ਡਰੇਨਾਂ ਨੂੰ ਪ੍ਰਦੂਸ਼ਣ ਮੁਕਤ ਕਰਨ ਲਈ ਵਿਭਾਗਾਂ ਦਾ ਆਪਸੀ ਤਾਲਮੇਲ ਜ਼ਰੂਰੀ, ਸੀਚੇਵਾਲ

ਪੰਜਾਬ ਸਰਕਾਰ ਵੱਲੋਂ ਕੁਦਰਤੀ ਸਰੋਤਾਂ ਦੀ ਸੁਚੱਜੀ ਸੰਭਾਲ ਦੀ ਵਚਨਬੱਧਤਾ ਦੁਹਰਾਈ
ਪੱਤਰ ਪ੍ਰੇਰਕ, ਪੰਜਾਬੀ ਜਾਗਰਣ, ਜਲੰਧਰ :
ਕਾਲਾ ਸੰਘਿਆ ਤੇ ਜਮਸ਼ੇਰ ਡਰੇਨ ਨੂੰ ਪ੍ਰਦੂਸ਼ਣ ਮੁਕਤ ਕਰਨ ਲਈ ਸਾਰੇ ਵਿਭਾਗਾਂ ਦਾ ਆਪਸੀ ਤਾਲਮੇਲ ਬਹੁਤ ਜਰ਼ੂਰੀ ਹੈ। ਸ਼ੱਕਰਵਾਰ ਨੂੰ ਡਿਪਟੀ ਕਮਿਸ਼ਨਰ ਦੇ ਦਫਤਰ ਦੇ ਮੀਟਿੰਗ ਹਾਲ ’ਚ ਡਰੇਨਾਂ ਨੂੰ ਪ੍ਰਦੂਸ਼ਣ ਮੁਕਤ ਬਣਾਉਣ ਲਈ ਕੀਤੇ ਜਾ ਰਹੇ ਉਪਰਾਲਿਆਂ ਸਬੰਧੀ ਸਮੀਖਿਆ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਰਾਜ ਸਭਾ ਮੈਂਬਰ ਸੰਤ ਸੀਚੇਵਾਲ ਨੇ ਉਕਤ ਗੱਲ ਕਹੀ। ਮੀਟਿੰਗ ’ਚ ਉਨ੍ਹਾਂ ਨੇ ਨਗਰ ਨਿਗਮ ਜਲੰਧਰ, ਪੰਜਾਬ ਪ੍ਰਦੂਸ਼ਣ ਕੰਟਰੋਲ ਬੋਰਡ (ਪੀਪੀਸੀਬੀ) ਤੇ ਸੀਵਰੇਜ ਬੋਰਡ ਦੇ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਡਰੇਨਾਂ ’ਚ ਵੇਸਟ ਦੇ ਸਿੱਧੇ ਪ੍ਰਵਾਹ ਨੂੰ ਰੋਕਣ ਲਈ ਬਿਹਤਰ ਆਪਸੀ ਤਾਲਮੇਲ ਨਾਲ ਕੰਮ ਕਰਨ ਦੀ ਨੀਤੀ ਤਹਿ ਕਰਨ ਤਾਂ ਜੋ ਇਨ੍ਹਾਂ ਕੁਦਰਤੀ ਸਰੋਤਾਂ ਨੂੰ ਪ੍ਰਦੂਸ਼ਣ ਮੁਕਤ ਕਰਕੇ ਇਨ੍ਹਾਂ ’ਚ ਸਾਫ਼ ਪਾਣੀ ਵਗਣਾ ਯਕੀਨੀ ਬਣਾਇਆ ਜਾ ਸਕੇ। ਇਸ ਮੌਕੇ ਡਿਪਟੀ ਕਮਿਸ਼ਨਰ ਵਰਜੀਤ ਵਾਲੀਆ ਅਤੇ ਕਮਿਸ਼ਨਰ ਨਗਰ ਨਿਗਮ ਸੰਦੀਪ ਰਿਸ਼ੀ ਵੀ ਮੌਜੂਦ ਸਨ। ਸੰਤ ਸੀਚੇਵਾਲ ਨੇ ਕਿਹਾ ਕਿ ਕੁਦਰਤੀ ਸਰੋਤਾਂ ਨਾਲ ਖਿਲਵਾੜ ਬਿਲਕੁਲ ਬਰਦਾਸ਼ਤ ਨਹੀਂ ਕੀਤਾ ਜਾਵੇਗਾ। ਉਨ੍ਹਾਂ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਡਰੇਨਾਂ ਨੂੰ ਪ੍ਰਦੂਸ਼ਿਤ ਪਾਏ ਜਾਣ ’ਤੇ ਜ਼ਿੰਮੇਵਾਰ ਅਧਿਕਾਰੀਆਂ ਖਿਲਾਫ਼ ਨਿਯਮਾਂ ਅਨੁਸਾਰ ਬਣਦੀ ਸਖ਼ਤ ਕਾਰਵਾਈ ਅਮਲ ’ਚ ਲਿਆਂਦੀ ਜਾਵੇ। ਉਨ੍ਹਾਂ ਨੇ ਪੰਜਾਬ ਪ੍ਰਦੂਸ਼ਣ ਕੰਟਰੋਲ ਬੋਰਡ ਪਾਸੋਂ ਐੱਸਟੀਪੀਜ਼ ਦੀ ਨਿਯਮਿਤ ਚੈਕਿੰਗ ਤੇ ਸੈਂਪਲਿੰਗ ਦਾ ਵੀ ਜਾਇਜ਼ਾ ਲਿਆ। ਉਨ੍ਹਾਂ ਅਧਿਕਾਰੀਆਂ ਨੂੰ ਕਿਹਾ ਕਿ ਸੀਵਰੇਜ ਟ੍ਰੀਟਮੈਂਟ ਪਲਾਂਟਾ ਦੇ ਸੰਚਾਲਨ ’ਤੇ ਨੇੜਿਓਂ ਨਜ਼ਰ ਰੱਖੀ ਜਾਵੇ ਤੇ ਇਹ ਯਕੀਨੀ ਬਣਾਇਆ ਜਾਵੇ ਕਿ ਇਨ੍ਹਾਂ ਦੇ ਸੰਚਾਲਨ ਦੌਰਾਨ ਵਾਤਾਵਰਨ ਨਿਯਮਾਂ ਦੀ ਪੂਰੀ ਤਰ੍ਹਾਂ ਪਾਲਣਾ ਹੋਵੇ। ਉਨ੍ਹਾਂ ਨੇ ਕਾਲਾ ਸੰਘਿਆ ਡਰੇਨ ’ਚ ਸਾਫ਼ ਪਾਣੀ ਛੱਡੇ ਜਾਣ ਦਾ ਵੀ ਜਾਇਜ਼ਾ ਲਿਆ ਤੇ ਨਿਰਮਾਣ ਕਾਰਜਾਂ ਕਰਕੇ ਬੰਦ ਪਿਆ ਪਾਣੀ ਜਲਦ ਤੋਂ ਜਲਦ ਛੱਡਣ ਨੂੰ ਯਕੀਨੀ ਬਣਾਉਣ ਲਈ ਕਿਹਾ। ਇਸ ਦੌਰਾਨ ਉਨ੍ਹਾਂ ਨੇ ਜਮਸ਼ੇਰ ’ਚ ਸੀਬੀਜੀ ਪਲਾਂਟ ਤੇ ਵਰਿਆਣਾ ਵਿਖੇ ਬਾਇਓ-ਮਾਈਨਿੰਗ ਪ੍ਰਾਜੈਕਟ ਦਾ ਵੀ ਜਾਇਜ਼ਾ ਲਿਆ।
ਉਨ੍ਹਾਂ ਜਲੰਧਰ ਨਗਰ ਨਿਗਮ ਨੂੰ ਗਾਈਡਲਾਈਨਜ਼ ਅਨੁਸਾਰ ਪਾਣੀ ਦੀ ਸਪਲਾਈ ਕਰਨ ਦੀ ਹਦਾਇਤ ਕੀਤੀ ਕਿਉਂਕਿ ਪਾਣੀ ਦੀ ਜ਼ਿਆਦਾ ਸਪਲਾਈ ਐੱਸਟੀਪੀਜ਼ ਤੇ ਡਰੇਨ ਦੇ ਕੰਮਕਾਜ ਵਿੱਚ ਰੁਕਾਵਟ ਪਾ ਸਕਦੀ ਹੈ। ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਕੁਦਰਤੀ ਸਰੋਤਾਂ ਦੀ ਸੁਚੱਜੀ ਸੰਭਾਲ ਦੀ ਵਚਤਬੱਧਤਾ ਦੁਹਰਾਉਂਦਿਆਂ ਰਾਜ ਸਭਾ ਮੈਂਬਰ ਨੇ ਕਿਹਾ ਕਿ ਇਸ ਪ੍ਰਤੀ ਆਮ ਲੋਕਾਂ ਨੂੰ ਵੀ ਵੱਡੇ ਪੱਧਰ ’ਤੇ ਜਾਗਰੂਕ ਕੀਤਾ ਜਾਵੇ ਤਾਂ ਜੋ ਉਨ੍ਹਾਂ ਦੇ ਸਹਿਯੋਗ ਨਾਲ ਇਸ ਕੁਦਰਤੀ ਖਜ਼ਾਨੇ ਦੀ ਸਹੀ ਢੰਗ ਨਾਲ ਸੰਭਾਲ ਯਕੀਨੀ ਬਣਾਈ ਜਾ ਸਕੇ।
ਰਾਜ ਸਭਾ ਮੈਂਬਰ ਨੇ ਡਰੇਨਾਂ ਅਤੇ ਚਿੱਟੀ ਵੇਈਂ ਦੀ ਸਫਾਈ ਦੇ ਨਾਲ-ਨਾਲ ਬਰਸਾਤ ਦੇ ਸੀਜ਼ਨ ਤੋਂ ਪਹਿਲਾਂ ਗਿੱਦੜਪਿੰਡੀ ਰੇਲਵੇ ਪੁਲ ਹੇਠੋਂ ਮਿੱਟੀ ਕੱਢਣ ਦੀ ਲੋੜ ’ਤੇ ਵੀ ਜ਼ੋਰ ਦਿੱਤਾ। ਉਨ੍ਹਾਂ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਇਹ ਕੰਮ ਤਰਜੀਹ ਦੇ ਆਧਾਰ ’ਤੇ ਕਰਵਾਏ ਜਾਣ। ਉਨ੍ਹਾਂ ਨੈਸ਼ਨਲ ਹਾਈਵੇ ਕਾਲੀਆ ਕਾਲੋਨੀ ਨੇੜੇ ਪੁਲ਼ੀ ਦੇ ਸਥਾਈ ਹੱਲ ਤੱਕ ਡਰੇਨ ਦੇ ਕੰਢੇ ਉੱਚੇ ਕਰਨ ਦੇ ਨਿਰਦੇਸ਼ ਵੀ ਦਿੱਤੇ ਤਾਂ ਜੋ ਬਰਸਾਤ ਦੌਰਾਨ ਲੋਕਾਂ ਨੂੰ ਪਾਣੀ ਦੀ ਨਿਕਾਸੀ ਦੀ ਸਮੱਸਿਆ ਦਾ ਸਾਹਮਣਾ ਨਾ ਕਰਨਾ ਪਵੇ। ਡਿਪਟੀ ਕਮਿਸ਼ਨਰ ਵਰਜੀਤ ਵਾਲੀਆ ਨੇ ਭਰੋਸਾ ਦਿਵਾਇਆ ਕਿ ਡਰੇਨਾਂ ਨੂੰ ਪੂਰੀ ਤਰ੍ਹਾਂ ਪ੍ਰਦੂਸ਼ਣ ਮੁਕਤ ਕਰਨ ਲਈ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਕੋਈ ਕਸਰ ਬਾਕੀ ਨਹੀਂ ਛੱਡੀ ਜਾਵੇਗੀ। ਉਨ੍ਹਾਂ ਕਿਹਾ ਕਿ ਸਖ਼ਤ ਨਿਗਰਾਨੀ ਦੇ ਨਾਲ-ਨਾਲ ਕੁਦਰਤੀ ਸੋਮਿਆਂ ਨੂੰ ਪ੍ਰਦੂਸ਼ਿਤ ਕਰਨ ਦੇ ਜ਼ਿੰਮੇਵਾਰਾਂ ਖਿਲਾਫ਼ ਕਰੜੀ ਕਾਰਵਾਈ ਵੀ ਯਕੀਨੀ ਬਣਾਈ ਜਾਵੇਗੀ। ਉਨ੍ਹਾਂ ਵਿਭਾਗਾਂ ਨੂੰ ਡਰੇਨਾਂ ਨੂੰ ਪ੍ਰਦੂਸ਼ਿਤ ਹੋਣ ਤੋਂ ਰੋਕਣ ਲਈ ਆਪਸੀ ਤਾਲਮੇਲ ਵਾਲੀ ਪਹੁੰਚ ਅਪਣਾਉਣ ਦੀ ਹਦਾਇਤ ਕੀਤੀ ਤੇ ਨਾਲ ਹੀ ਇਹ ਵੀ ਕਿਹਾ ਕਿ ਇਸ ਕੰਮ ’ਚ ਕਿਸੇ ਕਿਸਮ ਦੀ ਲਾਪਰਵਾਹੀ ਬਰਦਾਸ਼ਤ ਨਹੀਂ ਕੀਤੀ ਜਾਵੇਗੀ। ਕਮਿਸ਼ਨਰ ਨਗਰ ਨਿਗਮ ਨੇ ਜਾਣੂ ਕਰਵਾਇਆ ਕਿ ਵਰਿਆਣਾ ’ਚ 8 ਲੱਖ ਮੀਟ੍ਰਿਕ ਟਨ ਕੂੜੇ ਦੇ ਨਿਬੇੜੇ ਦਾ ਕੰਮ ਚੱਲ ਰਿਹਾ ਹੈ ਅਤੇ ਇਸ ਕੰਮ ਦੀ ਗਤੀ ਦੁੱਗਣੀ ਕਰਨ ਲਈ ਜਲਦ ਹੀ ਹੋਰ ਮਸ਼ੀਨਰੀ ਲਾਈ ਜਾ ਰਹੀ ਹੈ। ਮੀਟਿੰਗ ਵਿੱਚ ਵਧੀਕ ਡਿਪਟੀ ਕਮਿਸ਼ਨਰ (ਪੇਂਡੂ ਵਿਕਾਸ) ਦਿਵਿਆ ਪੀ, ਸਮੂਹ ਐੱਸਡੀਐੱਮਜ਼, ਡਰੇਨੇਜ਼, ਪੰਜਾਬ ਪ੍ਰਦੂਸ਼ਣ ਕੰਟਰੋਲ ਬੋਰਡ, ਸੀਵਰੇਜ ਬੋਰਡ ਤੋਂ ਇਲਾਵਾ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀ ਮੌਜੂਦ ਸਨ।