ਸਿੱਖਿਆ ਤੰਤਰ ’ਚ ਫੈਲਿਆ ਭ੍ਰਿਸ਼ਟਾਚਾਰ : ਪੀਐੱਸਐੱਫ
ਵਾਰ-ਵਾਰ ਪੇਪਰ ਲੀਕ ਹੋਣ ਦੇ ਕਾਰਨ ਸਿੱਖਿਆ ਤੰਤਰ ’ਚ ਫੈਲਿਆ ਭ੍ਰਿਸ਼ਟਾਚਾਰ - ਪੀਐੱਸਐੱਫ
Publish Date: Fri, 15 May 2026 06:59 PM (IST)
Updated Date: Fri, 15 May 2026 07:00 PM (IST)

ਮਹਿੰਦਰ ਰਾਮ ਫੁੱਗਲਾਣਾ, ਪੰਜਾਬੀ ਜਾਗਰਣ, ਜਲੰਧਰ : ਹਾਲ ਹੀ ’ਚ ਹੋਈ ਨੀਟ ਦੀ ਪ੍ਰੀਖਿਆ ਵਿੱਚ ਸਾਹਮਣੇ ਆਈਆਂ ਬੇਨਿਯਮੀਆਂ ਅਤੇ ਪੇਪਰ ਲੀਕ ਹੋਣ ਦੀਆਂ ਘਟਨਾਵਾਂ ਨੇ ਦੇਸ਼ ਭਰ ਦੇ ਵਿਦਿਆਰਥੀ ਜਗਤ ਵਿੱਚ ਗੁੱਸੇ ਦੀ ਲਹਿਰ ਪੈਦਾ ਕਰ ਦਿੱਤੀ ਹੈ। ਇਸ ਗੰਭੀਰ ਮੁੱਦੇ ਤੇ ਆਪਣਾ ਸਖ਼ਤ ਪ੍ਰਤੀਕਰਮ ਦਿੰਦਿਆਂ ਪੰਜਾਬ ਸਟੂਡੈਂਟਸ ਫੈਡਰੇਸ਼ਨ (ਪੀਐੱਸਐੱਫ) ਨੇ ਇੱਥੋਂ ਬਿਆਨ ਜਾਰੀ ਕਰਕੇ ਕੇਂਦਰ ਸਰਕਾਰ ਅਤੇ ਨੈਸ਼ਨਲ ਟੈਸਟਿੰਗ ਏਜੰਸੀ (ਐੱਨਟੀਏ) ਦੇ ਨਕਾਰਾਪਨ ਦੀ ਸਖ਼ਤ ਨਿਖੇਧੀ ਕੀਤੀ ਹੈ। ਜਥੇਬੰਦੀ ਦੇ ਸੂਬਾ ਪ੍ਰਧਾਨ ਰਵੀ ਲੋਹਗੜ੍ਹ ਅਤੇ ਸੂਬਾ ਜਨਰਲ ਸਕੱਤਰ ਗਗਨਦੀਪ ਨੇ ਰੋਸ ਪ੍ਰਗਟ ਕਰਦਿਆਂ ਕਿਹਾ ਕਿ ਇਹ ਮਹਿਜ਼ ਇੱਕ ਪ੍ਰਸ਼ਾਸਨਿਕ ਗਲਤੀ ਨਹੀਂ, ਸਗੋਂ ਲੱਖਾਂ ਮਿਹਨਤੀ ਵਿਦਿਆਰਥੀਆਂ ਦੇ ਸੁਪਨਿਆਂ ਦਾ ਕਤਲ ਹੈ। ਰਵੀ ਅਤੇ ਗਗਨਦੀਪ ਨੇ ਸਿੱਧਾ ਇਲਜ਼ਾਮ ਲਾਇਆ ਕਿ ਭਾਰਤ ਸਰਕਾਰ ਅਜਿਹੀਆਂ ਅਹਿਮ ਪ੍ਰੀਖਿਆਵਾਂ ਦੀ ਪਾਰਦਰਸ਼ਤਾ ਬਣਾਏ ਰੱਖਣ ਵਿੱਚ ਪੂਰੀ ਤਰ੍ਹਾਂ ਅਸਫ਼ਲ ਰਹੀ ਹੈ। ਆਗੂਆਂ ਨੇ ਪ੍ਰੀਖਿਆ ਪ੍ਰਣਾਲੀ ਤੇ ਸਵਾਲ ਉਠਾਉਂਦਿਆਂ ਕਿਹਾ ਕਿ ਵਾਰ-ਵਾਰ ਪੇਪਰ ਲੀਕ ਹੋਣਾ ਸਿੱਖਿਆ ਤੰਤਰ ਵਿੱਚ ਫੈਲੇ ਭ੍ਰਿਸ਼ਟਾਚਾਰ ਨੂੰ ਦਰਸਾਉਂਦਾ ਹੈ। ਉਨ੍ਹਾਂ ਮੰਗ ਕੀਤੀ ਕਿ ਇਸ ਪੂਰੇ ਮਾਮਲੇ ਦੀ ਨਿਰਪੱਖ ਅਤੇ ਉੱਚ-ਪੱਧਰੀ ਜਾਂਚ ਕਰਵਾਈ ਜਾਵੇ। ਪੰਜਾਬ ਸਟੂਡੈਂਟਸ ਫੈਡਰੇਸ਼ਨ ਨੇ ਐਲਾਨ ਕੀਤਾ ਕਿ ਜੇ ਸਰਕਾਰ ਨੇ ਵਿਦਿਆਰਥੀਆਂ ਨੂੰ ਜਲਦੀ ਇਨਸਾਫ਼ ਨਾ ਦਿੱਤਾ ਤਾਂ ਜਥੇਬੰਦੀ ਵੱਲੋਂ ਸੂਬਾ ਪੱਧਰੀ ਰੋਸ ਪ੍ਰਦਰਸ਼ਨ ਕੀਤੇ ਜਾਣਗੇ।