ਬਾਲੀ ਵੱਲੋਂ ਨਾਲ ਇੰਟਰਲਾਕਿੰਗ ਟਾਈਲਾਂ ਦੇ ਕੰਮ ਦਾ ਉਦਘਾਟਨ ਹਲਕਾ ਇੰਚਾਰਜ ਦੀਪਕ ਬਾਲੀ ਵੱਲੋਂ ਵਾਰਡ ਨੰਬਰ 37 ਨੂੰ ਵਿਕਾਸ ਦਾ ਤੋਹਫ਼ਾ
Publish Date: Mon, 19 Oct 2026 08:34 PM (IST)
Updated Date: Mon, 19 Oct 2026 08:36 PM (IST)
ਪੱਤਰ ਪ੍ਰੇਰਕ, ਪੰਜਾਬੀ ਜਾਗਰਣ, ਜਲੰਧਰ : ਵਾਰਡ ਨੰਬਰ 37 ਦੇ ਬਾਬਾ ਮੱਖਣ ਸ਼ਾਹ ਲੁਬਾਣਾ ਨਗਰ ’ਚ ਵਿਕਾਸ ਕਾਰਜਾਂ ਨੂੰ ਹੁਲਾਰਾ ਦਿੰਦਿਆਂ 15 ਲੱਖ ਰੁਪਏ ਦੀ ਲਾਗਤ ਨਾਲ ਇੰਟਰਲਾਕਿੰਗ ਟਾਈਲਾਂ ਲਗਾਉਣ ਦੇ ਕੰਮ ਦਾ ਉਦਘਾਟਨ ਹਲਕਾ ਕੈਂਟ ਦੇ ਇੰਚਾਰਜ ਦੀਪਕ ਬਾਲੀ ਵੱਲੋਂ ਕੀਤਾ ਗਿਆ। ਇਸ ਮੌਕੇ ਇਲਾਕਾ ਨਿਵਾਸੀਆਂ ਨੇ ਦੀਪਕ ਬਾਲੀ ਦਾ ਧੰਨਵਾਦ ਕਰਦਿਆਂ ਕਿਹਾ ਕਿ ਇੰਟਰਲਾਕਿੰਗ ਟਾਈਲਾਂ ਲੱਗਣ ਨਾਲ ਲੋਕਾਂ ਨੂੰ ਆਵਾਜਾਈ ’ਚ ਵੱਡੀ ਸਹੂਲਤ ਮਿਲੇਗੀ ਤੇ ਇਲਾਕੇ ਦੀਆਂ ਬੁਨਿਆਦੀ ਸਹੂਲਤਾਂ ’ਚ ਸੁਧਾਰ ਹੋਵੇਗਾ। ਇਸ ਮੌਕੇ ਪੰਜਾਬ ਐਗਰੋ ਦੇ ਚੇਅਰਮੈਨ ਮੰਗਲ ਸਿੰਘ ਬਾਸੀ, ਦੋਆਬਾ ਮੀਡੀਆ ਸਕੱਤਰ ਆਤਮ ਪ੍ਰਕਾਸ਼ ਬਬਲੂ, ਵਾਰਡ ਨੰਬਰ 37 ਦੇ ਇੰਚਾਰਜ ਨਿਰਵਲ ਕੰਗ, ਹਲਕਾ ਕੈਂਟ ਦੇ ਮੀਡੀਆ ਇੰਚਾਰਜ ਅਨਮੋਲ ਖੰਨਾ, ਜਗਜੀਤ ਸਿੰਘ ਗਾਬਾ ਤੇ ਬਾਬਾ ਮੱਖਣ ਸ਼ਾਹ ਲੁਬਾਣਾ ਦੇ ਪ੍ਰਧਾਨ ਐੱਸਪੀ ਸਿੰਘ ਵਿਸ਼ੇਸ਼ ਤੌਰ ’ਤੇ ਹਾਜ਼ਰ ਰਹੇ। ਇਸ ਤੋਂ ਇਲਾਵਾ ਸੁਖਵਿੰਦਰ ਸਿੰਘ, ਅਮਿਤ ਕੁਮਾਰ, ਬਲਦੇਵ ਸਿੰਘ, ਸਤਵਿੰਦਰ ਸਿੰਘ, ਸੁਰਿੰਦਰ ਸਿੰਘ, ਹਨੀ ਸਰੀਨ, ਅਮਰਜੀਤ ਸਿੰਘ, ਸੰਤੋਖ ਸਿੰਘ, ਦੀਦਾਰ ਸਿੰਘ, ਸਤਨਾਮ ਸਿੰਘ ਤੇ ਪੀਐੱਸ ਵਾਲੀਆ ਸਮੇਤ ਹੋਰ ਪਤਵੰਤੇ ਵੀ ਮੌਜੂਦ ਸਨ। ਇਸ ਮੌਕੇ ਇਲਾਕਾ ਨਿਵਾਸੀਆਂ ਨੇ ਕਿਹਾ ਕਿ ਇੰਟਰਲਾਕਿੰਗ ਟਾਈਲਾਂ ਲਗਾਉਣ ਦਾ ਕੰਮ ਇਲਾਕੇ ਦੀ ਲੰਬੇ ਸਮੇਂ ਤੋਂ ਮਹਿਸੂਸ ਕੀਤੀ ਜਾ ਰਹੀ ਲੋੜ ਨੂੰ ਪੂਰਾ ਕਰਨ ਵੱਲ ਇਕ ਅਹਿਮ ਕਦਮ ਹੈ। ਉਨ੍ਹਾਂ ਕਿਹਾ ਕਿ ਇਸ ਨਾਲ ਨਾ ਸਿਰਫ਼ ਆਵਾਜਾਈ ਸੁਖਾਲੀ ਹੋਵੇਗੀ, ਸਗੋਂ ਇਲਾਕੇ ਦੀ ਦਿੱਖ ’ਚ ਵੀ ਸੁਧਾਰ ਆਵੇਗਾ। ਉਨ੍ਹਾਂ ਨੇ ਇਸ ਵਿਕਾਸ ਕਾਰਜ ਲਈ ਹਲਕਾ ਇੰਚਾਰਜ ਦੀਪਕ ਬਾਲੀ ਦਾ ਧੰਨਵਾਦ ਕੀਤਾ। ਇਸ ਮੌਕੇ ਦੀਪਕ ਬਾਲੀ ਨੇ ਕਿਹਾ ਕਿ ਇਲਾਕੇ ਦਾ ਸਰਬਪੱਖੀ ਵਿਕਾਸ ਤੇ ਲੋਕਾਂ ਨੂੰ ਬਿਹਤਰ ਬੁਨਿਆਦੀ ਸਹੂਲਤਾਂ ਮੁਹੱਈਆ ਕਰਵਾਉਣਾ ਉਨ੍ਹਾਂ ਦੀ ਮੁੱਖ ਤਰਜੀਹ ਹੈ। ਉਨ੍ਹਾਂ ਕਿਹਾ ਕਿ ਵਾਰਡ ’ਚ ਜਿਹੜੇ ਹੋਰ ਵਿਕਾਸ ਕਾਰਜ ਬਕਾਇਆ ਹਨ, ਉਨ੍ਹਾਂ ਨੂੰ ਵੀ ਪਹਿਲ ਦੇ ਆਧਾਰ ਤੇ ਪੂਰਾ ਕਰਵਾਉਣ ਲਈ ਯਤਨ ਕੀਤੇ ਜਾਣਗੇ, ਤਾਂ ਜੋ ਲੋਕਾਂ ਨੂੰ ਰੋਜ਼ਾਨਾ ਜੀਵਨ ’ਚ ਕਿਸੇ ਕਿਸਮ ਦੀ ਦਿੱਕਤ ਦਾ ਸਾਹਮਣਾ ਨਾ ਕਰਨਾ ਪਵੇ। ਉਨ੍ਹਾਂ ਭਰੋਸਾ ਦਿਵਾਇਆ ਕਿ ਇਲਾਕਾ ਨਿਵਾਸੀਆਂ ਦੀਆਂ ਲੋੜਾਂ ਤੇ ਸਮੱਸਿਆਵਾਂ ਨੂੰ ਧਿਆਨ ’ਚ ਰੱਖਦਿਆਂ ਵਿਕਾਸ ਕਾਰਜਾਂ ਨੂੰ ਲਗਾਤਾਰ ਅੱਗੇ ਵਧਾਇਆ ਜਾਵੇਗਾ।