- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
2027 ਦੀਆਂ ਵਿਧਾਨ ਸਭਾ ਚੋਣਾਂ ਲਈ ਕਾਂਗਰਸ ਆਗੂਆਂ ਤੇ ਵਰਕਰਾਂ ਨੂੰ ਇਕਜੁੱਟ ਹੋਣ ਦਾ ਸੱਦਾ

ਲੀਡਰਸ਼ਿਪ ਡਿਵੈੱਲਪਮੈਂਟ ਮਿਸ਼ਨ ਤਹਿਤ ਕਾਂਗਰਸ ਭਵਨ ਜਲੰਧਰ ’ਚ ਇਕੱਠ
ਪੱਤਰ ਪ੍ਰੇਰਕ, ਪਜਾਬੀ ਜਾਗਰਣ ਜਲੰਧਰ
ਲੀਡਰਸ਼ਿਪ ਡਿਵੈੱਲਪਮੈਂਟ ਮਿਸ਼ਨ ਤਹਿਤ ਵੀਰਵਾਰ ਕਾਂਗਰਸ ਭਵਨ ਜਲੰਧਰ ਵਿਖੇ ਮੀਟਿੰਗ ਕੀਤੀ। ਮੀਟਿੰਗ ਵਿੱਚ ਮਿਸ਼ਨ ਦੇ ਇੰਚਾਰਜ ਅਤੇ ਰਾਜ ਸਭਾ ਮੈਂਬਰ ਹਰਿਆਣਾ ਕਰਮਵੀਰ ਸਿੰਘ ਬੌਧ ਨੇ ਵਿਸ਼ੇਸ਼ ਤੌਰ ’ਤੇ ਸ਼ਿਰਕਤ ਕੀਤੀ। ਉਨ੍ਹਾਂ ਦੇ ਨਾਲ ਪੰਜਾਬ ਪ੍ਰਦੇਸ਼ ਕਾਂਗਰਸ ਐੱਸ.ਸੀ. ਸੈੱਲ ਦੇ ਚੇਅਰਮੈਨ ਗੁਰਪ੍ਰੀਤ ਸਿੰਘ ਲੱਕੀ ਪਖੋਕੇ ਵੀ ਵਿਸ਼ੇਸ਼ ਤੌਰ ’ਤੇ ਮੌਜੂਦ ਰਹੇ। ਮੀਟਿੰਗ ਨੂੰ ਸੰਬੋਧਨ ਕਰਦਿਆਂ ਕਰਮਵੀਰ ਸਿੰਘ ਬੌਧ ਨੇ ਕਿਹਾ ਕਿ ਆਉਣ ਵਾਲੀਆਂ 2027 ਦੀਆਂ ਵਿਧਾਨ ਸਭਾ ਚੋਣਾਂ ਨੂੰ ਧਿਆਨ ’ਚ ਰੱਖਦਿਆਂ ਕਾਂਗਰਸ ਦੇ ਹਰੇਕ ਆਗੂ ਅਤੇ ਵਰਕਰ ਨੂੰ ਇਕਜੁੱਟ ਹੋ ਕੇ ਪਾਰਟੀ ਨੂੰ ਮਜ਼ਬੂਤ ਕਰਨ ਲਈ ਕੰਮ ਕਰਨਾ ਹੋਵੇਗਾ। ਉਨ੍ਹਾਂ ਕਿਹਾ ਕਿ ਕਾਂਗਰਸ ਪਾਰਟੀ ਨੂੰ ਜ਼ਮੀਨੀ ਪੱਧਰ ’ਤੇ ਹੋਰ ਮਜ਼ਬੂਤ ਕਰਨ ਅਤੇ ਲੋਕਾਂ ਨਾਲ ਸਿੱਧਾ ਸੰਪਰਕ ਵਧਾਉਣ ਦੀ ਲੋੜ ਹੈ। ਉਨ੍ਹਾਂ ਪੰਜਾਬ ਦੀ ਮੌਜੂਦਾ ਸਰਕਾਰ ’ਤੇ ਸਿਆਸੀ ਹਮਲਾ ਕਰਦਿਆਂ ਦੋਸ਼ ਲਾਇਆ ਕਿ ਸੂਬੇ ਵਿੱਚ ਨਸ਼ਿਆਂ ਦੀ ਸਮੱਸਿਆ, ਭ੍ਰਿਸ਼ਟਾਚਾਰ ਅਤੇ ਕਾਨੂੰਨ-ਵਿਵਸਥਾ ਨੂੰ ਲੈ ਕੇ ਲੋਕਾਂ ਵਿੱਚ ਚਿੰਤਾ ਪਾਈ ਜਾ ਰਹੀ ਹੈ।
ਉਨ੍ਹਾਂ ਕਿਹਾ ਕਿ ਗੋਲੀਬਾਰੀ ਤੇ ਕਤਲ ਵਰਗੀਆਂ ਘਟਨਾਵਾਂ ਕਾਰਨ ਸੂਬੇ ਦੇ ਲੋਕਾਂ ਵਿੱਚ ਸੁਰੱਖਿਆ ਨੂੰ ਲੈ ਕੇ ਸਵਾਲ ਉੱਠ ਰਹੇ ਹਨ। ਉਨ੍ਹਾਂ ਨੇ ਕਿਹਾ ਕਿ ਕਾਂਗਰਸ ਵਰਕਰਾਂ ਨੂੰ ਸਰਕਾਰ ਦੀਆਂ ਨੀਤੀਆਂ ਤੇ ਕਾਰਗੁਜ਼ਾਰੀ ਸਬੰਧੀ ਲੋਕਾਂ ਦੀਆਂ ਸਮੱਸਿਆਵਾਂ ਨੂੰ ਸਮਝਦਿਆਂ ਉਨ੍ਹਾਂ ਦੀ ਆਵਾਜ਼ ਬਣਨਾ ਚਾਹੀਦਾ ਹੈ। 2027 ਦੀਆਂ ਵਿਧਾਨ ਸਭਾ ਚੋਣਾਂ ਲਈ ਪਾਰਟੀ ਦੇ ਆਗੂਆਂ ਅਤੇ ਵਰਕਰਾਂ ਨੂੰ ਹੁਣ ਤੋਂ ਹੀ ਪੂਰੀ ਤਰ੍ਹਾਂ ਸਰਗਰਮ ਹੋਣ ਦੀ ਲੋੜ ਹੈ। ਉਨ੍ਹਾਂ ਕਿਹਾ ਕਿ ਕਾਂਗਰਸ ਆਗੂਆਂ ਅਤੇ ਵਰਕਰਾਂ ਵੱਲੋਂ ਮੀਟਿੰਗ ਦੌਰਾਨ ਦਿੱਤੇ ਗਏ ਵਿਚਾਰਾਂ ਅਤੇ ਸੁਝਾਵਾਂ ਨੂੰ ਹਾਈਕਮਾਂਡ ਤੱਕ ਪਹੁੰਚਾਇਆ ਜਾਵੇਗਾ, ਤਾਂ ਜੋ ਸੰਗਠਨ ਨੂੰ ਹੋਰ ਮਜ਼ਬੂਤ ਕਰਨ ਲਈ ਲੋੜੀਂਦੇ ਕਦਮ ਚੁੱਕੇ ਜਾ ਸਕਣ। ਮੀਟਿੰਗ ਦੌਰਾਨ ਜਲੰਧਰ ਜ਼ਿਲ੍ਹੇ ਨਾਲ ਸਬੰਧਤ ਕਾਂਗਰਸੀ ਆਗੂਆਂ ਅਤੇ ਵੱਖ-ਵੱਖ ਵਿੰਗਾਂ ਦੇ ਅਹੁਦੇਦਾਰਾਂ ਨੇ ਵੀ ਆਪਣੇ ਵਿਚਾਰ ਅਤੇ ਸੁਝਾਅ ਸਾਂਝੇ ਕੀਤੇ। ਇਸ ਮੌਕੇ ਸੰਗਠਨ ਨੂੰ ਜ਼ਮੀਨੀ ਪੱਧਰ ’ਤੇ ਹੋਰ ਮਜ਼ਬੂਤ ਕਰਨ, ਵਰਕਰਾਂ ਨੂੰ ਸਰਗਰਮ ਕਰਨ ਅਤੇ ਆਮ ਲੋਕਾਂ ਨਾਲ ਸੰਪਰਕ ਵਧਾਉਣ ਸਬੰਧੀ ਵਿਚਾਰ-ਵਟਾਂਦਰਾ ਕੀਤਾ ਗਿਆ। ਇਸ ਤੋਂ ਇਲਾਵਾ ਮਹਿਲਾ ਕਾਂਗਰਸ, ਯੂਥ ਕਾਂਗਰਸ, ਇੰਟਕ, ਲੀਗਲ ਸੈੱਲ, ਐਸ.ਸੀ. ਸੈੱਲ ਦੇ ਅਹੁਦੇਦਾਰਾਂ ਤੋਂ ਇਲਾਵਾ ਜਲੰਧਰ ਸ਼ਹਿਰੀ ਅਤੇ ਦਿਹਾਤੀ ਕਾਂਗਰਸ ਦੇ ਸੀਨੀਅਰ ਆਗੂਆਂ ਅਤੇ ਵਰਕਰਾਂ ਨੇ ਵੀ ਮੀਟਿੰਗ ਵਿੱਚ ਸ਼ਮੂਲੀਅਤ ਕੀਤੀ। ਮੀਟਿੰਗ ਦੌਰਾਨ ਕਾਂਗਰਸ ਸੰਗਠਨ ਨੂੰ ਮਜ਼ਬੂਤ ਕਰਨ ਅਤੇ ਆਉਣ ਵਾਲੇ ਸਮੇਂ ਵਿੱਚ ਪਾਰਟੀ ਦੀਆਂ ਗਤੀਵਿਧੀਆਂ ਨੂੰ ਹੋਰ ਤੇਜ਼ ਕਰਨ ’ਤੇ ਵੀ ਵਿਚਾਰ-ਵਟਾਂਦਰਾ ਕੀਤਾ ਗਿਆ। ਮੀਟਿੰਗ ’ਚ ਜ਼ਿਲ੍ਹਾ ਕਾਂਗਰਸ ਕਮੇਟੀ ਦਿਹਾਤੀ ਦੇ ਪ੍ਰਧਾਨ ਅਤੇ ਵਿਧਾਇਕ ਹਰਦੇਵ ਸਿੰਘ ਲਾਡੀ ਸ਼ੇਰੋਵਾਲੀਆ, ਸਾਬਕਾ ਵਿਧਾਇਕ ਅਤੇ ਜ਼ਿਲ੍ਹਾ ਕਾਂਗਰਸ ਕਮੇਟੀ ਜਲੰਧਰ ਸ਼ਹਿਰੀ ਦੇ ਪ੍ਰਧਾਨ ਰਾਜਿੰਦਰ ਬੇਰੀ, ਵਿਧਾਇਕ ਆਦਮਪੁਰ ਸੁਖਵਿੰਦਰ ਸਿੰਘ ਕੋਟਲੀ, ਵਿਧਾਇਕ ਜਲੰਧਰ ਨਾਰਥ ਅਵਤਾਰ ਸਿੰਘ ਜੂਨੀਅਰ ਬਾਵਾ ਹੈਨਰੀ, ਹਲਕਾ ਇੰਚਾਰਜ ਨਕੋਦਰ ਡਾ. ਨਵਜੋਤ ਸਿੰਘ ਦਾਹੀਆ, ਹਲਕਾ ਇੰਚਾਰਜ ਜਲੰਧਰ ਵੈਸਟ ਸੁਰਿੰਦਰ ਕੌਰ, ਹਲਕਾ ਇੰਚਾਰਜ ਕਰਤਾਰਪੁਰ ਅਤੇ ਸਾਬਕਾ ਐਸ.ਐਸ.ਪੀ. ਰਜਿੰਦਰ ਸਿੰਘ, ਸਾਬਕਾ ਵਿਧਾਇਕ ਚੌਧਰੀ ਸੁਰਿੰਦਰ ਸਿੰਘ ਸਮੇਤ ਵੱਡੀ ਗਿਣਤੀ ਵਿੱਚ ਕਾਂਗਰਸੀ ਆਗੂ ਮੌਜੂਦ ਸਨ।