- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਹਲਕਾ ਇੰਚਾਰਜ ਹਰਜਾਪ ਸਿੰਘ ਸੰਘਾ ਨੇ ਸੁਖਬੀਰ ਬਾਦਲ ਨਾਲ ਕੀਤੀ ਅਹਿਮ ਮੀਟਿੰਗ

-ਅਕਾਲੀ-ਭਾਜਪਾ ਗਠਜੋੜ ਮਗਰੋਂ ਚੋਣ ਸਰਗਰਮੀਆਂ ਤੇਜ਼
ਲਵਦੀਪ ਬੈਂਸ, ਪੰਜਾਬੀ ਜਾਗਰਣ, ਪਤਾਰਾ/ਜਲੰਧਰ ਕੈਂਟ : ਆਗਾਮੀ 2027 ਦੀਆਂ ਪੰਜਾਬ ਵਿਧਾਨ ਸਭਾ ਚੋਣਾਂ ਦੇ ਮੱਦੇਨਜ਼ਰ ਸੂਬੇ ਦੀ ਸਿਆਸਤ ਪੂਰੀ ਤਰ੍ਹਾਂ ਗਰਮਾ ਗਈ ਹੈ। ਸ਼੍ਰੋਮਣੀ ਅਕਾਲੀ ਦਲ (ਬ) ਤੇ ਭਾਰਤੀ ਜਨਤਾ ਪਾਰਟੀ ਵੱਲੋਂ 6 ਸਾਲਾਂ ਦੇ ਵਕਫ਼ੇ ਮਗਰੋਂ ਮੁੜ ਗੱਠਜੋੜ ਕਰਨ ਦੇ ਐਲਾਨ ਤੋਂ ਤੁਰੰਤ ਬਾਅਦ ਹਲਕਾ ਪੱਧਰ 'ਤੇ ਮੀਟਿੰਗਾਂ ਦਾ ਸਿਲਸਿਲਾ ਤੇਜ਼ ਹੋ ਗਿਆ ਹੈ। ਇਸੇ ਕੜੀ ਤਹਿਤ ਜਲੰਧਰ ਕੈਂਟ ਤੋਂ ਸ਼੍ਰੋਮਣੀ ਅਕਾਲੀ ਦਲ ਦੇ ਹਲਕਾ ਇੰਚਾਰਜ ਤੇ ਸੂਬਾ ਜਨਰਲ ਸਕੱਤਰ ਹਰਜਾਪ ਸਿੰਘ ਸੰਘਾ ਨੇ ਸਾਥੀਆਂ ਸਮੇਤ ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ ਨਾਲ ਮੁਲਾਕਾਤ ਕੀਤੀ। ਇਸ ਮੀਟਿੰਗ ਦੌਰਾਨ ਆਉਣ ਵਾਲੀਆਂ 2027 ਦੀਆਂ ਵਿਧਾਨ ਸਭਾ ਚੋਣਾਂ ਦੀ ਰਣਨੀਤੀ ਤੇ ਜਲੰਧਰ ਕੈਂਟ ਹਲਕੇ ’ਚ ਪਾਰਟੀ ਦੀ ਮਜ਼ਬੂਤੀ ਨੂੰ ਲੈ ਕੇ ਚਰਚਾ ਕੀਤੀ ਗਈ। ਮੁਲਾਕਾਤ ਦੌਰਾਨ ਸੁਖਬੀਰ ਸਿੰਘ ਬਾਦਲ ਨੇ ਹਲਕਾ ਇੰਚਾਰਜ ਤੇ ਵਰਕਰਾਂ ਨੂੰ 2027 ਦੇ ਚੋਣ ਮੈਦਾਨ ’ਚ ਡਟਣ ਦਾ ਸੱਦਾ ਦਿੱਤਾ। ਹਰਜਾਪ ਸਿੰਘ ਸੰਘਾ ਨੇ ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੂੰ ਭਰੋਸਾ ਦਿਵਾਇਆ ਕਿ ਜਲੰਧਰ ਕੈਂਟ ਹਲਕੇ ’ਚ ਅਕਾਲੀ-ਭਾਜਪਾ ਗੱਠਜੋੜ ਦੀ ਜਿੱਤ ਯਕੀਨੀ ਬਣਾਉਣ ਲਈ ਜ਼ਮੀਨੀ ਪੱਧਰ 'ਤੇ ਵਰਕਰਾਂ ਨੂੰ ਲਾਮਬੰਦ ਤੇ ਹੋਰ ਜ਼ਿਆਦਾ ਮਜ਼ਬੂਤ ਕੀਤਾ ਜਾਵੇਗਾ। ਦੋਵਾਂ ਪਾਰਟੀਆਂ ਦੇ ਇਕੱਠੇ ਹੋਣ ਨਾਲ ਜਲੰਧਰ ਦੇ ਸ਼ਹਿਰੀ ਤੇ ਦਿਹਾਤੀ ਵੋਟਰਾਂ ’ਚ ਨਵਾਂ ਉਤਸ਼ਾਹ ਦੇਖਣ ਨੂੰ ਮਿਲ ਰਿਹਾ ਹੈ।