- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਬਾਬਾ ਸਾਹਿਬ ਦੀ ਮੂਰਤੀ ਨਾਲ ਛੇੜਛਾੜ ਦੇ ਵਿਰੋਧ ਵਿੱਚ ਕਾਂਗਰਸ ਨੇ ਕੱਢਿਆ ਰੋਸ ਮਾਰਚ

ਤੇਜਿੰਦਰ ਕੌਰ ਥਿੰਦ, ਪੰਜਾਬੀ ਜਾਗਰਣ, ਜਲੰਧਰ: ਲੁਧਿਆਣਾ ਦੇ ਜਲੰਧਰ ਬਾਈਪਾਸ ਚੌਕ ਵਿਖੇ ਬਾਬਾ ਸਾਹਿਬ ਡਾ. ਬੀ.ਆਰ. ਅੰਬੇਡਕਰ ਦੇ ਬੁੱਤ ਨਾਲ ਕਥਿਤ ਛੇੜਛਾੜ ਦੀ ਘਟਨਾ ਦੇ ਵਿਰੋਧ ਵਿੱਚ ਕਾਂਗਰਸ ਪਾਰਟੀ ਵੱਲੋਂ ਕਾਂਗਰਸ ਜਲੰਧਰ ਸ਼ਹਿਰੀ ਦੇ ਜ਼ਿਲਾ ਪ੍ਰਧਾਨ ਰਜਿੰਦਰ ਬੇਰੀ ਦੀ ਅਗਵਾਈ ਹੇਠ ਜਲੰਧਰ ’ਚ ਰੋਸ ਮਾਰਚ ਕੱਢਿਆ ਗਿਆ। ਇਹ ਰੋਸ ਮਾਰਚ ਭਗਵਾਨ ਵਾਲਮੀਕਿ ਚੌਕ ਤੋਂ ਸ਼ੁਰੂ ਹੋ ਕੇ ਡਾ. ਬੀ.ਆਰ. ਅੰਬੇਡਕਰ ਚੌਕ ਤੱਕ ਪੁੱਜਾ।
ਇਸ ਮੌਕੇ ਸ਼ਹਿਰੀ ਕਾਂਗਰਸ ਪ੍ਰਧਾਨ ਰਜਿੰਦਰ ਬੇਰੀ ਨੇ ਘਟਨਾ ਦੀ ਸਖ਼ਤ ਨਿੰਦਾ ਕਰਦਿਆਂ ਕਿਹਾ ਕਿ ਬਾਬਾ ਸਾਹਿਬ ਦੇ ਬੁੱਤ ਨਾਲ ਛੇੜਛਾੜ ਕਰਨਾ ਬੇਹੱਦ ਨਿੰਦਣਯੋਗ ਹੈ। ਉਨ੍ਹਾਂ ਕਿਹਾ ਕਿ ਇਹ ਪਹਿਲੀ ਵਾਰ ਨਹੀਂ, ਸਗੋਂ ਅਜਿਹੀ ਘਟਨਾਵਾਂ ਕਈ ਵਾਰ ਹੋਈਆਂ ਹਨ। ਉਨ੍ਹਾਂ ਪ੍ਰਸ਼ਾਸਨ ਤੋਂ ਮੰਗ ਕੀਤੀ ਕਿ ਮਾਮਲੇ ਦੇ ਦੋਸ਼ੀਆਂ ਨੂੰ ਜਲਦ ਤੋਂ ਜਲਦ ਗ੍ਰਿਫ਼ਤਾਰ ਕਰਕੇ ਸਖ਼ਤ ਸਜ਼ਾ ਦਿੱਤੀ ਜਾਵੇ। ਰਜਿੰਦਰ ਬੇਰੀ ਨੇ ਚਿਤਾਵਨੀ ਦਿੱਤੀ ਕਿ ਜੇਕਰ ਦੋ ਦਿਨਾਂ ਦੇ ਅੰਦਰ ਦੋਸ਼ੀਆਂ ਦੀ ਗ੍ਰਿਫ਼ਤਾਰੀ ਨਾ ਹੋਈ ਤਾਂ ਕਾਂਗਰਸ ਪਾਰਟੀ ਵੱਲੋਂ ਸੰਘਰਸ਼ ਨੂੰ ਹੋਰ ਤੇਜ਼ ਕੀਤਾ ਜਾਵੇਗਾ। ਉਨ੍ਹਾਂ ਕਿਹਾ ਕਿ ਲੋੜ ਪੈਣ ’ਤੇ ਪੰਜਾਬ ਬੰਦ ਦੀ ਕਾਲ ਦੇਣ ਸਬੰਧੀ ਪਾਰਟੀ ਹਾਈਕਮਾਂਡ ਨਾਲ ਗੱਲਬਾਤ ਕੀਤੀ ਜਾਵੇਗੀ। ਇਸ ਮੌਕੇ ਕਾਂਗਰਸੀ ਕੌਂਸਲਰ ਸ਼ੈਰੀ ਚੱਢਾ ਨੇ ਕਿਹਾ ਕਿ ਡਾ. ਬੀ.ਆਰ. ਅੰਬੇਡਕਰ ਜੀ ਦਾ ਦੁਨੀਆ ਭਰ ਵਿੱਚ ਉਨ੍ਹਾਂ ਦਾ ਸਤਿਕਾਰ ਕੀਤਾ ਜਾਂਦਾ ਹੈ। ਉਨ੍ਹਾਂ ਕਿਹਾ ਕਿ ਬਾਬਾ ਸਾਹਿਬ ਨੇ ਸਮਾਜ ਦੇ ਹਰ ਵਰਗ ਨੂੰ ਸਨਮਾਨ ਅਤੇ ਬਰਾਬਰੀ ਦਾ ਹੱਕ ਦਿਵਾਉਣ ਲਈ ਵੱਡਾ ਯੋਗਦਾਨ ਪਾਇਆ। ਉਨ੍ਹਾਂ ਕਿਹਾ ਕਿ ਸ਼ਰਾਰਤੀ ਅਨਸਰਾਂ ਵੱਲੋਂ ਬਾਬਾ ਸਾਹਿਬ ਦੇ ਬੁੱਤ ਨਾਲ ਕੀਤੀ ਗਈ ਛੇੜਛਾੜ ਕਾਰਨ ਲੋਕਾਂ ’ਚ ਭਾਰੀ ਰੋਸ ਹੈ। ਕਾਂਗਰਸ ਆਗੂਆਂ ਨੇ ਪ੍ਰਸ਼ਾਸਨ ਨੂੰ ਅਪੀਲ ਕੀਤੀ ਕਿ ਮਾਮਲੇ ਵਿੱਚ ਤੁਰੰਤ ਕਾਰਵਾਈ ਕਰਕੇ ਦੋਸ਼ੀਆਂ ਨੂੰ ਗ੍ਰਿਫ਼ਤਾਰ ਕੀਤਾ ਜਾਵੇ, ਨਹੀਂ ਤਾਂ ਆਉਣ ਵਾਲੇ ਦਿਨਾਂ ਵਿੱਚ ਸੰਘਰਸ਼ ਹੋਰ ਤਿੱਖਾ ਕੀਤਾ ਜਾਵੇਗਾ।