- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਕਾਂਗਰਸ ਨੇ ਫੂਕਿਆ ਵਿੱਤ ਮੰਤਰੀ ਦਾ ਪੁਤਲਾ, ਗੁਲਜ਼ਾਰ ਸਿੰਘ ਮਾਮਲੇ ਵਿੱਚ ਕੇਸ ਦਰਜ ਕਰਨ ਦੀ ਮੰਗ

ਸੀਨੀਅਰ ਸਟਾਫ ਰਿਪੋਰਟਰ, ਪੰਜਾਬੀ ਜਾਗਰਣ, ਜਲੰਧਰ : ਜ਼ਿਲ੍ਹਾ ਕਾਂਗਰਸ ਦੀ ਸ਼ਹਿਰੀ ਤੇ ਦਿਹਾਤੀ ਇਕਾਈ ਵੱਲੋਂ ਦਿੜ੍ਹਬਾ ਦੇ ਗੁਲਜ਼ਾਰ ਸਿੰਘ ਦੀ ਮੌਤ ਦੇ ਮਾਮਲੇ ਨੂੰ ਲੈ ਕੇ ਸ਼ੁੱਕਰਵਾਰ ਨੂੰ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਦਾ ਪੁਤਲਾ ਫੂਕਿਆ ਗਿਆ। ਕਾਂਗਰਸੀ ਆਗੂਆਂ ਨੇ ਦੋਸ਼ ਲਗਾਇਆ ਕਿ ਗੁਲਜ਼ਾਰ ਸਿੰਘ ਨੇ ਵਿੱਤ ਮੰਤਰੀ ਤੇ ਉਨ੍ਹਾਂ ਦੇ ਸਾਥੀਆਂ ਵੱਲੋਂ ਡਰਾਉਣ-ਧਮਕਾਉਣ ਕਾਰਨ ਖ਼ੁਦਕੁਸ਼ੀ ਦਾ ਕਦਮ ਚੁੱਕਿਆ। ਪੰਜਾਬ ਪੁਲਿਸ ਵੱਲੋਂ ਇਸ ਮਾਮਲੇ ’ਚ 5 ਵਿਅਕਤੀਆਂ ਖ਼ਿਲਾਫ਼ ਐੱਫਆਈਆਰ ਦਰਜ ਕੀਤੀ ਗਈ ਹੈ ਪਰ ਹਰਪਾਲ ਸਿੰਘ ਚੀਮਾ ਦਾ ਨਾਮ ਇਸ ਵਿੱਚ ਸ਼ਾਮਲ ਨਹੀਂ ਕੀਤਾ ਗਿਆ। ਜ਼ਿਲ੍ਹਾ ਕਾਂਗਰਸ ਪ੍ਰਧਾਨ ਰਜਿੰਦਰ ਬੇਰੀ, ਵਿਧਾਇਕ ਹਰਦੇਵ ਸਿੰਘ ਲਾਡੀ ਸ਼ੇਰੋਵਾਲੀਆ, ਵਿਧਾਇਕ ਬਾਵਾ ਹੈਨਰੀ, ਸੁਖਵਿੰਦਰ ਸਿੰਘ ਕੋਟਲੀ ਤੇ ਹਲਕਾ ਇੰਚਾਰਜ ਸੁਰਿੰਦਰ ਕੌਰ ਨੇ ਕਿਹਾ ਕਿ ਗੁਲਜ਼ਾਰ ਸਿੰਘ ਨੇ ਆਪਣੇ ਆਖਰੀ ਬਿਆਨ ’ਚ ਹਰਪਾਲ ਸਿੰਘ ਚੀਮਾ ਨੂੰ ਖ਼ੁਦਕੁਸ਼ੀ ਲਈ ਜ਼ਿੰਮੇਵਾਰ ਠਹਿਰਾਇਆ ਸੀ। ਕਾਂਗਰਸੀ ਆਗੂਆਂ ਨੇ ਕਿਹਾ ਕਿ ਆਮ ਤੌਰ ’ਤੇ ਮੌਤ ਤੋਂ ਪਹਿਲਾਂ ਦਿੱਤੇ ਗਏ ਬਿਆਨ ਨੂੰ ਮਹੱਤਵਪੂਰਨ ਸਬੂਤ ਮੰਨਿਆ ਜਾਂਦਾ ਹੈ। ਜਦੋਂ ਗੁਲਜ਼ਾਰ ਸਿੰਘ ਨੇ ਸਪੱਸ਼ਟ ਤੌਰ ’ਤੇ ਚੀਮਾ ਦਾ ਨਾਮ ਲਿਆ ਸੀ ਤਾਂ ਐੱਫਆਈਆਰ ਵਿੱਚ ਉਨ੍ਹਾਂ ਦਾ ਨਾਮ ਕਿਉਂ ਨਹੀਂ ਹੈ ਅਤੇ ਉਨ੍ਹਾਂ ਦੀ ਗ੍ਰਿਫ਼ਤਾਰੀ ਕਿਉਂ ਨਹੀਂ ਹੋ ਰਹੀ? ਕਾਂਗਰਸ ਨੇ ਮੰਗ ਕੀਤੀ ਕਿ ਹਰਪਾਲ ਸਿੰਘ ਚੀਮਾ ਖ਼ਿਲਾਫ਼ ਖ਼ੁਦਕੁਸ਼ੀ ਲਈ ਉਕਸਾਉਣ ਦੀਆਂ ਧਾਰਾਵਾਂ ਤਹਿਤ ਮਾਮਲਾ ਦਰਜ ਕਰਕੇ ਉਨ੍ਹਾਂ ਨੂੰ ਤੁਰੰਤ ਗ੍ਰਿਫ਼ਤਾਰ ਕੀਤਾ ਜਾਵੇ, ਤਾਂ ਜੋ ਉਹ ਆਪਣੇ ਅਹੁਦੇ ਅਤੇ ਤਾਕਤ ਦੀ ਦੁਰਵਰਤੋਂ ਕਰਕੇ ਪੀੜਤ ਪਰਿਵਾਰ ਨੂੰ ਡਰਾਉਣ-ਧਮਕਾਉਣ ਦੀ ਕੋਸ਼ਿਸ਼ ਨਾ ਕਰ ਸਕਣ। ਇਸ ਦੇ ਨਾਲ ਹੀ ਦੋਸ਼ ਲਗਾਇਆ ਗਿਆ ਕਿ ਗੁਲਜ਼ਾਰ ਸਿੰਘ ਦਾ ਅੰਤਿਮ ਸੰਸਕਾਰ ਵੀ ਪਰਿਵਾਰ ਦੀ ਇੱਛਾ ਦੇ ਵਿਰੁੱਧ ਜ਼ਬਰਦਸਤੀ ਕਰਵਾਇਆ ਗਿਆ। ਆਗੂਆਂ ਨੇ ਕਿਹਾ ਕਿ ਆਮ ਆਦਮੀ ਪਾਰਟੀ ਨਸ਼ਾ ਖ਼ਤਮ ਕਰਨ ਦੇ ਵੱਡੇ ਦਾਅਵੇ ਕਰਦੀ ਰਹੀ ਹੈ, ਪਰ ਨਸ਼ੇ ਦੇ ਮੁੱਦੇ ’ਤੇ ਸਵਾਲ ਚੁੱਕਣ ਵਾਲੇ ਵਿਅਕਤੀ ਨਾਲ ਕੀ ਹੋਇਆ, ਇਹ ਸਭ ਦੇ ਸਾਹਮਣੇ ਹੈ। ਪ੍ਰਦਰਸ਼ਨ ਵਿੱਚ ਹਲਕਾ ਇੰਚਾਰਜ ਕਰਤਾਰਪੁਰ ਰਜਿੰਦਰ ਸਿੰਘ, ਡਾ. ਨਵਜੋਤ ਦਹੀਆ, ਚੌਧਰੀ ਸੁਰਿੰਦਰ ਸਿੰਘ ਸਮੇਤ ਵੱਡੀ ਗਿਣਤੀ ਵਿੱਚ ਕਾਂਗਰਸੀ ਵਰਕਰ ਸ਼ਾਮਲ ਹੋਏ।