਂ ਵੱਲੋਂ ਪੁਲਿਸ ਨੂੰ ਸੂਚਿਤ ਕੀਤਾ ਗਿਆ। ਸੂਚਨਾ ਮਿਲਣ ’ਤੇ ਥਾਣਾ ਨੂਰਮਹਿਲ ਦੀ ਪੁਲਿਸ ਮੌਕੇ ’ਤੇ ਪਹੁੰਚੀ ਅਤੇ ਮਾਮਲੇ ਦੀ ਜਾਂਚ ਸ਼ੁਰੂ ਕੀਤੀ। ਪੁਲਿਸ ਵੱਲੋਂ ਵਾਰਦਾਤ ਦੀਆਂ ਕੜੀਆਂ ਜੋੜਨ ਲਈ ਆਸ-ਪਾਸ ਲੱਗੇ ਸੀਸੀਟੀਵੀ ਕੈਮਰਿਆਂ ਦੀ ਫੁਟੇਜ ਖੰਘਾਲੀ ਜਾ ਰਹੀ ਹੈ। ਇਸ ਸਬੰਧੀ ਥਾਣਾ ਮੁਖੀ ਬਲਜਿੰਦਰ ਸਿੰਘ ਨੇ ਕਿਹਾ ਕਿ ਮੁੱਢਲੀ ਜਾਂਚ ਦੌਰਾਨ ਮਾਮਲਾ ਸ਼ੱਕੀ ਲੱਗ ਰਿਹਾ ਹੈ। ਪੁਲਿਸ ਵੱਲੋਂ ਸੀਸੀਟੀਵੀ ਕੈਮਰਿਆਂ ਦੀ ਮਦਦ ਨਾਲ ਮਾਮਲੇ ਦੀ ਬਾਰੀਕੀ ਨਾਲ ਜਾਂਚ ਕੀਤੀ ਜਾ ਰਹੀ ਹੈ। ਜਾਂਚ ਪੂਰੀ ਹੋਣ ਤੋਂ ਬਾਅਦ ਹੀ ਘਟਨਾ ਦੀ ਅਸਲ ਸੱਚਾਈ ਸਾਹਮਣੇ ਆਵੇਗੀ।