- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਨਵੇਂ ਬਣੇ ਥਾਣਾ ਲਾਧੜਾ ਵਿਖੇ ਸ੍ਰੀ ਸੁਖਮਨੀ ਸਾਹਿਬ ਜੀ ਦੇ ਪਾਠ ਦੇ ਭੋਗ ਪਾਏ

ਸੁਖਵਿੰਦਰ ਸਿੰਘ, ਪੰਜਾਬੀ ਜਾਗਰਣ, ਭੋਗਪੁਰ: ਅੱਜ ਵਿਧਾਨ ਸਭਾ ਹਲਕਾ ਕਰਤਾਰਪੁਰ ਅਧੀਨ ਨਵੇਂ ਬਣੇ ਥਾਣਾ ਲਾਧੜਾ ਵਿਖੇ ਸਰਬੱਤ ਦੇ ਭਲੇ ਦੀ ਅਰਦਾਸ ਤੇ ਥਾਣੇ ਦੀ ਚੜ੍ਹਦੀ ਕਲਾ ਲਈ ਸ੍ਰੀ ਸੁਖਮਨੀ ਸਾਹਿਬ ਜੀ ਦਾ ਪਾਠ ਕਰਵਾਇਆ ਗਿਆ। ਇਸ ਮੌਕੇ ਗੁਰਬਾਣੀ ਦਾ ਪਾਠ ਤੇ ਕਥਾ ਵਿਚਾਰ ਹੋਏ। ਇਸ ਧਾਰਮਿਕ ਸਮਾਗਮ ਦੌਰਾਨ ਗੁਰਦੁਆਰਾ ਸਿੰਘ ਸਭਾ ਲਾਧੜਾ ਦੇ ਗ੍ਰੰਥੀ ਸਿੰਘ ਭਾਈ ਸਤਨਾਮ ਸਿੰਘ ਵੱਲੋਂ ਸ੍ਰੀ ਸੁਖਮਨੀ ਸਾਹਿਬ ਜੀ ਦੇ ਪਾਠ ਦੀ ਸੇਵਾ ਨਿਭਾਈ ਗਈ। ਪਾਠ ਦੇ ਭੋਗ ਉਪਰੰਤ ਭਾਈ ਸਤਨਾਮ ਸਿੰਘ ਨੇ ਗੁਰਬਾਣੀ ਦੀ ਕਥਾ ਵਿਚਾਰ ਰਾਹੀਂ ਹਾਜ਼ਰ ਸੰਗਤਾਂ ਨੂੰ ਗੁਰੂ ਸਾਹਿਬ ਦੀਆਂ ਸਿੱਖਿਆਵਾਂ ਨਾਲ ਜੋੜਦਿਆਂ ਨਿਹਾਲ ਕੀਤਾ। ਉਨ੍ਹਾਂ ਸੰਗਤਾਂ ਨੂੰ ਗੁਰੂ ਸਾਹਿਬ ਦੇ ਦਰਸਾਏ ਮਾਰਗ ’ਤੇ ਚੱਲਣ, ਨਾਮ ਸਿਮਰਨ ਕਰਨ, ਆਪਸੀ ਭਾਈਚਾਰਾ ਬਣਾਈ ਰੱਖਣ ਅਤੇ ਮਨੁੱਖਤਾ ਦੀ ਸੇਵਾ ਕਰਨ ਦਾ ਸੰਦੇਸ਼ ਦਿੱਤਾ। ਇਸ ਮੌਕੇ ਹਾਜ਼ਰ ਸ਼ਖ਼ਸੀਅਤਾਂ ਨੇ ਕਿਹਾ ਕਿ ਅਜਿਹੇ ਧਾਰਮਿਕ ਸਮਾਗਮ ਸਾਨੂੰ ਗੁਰੂ ਸਾਹਿਬ ਦੀਆਂ ਸਿੱਖਿਆਵਾਂ ਨਾਲ ਜੋੜਦੇ ਹਨ ਤੇ ਸਮਾਜ ’ਚ ਪਿਆਰ, ਸਦਭਾਵਨਾ, ਭਾਈਚਾਰਕ ਸਾਂਝ ਤੇ ਸੇਵਾ ਦੀ ਭਾਵਨਾ ਨੂੰ ਮਜ਼ਬੂਤ ਕਰਦੇ ਹਨ। ਅੰਤ ’ਚ ਗੁਰੂ ਕਾ ਲੰਗਰ ਅਤੁੱਟ ਵਰਤਾਇਆ ਗਿਆ।
ਇਸ ਮੌਕੇ ਸਰਬੱਤ ਦੇ ਭਲੇ, ਇਲਾਕੇ ’ਚ ਅਮਨ-ਸ਼ਾਂਤੀ ਤੇ ਨਵੇਂ ਬਣੇ ਥਾਣਾ ਲਾਧੜਾ ਦੀ ਚੜ੍ਹਦੀ ਕਲਾ ਲਈ ਅਰਦਾਸ ਕੀਤੀ ਗਈ। ਸਮਾਗਮ ਦੌਰਾਨ ਐੱਸ.ਐੱਚ.ਓ. ਬਲਵੀਰ ਸਿੰਘ, ਐੱਮ.ਐੱਚ.ਸੀ. ਗੁਰਇਕਬਾਲ ਸਿੰਘ ਭੰਗੂ, ਏ.ਐੱਸ.ਆਈ. ਸਰਬਜੀਤ ਸਿੰਘ, ਹੈੱਡ ਕਾਂਸਟੇਬਲ ਸੰਦੀਪ ਸ਼ਰਮਾ, ਭੁਪਿੰਦਰ ਸਿੰਘ ਟੀਟੂ ਬਿਨਪਾਲਕੇ, ਲੰਬੜਦਾਰ ਗੁਰਦਿਆਲ ਸਿੰਘ, ਬਲਾਕ ਸੰਮਤੀ ਮੈਂਬਰ ਕੁਲਵੰਤ ਸਿੰਘ ਮੱਲ੍ਹੀ ਸਮੇਤ ਇਲਾਕੇ ਦੀਆਂ ਹੋਰ ਪ੍ਰਮੁੱਖ ਸ਼ਖ਼ਸੀਅਤਾਂ ਤੇ ਸੰਗਤਾਂ ਹਾਜ਼ਰ ਸਨ।