
- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼

ਨਗਰ ਨਿਗਮ ’ਚ ਭ੍ਰਿਸ਼ਟਾਚਾਰ ਚਰਮ ’ਤੇ, ਹਾਊਸ ਮੀਟਿੰਗ ’ਚ ਵਿਰੋਧੀ ਧਿਰ ਦੀ ਆਵਾਜ਼ ਦਬਾਉਣਾ ਲੋਕਤੰਤਰ ਦੀ ਹੱਤਿਆ: ਰਵਿਸ਼ ਰਾਜ

-ਭ੍ਰਿਸ਼ਟਾਚਾਰ ਨਾਲ ਜੁੜੇ ਵਿਰੋਧੀ ਧਿਰ ਦੇ ਸਵਾਲਾਂ ’ਤੇ ਮੇਅਰ ਤੇ ਕਮਿਸ਼ਨਰ ਨੇ ਨਹੀਂ ਤੋੜੀ ਚੁੱਪੀ
ਸੀਨੀਅਰ ਸਟਾਫ ਰਿਪੋਰਟਰ, ਪੰਜਾਬੀ ਜਾਗਰਣ, ਜਲੰਧਰ : ਨਗਰ ਨਿਗਮ ’ਚ ਕਥਿਤ ਭ੍ਰਿਸ਼ਟਾਚਾਰ ਤੇ ਬੇਨਿਯਮੀਆਂ ਖ਼ਿਲਾਫ਼ ਆਵਾਜ਼ ਉਠਾਉਣ ਵਾਲੇ ਵਿਰੋਧੀ ਧਿਰ ਦੇ ਕੌਂਸਲਰਾਂ ਤੇ ਆਗੂਆਂ ਦੀ ਆਵਾਜ਼ ਦਬਾਉਣ ਦਾ ਦੋਸ਼ ਲਾਉਂਦਿਆਂ ਕਾਂਗਰਸ ਆਗੂ ਤੇ ਪੰਜਾਬ ਬ੍ਰਾਹਮਣ ਬੋਰਡ ਦੇ ਸਾਬਕਾ ਡਾਇਰੈਕਟਰ ਰਵਿਸ਼ ਰਾਜ ਸ਼ਰਮਾ ਨੇ ਨਗਰ ਨਿਗਮ ਦੀ ਹਾਊਸ ਮੀਟਿੰਗ ਦੀ ਕਾਰਵਾਈ ’ਤੇ ਗੰਭੀਰ ਸਵਾਲ ਖੜ੍ਹੇ ਕੀਤੇ ਹਨ। ਉਨ੍ਹਾਂ ਕਿਹਾ ਕਿ ਨਿਗਮ ਹਾਊਸ ’ਚ ਜਿਸ ਤਰੀਕੇ ਨਾਲ ਵਿਰੋਧੀ ਧਿਰ ਨੂੰ ਆਪਣੀ ਗੱਲ ਰੱਖਣ ਤੋਂ ਰੋਕਿਆ ਜਾ ਰਿਹਾ ਹੈ, ਉਹ ਲੋਕਤੰਤਰਿਕ ਪ੍ਰਣਾਲੀ ਨਾਲ ਕੋਝਾ ਮਜ਼ਾਕ ਹੈ। ਉਨ੍ਹਾਂ ਦੋਸ਼ ਲਗਾਇਆ ਕਿ ਆਮ ਆਦਮੀ ਪਾਰਟੀ ਦੀ ਸਰਕਾਰ ਦੇ ਕਾਰਜਕਾਲ ਦੌਰਾਨ ਨਗਰ ਨਿਗਮ ’ਚ ਪਾਰਦਰਸ਼ਤਾ ਦੀ ਘਾਟ ਨਜ਼ਰ ਆ ਰਹੀ ਹੈ। ਮੇਅਰ ਵਨੀਤ ਧੀਰ ਤੇ ਨਿਗਮ ਕਮਿਸ਼ਨਰ ਸੰਦੀਪ ਰਿਸ਼ੀ ਦੀ ਚੁੱਪੀ ਵੀ ਕਈ ਸਵਾਲ ਖੜ੍ਹੇ ਕਰਦੀ ਹੈ। ਉਨ੍ਹਾਂ ਚਿਤਾਵਨੀ ਦਿੱਤੀ ਕਿ ਨਗਰ ਨਿਗਮ ’ਚ ਕਥਿਤ ਭ੍ਰਿਸ਼ਟਾਚਾਰ ਤੇ ਧੱਕੇਸ਼ਾਹੀ ਖ਼ਿਲਾਫ਼ ਕਾਂਗਰਸ ਦੀ ਆਵਾਜ਼ ਕਿਸੇ ਵੀ ਕੀਮਤ ’ਤੇ ਦਬਣ ਵਾਲੀ ਨਹੀਂ ਹੈ। ਵਿਰੋਧੀ ਧਿਰ ਨੂੰ ਚੁੱਪ ਕਰਵਾਉਣ ਦੀ ਬਜਾਏ ਮੇਅਰ ਤੇ ਕਮਿਸ਼ਨਰ ਨੂੰ ਹਰ ਸਵਾਲ ਦਾ ਜਵਾਬ ਦੇਣਾ ਚਾਹੀਦਾ ਹੈ।