- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਡਿਪਟੀ ਕਮਿਸ਼ਨਰ ਵੱਲੋਂ ਪਰਾਲੀ ਸਾੜਨ ਦੀਆਂ ਘਟਨਾਵਾਂ ਨੂੰ ਰੋਕਣ ਲਈ ਵਿਆਪਕ ਯੋਜਨਾ ਤਿਆਰ ਕਰਨ ਦੇ ਨਿਰਦੇਸ਼

-ਪਰਾਲੀ ਨੂੰ ਅੱਗ ਲਾਉਣ ਦੀਆਂ ਘਟਨਾਵਾਂ ’ਤੇ ਸਖ਼ਤ ਨਜ਼ਰ ਰੱਖਣ ਦੀ ਹਦਾਇਤ
-ਲਗਾਤਾਰ ਨਿਗਰਾਨੀ ਲਈ ਨੋਡਲ ਅਫ਼ਸਰ ਤਾਇਨਾਤ ਕਰਨ ਲਈ ਵੀ ਕਿਹਾ
ਸ਼ੈਲੀ, ਪੰਜਾਬੀ ਜਾਗਰਣ, ਜਲੰਧਰ
ਡਿਪਟੀ ਕਮਿਸ਼ਨਰ ਵਰਜੀਤ ਵਾਲੀਆ ਨੇ ਅੱਜ ਇਥੇ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਖੇਤੀਬਾੜੀ, ਪੰਜਾਬ ਪ੍ਰਦੂਸ਼ਣ ਕੰਟਰੋਲ ਬੋਰਡ, ਸਹਿਕਾਰਤਾ ਸਮੇਤ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀਆਂ ਨਾਲ ਮੀਟਿੰਗ ਦੌਰਾਨ ਡਿਪਟੀ ਕਮਿਸ਼ਨਰ ਵਰਜੀਤ ਵਾਲੀਆ ਨੇ ਪਰਾਲੀ ਨੂੰ ਅੱਗ ਲਾਉਣ ਦੀਆਂ ਘਟਨਾਵਾਂ ਨੂੰ ਠੱਲ੍ਹ ਪਾਉਣ ਲਈ ਸਾਰੇ ਵਿਭਾਗਾਂ ਨੂੰ ਬਿਹਤਰ ਆਪਸੀ ਤਾਲਮੇਲ ਨਾਲ ਕੰਮ ਕਰਨ ਲਈ ਕਿਹਾ। ਉਨ੍ਹਾਂ ਝੋਨੇ ਦੀ ਕਟਾਈ ਦੇ ਸੀਜ਼ਨ ਦੇ ਮੱਦੇਨਜ਼ਰ ਹੁਣ ਤੱਕ ਕੀਤੀਆਂ ਗਈਆਂ ਤਿਆਰੀਆਂ ਦਾ ਜਾਇਜ਼ਾ ਲੈਂਦਿਆਂ ਅਧਿਕਾਰੀਆਂ ਨੂੰ ਪਰਾਲੀ ਸਾੜਨ ਦੀਆਂ ਘਟਨਾਵਾਂ ’ਤੇ ਸਖ਼ਤ ਨਜ਼ਰ ਰੱਖਣ ਤੇ ਸਰਕਾਰ ਦੇ ਨਿਰਦੇਸ਼ਾਂ ਮੁਤਾਬਕ ਤੁਰੰਤ ਪ੍ਰਭਾਵਸ਼ਾਲੀ ਕਾਰਵਾਈ ਯਕੀਨੀ ਬਣਾਉਣ ਦੀ ਹਦਾਇਤ ਕੀਤੀ। ਉਨ੍ਹਾਂ ਐੱਸਡੀਐੱਮਜ਼ ਨੂੰ ਆਪੋ-ਆਪਣੇ ਅਧਿਕਾਰ ਖੇਤਰ ’ਚ ਨੋਡਲ ਅਫ਼ਸਰ ਤਾਇਨਾਤ ਕਰਨ ਦੇ ਨਿਰਦੇਸ਼ ਦਿੱਤੇ। ਇਸ ਦੇ ਨਾਲ ਹੀ ਉਨ੍ਹਾਂ ਪਰਾਲੀ ਪ੍ਰੋਟੈਕਸ਼ਨ ਫੋਰਸ ਦਾ ਵੀ ਗਠਨ ਕਰਨ ਲਈ ਕਿਹਾ। ਉਨ੍ਹਾਂ ਨੇ ਕਿਹਾ ਕਿ ਜਿਨ੍ਹਾਂ ਪਿੰਡਾਂ ’ਚ ਪਿਛਲੇ ਸਾਲਾਂ ਦੌਰਾਨ ਪਰਾਲੀ ਸਾੜਨ ਦੀਆਂ ਘਟਨਾਵਾਂ ਵਧੇਰੇ ਦਰਜ ਕੀਤੀਆਂ ਗਈਆਂ ਸਨ, ਉਨ੍ਹਾਂ ’ਤੇ ਵਿਸ਼ੇਸ਼ ਧਿਆਨ ਦਿੱਤਾ ਜਾਵੇ। ਪਰਾਲੀ ਦੀ ਖ਼ਪਤ ਪ੍ਰਕਿਰਿਆ ਨੂੰ ਸੁਚਾਰੂ ਬਣਾਉਣ ਲਈ ਵਾਲੀਆ ਨੇ ਪਰਾਲੀ ਨੂੰ ਕੱਚੇ ਮਾਲ ਜਾਂ ਬਾਲਣ ਵਜੋਂ ਵਰਤਣ ਵਾਲੀਆਂ ਉਦਯੋਗਿਕ ਇਕਾਈਆਂ ਤੇ ਬੇਲਰਾਂ ਰਾਹੀਂ ਪਰਾਲੀ ਇਕੱਠੀ ਕਰਨ ਵਾਲੇ ਕਿਸਾਨਾਂ ਦਰਮਿਆਨ ਬਿਹਤਰ ਤਾਲਮੇਲ ’ਤੇ ਜ਼ੋਰ ਦਿੱਤਾ। ਉਨ੍ਹਾਂ ਕਿਹਾ ਹੇਠਲੇ ਪੱਧਰ ਤੱਕ ਕਿਸਾਨਾਂ ਨੂੰ ਇਨ-ਸੀਟੂ ਤੇ ਐਕਸ-ਸੀਟੂ ਤਰੀਕਿਆਂ ਜ਼ਰੀਏ ਪਰਾਲੀ ਪ੍ਰਬੰਧਨ ਲਈ ਪ੍ਰੇਰਿਤ ਕੀਤਾ ਜਾਵੇ। ਜਾਗਰੂਕਤਾ ਮੁਹਿੰਮ ’ਚ ਸਿੱਖਿਆ ਵਿਭਾਗ ਨੂੰ ਵੀ ਸ਼ਾਮਲ ਕੀਤਾ ਜਾਵੇ ਤਾਂ ਜੋ ਪਰਾਲੀ ਨਾ ਸਾੜਨ ਦਾ ਸੁਨੇਹਾ ਵਿਦਿਆਰਥੀਆਂ ਰਾਹੀਂ ਘਰ-ਘਰ ਪਹੁੰਚਾਇਆ ਜਾ ਸਕੇ। ਮੀਟਿੰਗ ’ਚ ਵਧੀਕ ਡਿਪਟੀ ਕਮਿਸ਼ਨਰ (ਪੇਂਡੂ ਵਿਕਾਸ) ਦਿਵਿਆ ਪੀ, ਮੁੱਖ ਖੇਤੀਬਾੜੀ ਅਫ਼ਸਰ ਡਾ. ਰਣਧੀਰ ਸਿੰਘ ਠਾਕੁਰ, ਉਪ ਰਜਿਸਟਰਾਰ ਸਹਿਕਾਰੀ ਸਭਾਵਾਂ ਗੁਰਵਿੰਦਰਜੀਤ ਸਿੰਘ, ਜ਼ਿਲ੍ਹਾ ਮੰਡੀ ਅਫ਼ਸਰ ਅਰਵਿੰਦਰ ਸਿੰਘ, ਜ਼ਿਲ੍ਹਾ ਸਿੱਖਿਆ ਅਫ਼ਸਰ ਗੁਰਿੰਦਰਜੀਤ ਕੌਰ ਸਮੇਤ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀ ਮੌਜੂਦ ਸਨ।