- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਸੁਰਜੀਤ ਸਿੰਘ ਖਾਲਸਤਾਨੀ ਨੂੰ ਹਲਕਾ ਇੰਚਾਰਜ ਵਜੋਂ ਸੇਵਾ ਜਾਰੀ ਰੱਖਣ ਲਈ ਜ਼ਿਲ੍ਹਾ ਜਥੇਬੰਦੀ ਵੱਲੋਂ ਹੌਸਲਾ ਅਫ਼ਜ਼ਾਈ

ਨਵਦੀਪ ਸਿੰਘ ਨਵੀ, ਪੰਜਾਬੀ ਜਾਗਰਣ, ਫਿਲੌਰ : ਸ਼੍ਰੋਮਣੀ ਅਕਾਲੀ ਦਲ (ਅੰਮ੍ਰਿਤਸਰ) ਵੱਲੋਂ ਫਿਲੌਰ ਹਲਕੇ ’ਚ ਆਪਣੀਆਂ ਜਥੇਬੰਦਕ ਸਰਗਰਮੀਆਂ ਨੂੰ ਹੋਰ ਤੇਜ਼ ਕਰਨ ਦੀ ਦਿਸ਼ਾ ’ਚ ਗਤੀਵਿਧੀਆਂ ਜਾਰੀ ਹਨ। ਇਸੇ ਤਹਿਤ ਜ਼ਿਲ੍ਹਾ ਜਲੰਧਰ ਦੀ ਜਥੇਬੰਦਕ ਮੀਟਿੰਗ ਜ਼ਿਲ੍ਹਾ ਪ੍ਰਧਾਨ ਸੁਖਜੀਤ ਸਿੰਘ ਡਰੋਲੀ ਦੀ ਅਗਵਾਈ ਹੇਠ ਹੋਈ। ਮੀਟਿੰਗ ਦੌਰਾਨ ਪਾਰਟੀ ਦੀਆਂ ਹਲਕਾ ਪੱਧਰੀ ਗਤੀਵਿਧੀਆਂ ਤੇ ਆਉਣ ਵਾਲੇ ਸਮੇਂ ਦੀਆਂ ਜਥੇਬੰਦਕ ਜ਼ਿੰਮੇਵਾਰੀਆਂ ਸਬੰਧੀ ਵਿਚਾਰ-ਵਟਾਂਦਰਾ ਕੀਤਾ ਗਿਆ। ਮੀਟਿੰਗ ਦੌਰਾਨ ਫਿਲੌਰ ਹਲਕਾ ਇੰਚਾਰਜ ਸੁਰਜੀਤ ਸਿੰਘ ਖਾਲਸਤਾਨੀ ਵੱਲੋਂ ਪਿਛਲੇ ਕਈ ਸਾਲਾਂ ਤੋਂ ਪਾਰਟੀ ਲਈ ਕੀਤੀਆਂ ਜਾ ਰਹੀਆਂ ਸਰਗਰਮੀਆਂ ਦਾ ਜ਼ਿਕਰ ਕੀਤਾ ਗਿਆ। ਜ਼ਿਲ੍ਹਾ ਜਥੇਬੰਦੀ ਵੱਲੋਂ ਉਨ੍ਹਾਂ ਨੂੰ ਫਿਲੌਰ ਹਲਕੇ ’ਚ ਆਪਣੀਆਂ ਸੇਵਾਵਾਂ ਜਾਰੀ ਰੱਖਣ ਲਈ ਹੌਸਲਾ ਦਿੱਤਾ ਗਿਆ ਤੇ ਜਥੇਬੰਦਕ ਕੰਮਾਂ ਨੂੰ ਅੱਗੇ ਵਧਾਉਣ ਲਈ ਸਹਿਯੋਗ ਦਾ ਭਰੋਸਾ ਦਿੱਤਾ ਗਿਆ। ਪਾਰਟੀ ਆਗੂਆਂ ਅਨੁਸਾਰ ਸੁਰਜੀਤ ਸਿੰਘ ਖਾਲਸਤਾਨੀ ਵੱਲੋਂ ਹਲਕੇ ਵਿੱਚ ਘਰ-ਘਰ ਲੋਕ ਸੰਪਰਕ, ਪਾਰਟੀ ਦੀ ਵਿਚਾਰਧਾਰਾ ਸਬੰਧੀ ਪ੍ਰਚਾਰ, ਜਨਤਕ ਪ੍ਰੋਗਰਾਮਾਂ ਦੇ ਆਯੋਜਨ ਅਤੇ ਜਥੇਬੰਦਕ ਗਤੀਵਿਧੀਆਂ ਵਿੱਚ ਸਰਗਰਮ ਭੂਮਿਕਾ ਨਿਭਾਈ ਜਾਂਦੀ ਰਹੀ ਹੈ। ਜ਼ਿਲ੍ਹਾ ਜਨਰਲ ਸਕੱਤਰ ਬਘੇਲ ਸਿੰਘ ਭਾਟੀਆ ਨੇ ਜਥੇਬੰਦਕ ਮਾਮਲਿਆਂ ’ਤੇ ਵਿਚਾਰ ਸਾਂਝੇ ਕਰਦਿਆਂ ਕਿਹਾ ਕਿ ਪਾਰਟੀ ਨੂੰ ਜ਼ਮੀਨੀ ਪੱਧਰ ’ਤੇ ਮਜ਼ਬੂਤ ਕਰਨ ਲਈ ਆਗੂਆਂ ਤੇ ਵਰਕਰਾਂ ਦੀ ਲਗਾਤਾਰ ਸਰਗਰਮੀ ਤੇ ਲੋਕਾਂ ਨਾਲ ਨਿਰੰਤਰ ਸੰਪਰਕ ਜ਼ਰੂਰੀ ਹੈ। ਉਨ੍ਹਾਂ ਕਿਹਾ ਕਿ ਜਥੇਬੰਦਕ ਢਾਂਚੇ ਨੂੰ ਹੋਰ ਸਰਗਰਮ ਕਰਨ ਲਈ ਸਾਰਿਆਂ ਨੂੰ ਮਿਲ ਕੇ ਕੰਮ ਕਰਨ ਦੀ ਲੋੜ ਹੈ। ਜ਼ਿਲ੍ਹਾ ਜਥੇਬੰਦੀ ਵੱਲੋਂ ਆਉਣ ਵਾਲੇ ਸਮੇਂ ’ਚ ਫਿਲੌਰ ਸਮੇਤ ਜ਼ਿਲ੍ਹੇ ਦੇ ਵੱਖ-ਵੱਖ ਖੇਤਰਾਂ ’ਚ ਪਾਰਟੀ ਦੀਆਂ ਜਥੇਬੰਦਕ ਗਤੀਵਿਧੀਆਂ ਨੂੰ ਹੋਰ ਸੁਚੱਜੇ ਢੰਗ ਨਾਲ ਅੱਗੇ ਵਧਾਉਣ ’ਤੇ ਵੀ ਜ਼ੋਰ ਦਿੱਤਾ ਗਿਆ। ਇਸ ਮੌਕੇ ਸੁਲੱਖਣ ਸਿੰਘ, ਹਲਕਾ ਇੰਚਾਰਜ ਸ਼ਾਹਕੋਟ, ਗੁਰਪ੍ਰਤਾਪ ਸਿੰਘ ਜਲੰਧਰ ਨਾਰਥ, ਸੀਨੀਅਰ ਮੀਤ ਪ੍ਰਧਾਨ ਮਨਜੀਤ ਸਿੰਘ ਵਿਰਦੀ, ਸੀਨੀਅਰ ਮੀਤ ਪ੍ਰਧਾਨ ਕਰਤਾਰ ਸਿੰਘ ਡਰੋਲੀ ਤੋਂ ਇਲਾਵਾ ਹੋਰ ਜਥੇਬੰਦਕ ਆਗੂ ਤੇ ਵਰਕਰ ਹਾਜ਼ਰ ਸਨ।