ਨਸ਼ਿਆਂ ਕਾਰਨ ਹੋ ਰਹੀਆਂ ਮੌਤਾਂ ਨੇ ਵਧਾਈ ਚਿੰਤਾ
ਨਸ਼ਿਆਂ ਕਾਰਨ ਹੋ ਰਹੀਆਂ ਮੌਤਾਂ ’ਤੇ ਚਿੰਤਾ, ਸਰਕਾਰ ਤੇ ਪ੍ਰਸ਼ਾਸਨ ਦੀ ਕਾਰਗੁਜ਼ਾਰੀ ’ਤੇ ਉੱਠੇ ਸਵਾਲ
Publish Date: Fri, 10 Apr 2026 10:12 PM (IST)
Updated Date: Fri, 10 Apr 2026 10:14 PM (IST)

ਸੁਰਜੀਤ ਪਾਲ, ਪੰਜਾਬੀ ਜਾਗਰਣ, ਕਿਸ਼ਨਗੜ੍ਹ : ਪੰਜਾਬ ’ਚ ਨਸ਼ਿਆਂ ਦੀ ਸਮੱਸਿਆ ਲਗਾਤਾਰ ਗੰਭੀਰ ਰੂਪ ਧਾਰਨ ਕਰਦੀ ਜਾ ਰਹੀ ਹੈ, ਜਿਸ ਕਾਰਨ ਵੱਖ-ਵੱਖ ਇਲਾਕਿਆਂ ’ਚ ਨੌਜਵਾਨਾਂ ਦੀਆਂ ਮੌਤਾਂ ਹੋਣ ਦੀਆਂ ਘਟਨਾਵਾਂ ਸਾਹਮਣੇ ਆ ਰਹੀਆਂ ਹਨ। ਇਨ੍ਹਾਂ ਘਟਨਾਵਾਂ ਨੇ ਸੂਬਾ ਸਰਕਾਰ ਤੇ ਪ੍ਰਸ਼ਾਸਨ ਦੀ ਕਾਰਗੁਜ਼ਾਰੀ ’ਤੇ ਕਈ ਸਵਾਲ ਖੜ੍ਹੇ ਕਰ ਦਿੱਤੇ ਹਨ। ਹਾਲ ਹੀ ’ਚ ਸੁਲਤਾਨਪੁਰ ਲੋਧੀ ’ਚ ਇਕ ਪਰਿਵਾਰ ਦੇ ਪੰਜ ਨੌਜਵਾਨ ਪੁੱਤਰਾਂ ਦੀ ਮੌਤ ਤੇ ਬਲਾਕ ਨਡਾਲਾ ਦੇ ਪਿੰਡ ਰਾਏਪੁਰ ਰਾਈਆਂ ’ਚ ਦੋ ਨੌਜਵਾਨਾਂ ਦੀ ਨਸ਼ੇ ਦੀ ਓਵਰਡੋਜ਼ ਕਾਰਨ ਮੌਤ ਹੋਣ ਦੀਆਂ ਘਟਨਾਵਾਂ ਤੋਂ ਬਾਅਦ ਲੋਕਾਂ ’ਚ ਰੋਸ ਵੱਧ ਗਿਆ ਹੈ। ਇਸ ਸਬੰਧੀ ਹਲਕਾ ਸੇਵਾਦਾਰ ਭੁਲੱਥ ਨਛੱਤਰ ਸਿੰਘ ਬਾਈ ਨੇ ਗਹਿਰਾ ਦੁੱਖ ਪ੍ਰਗਟ ਕਰਦਿਆਂ ਸਰਕਾਰ ਤੇ ਪ੍ਰਸ਼ਾਸਨ ਨੂੰ ਤਿੱਖੇ ਸਵਾਲ ਕੀਤੇ ਹਨ। ਉਨ੍ਹਾਂ ਕਿਹਾ ਕਿ ਜੇ ਨਸ਼ਿਆਂ ਦੀ ਰੋਕਥਾਮ ਲਈ ਤੁਰੰਤ ਤੇ ਪ੍ਰਭਾਵਸ਼ਾਲੀ ਕਦਮ ਨਾ ਚੁੱਕੇ ਗਏ ਤਾਂ ਉਹ ਪਿੰਡਾਂ ਦੇ ਲੋਕਾਂ ਨੂੰ ਇਕੱਠਾ ਕਰਕੇ ਸੰਘਰਸ਼ ਲਈ ਮਜਬੂਰ ਹੋਣਗੇ। ਉਧਰ, ਗੁਰਦੀਪ ਸਿੰਘ ਭੰਡਾਲ (ਜ਼ਿਲ੍ਹਾ ਪ੍ਰਧਾਨ, ਅਕਾਲੀ ਦਲ ਵਾਰਿਸ ਪੰਜਾਬ ਦੇ) ਨੇ ਕਿਹਾ ਕਿ ਨਸ਼ਿਆਂ ਕਾਰਨ ਹੋ ਰਹੀਆਂ ਮੌਤਾਂ ਨੇ ਪ੍ਰਸ਼ਾਸਨ ਦੀ ਕਾਰਗੁਜ਼ਾਰੀ ’ਤੇ ਗੰਭੀਰ ਸਵਾਲ ਖੜ੍ਹੇ ਕੀਤੇ ਹਨ। ਉਨ੍ਹਾਂ ਕਿਹਾ ਕਿ ਨਸ਼ਿਆਂ ਦੀ ਸਮੱਸਿਆ ’ਤੇ ਨਿਯੰਤਰਣ ਨਾ ਹੋਣਾ ਚਿੰਤਾਜਨਕ ਹੈ ਤੇ ਇਸ ਲਈ ਜ਼ਿੰਮੇਵਾਰੀ ਤੈਅ ਕੀਤੀ ਜਾਣੀ ਚਾਹੀਦੀ ਹੈ। ਉਨ੍ਹਾਂ ਮੰਗ ਕੀਤੀ ਕਿ ਪੀੜਤ ਪਰਿਵਾਰ ਨੂੰ ਸਰਕਾਰੀ ਸਹਾਇਤਾ ਦਿੱਤੀ ਜਾਵੇ ਤੇ ਸਬੰਧਤ ਮਾਮਲਿਆਂ ਦੀ ਨਿਰਪੱਖ ਜਾਂਚ ਕਰਵਾਈ ਜਾਵੇ। ਇਸ ਮੌਕੇ ਮਨਪ੍ਰੀਤ ਸਿੰਘ ਮੰਨਾ, ਰਾਜਪਾਲ ਸਿੰਘ ਭੁੱਲਰ, ਅੱਛਰ ਸਿੰਘ ਗਡਾਨਾ, ਅਮਰਜੀਤ ਸਿੰਘ ਨਿਜ਼ਾਮਪੁਰ ਸਮੇਤ ਹੋਰ ਆਗੂ ਵੀ ਮੌਜੂਦ ਸਨ।