ਸੀਨੀਅਰ ਸਟਾਫ ਰਿਪੋਰਟਰ, ਜਲੰਧਰ : ਵਿੱਤ ਮੰਤਰੀ ਪੰਜਾਬ ਵੱਲੋਂ ਬੀਤੇ ਦਿਨੀਂ ਪੇਸ਼ ਕੀਤੇ ਗਏ ਬਜਟ ਦੇ ਵਿਰੋਧ 'ਚ ਅੱਜ ਸੀਪੀਐੱਫ ਕਰਮਚਾਰੀ ਯੂਨੀਅਨ ਨੇ ਕੰਮਕਾਜ ਸ਼ੁਰੂ ਕਰਨ ਤੋਂ ਪਹਿਲਾਂ ਬਜਟ ਦੀਆਂ ਕਾਪੀਆਂ ਸਾੜੀਆਂ। ਡੀਸੀ ਦਫਤਰ ਦੇ ਗੇਟ ਨੰਬਰ-4 ਸਾਹਮਣੇ ਇਕੱਠੇ ਹੋਏ ਮੁਲਾਜ਼ਮਾਂ ਨੇ ਸਰਕਾਰ ਖ਼ਿਲਾਫ਼ ਜ਼ੋਰਦਾਰ ਨਾਅਰੇਬਾਜ਼ੀ ਕਰਦੇ ਹੋਏ ਰੋਸ ਪ੍ਰਗਟਾਇਆ। ਇਸ ਦੌਰਾਨ ਮੁਲਾਜ਼ਮਾਂ ਨੇ ਸਰਕਾਰ 'ਤੇ ਦੋਸ਼ ਲਾਇਆ ਕਿ ਉਨ੍ਹਾਂ ਨੂੰ ਪੁਰਾਣੀ ਪੈਨਸ਼ਨ ਬਹਾਲ ਕਰਨ, ਡੀਏ ਦੀ ਰਾਸ਼ੀ ਜਾਰੀ ਕਰਨ ਤੇ ਪੇ-ਕਮਿਸ਼ਨ ਦੀਆਂ ਸਿਫਾਰਸ਼ਾਂ ਲਾਗੂ ਕਰਨ ਦੇ ਭਰੋਸੇ ਦਿੱਤੇ ਹੋਏ ਸਨ ਪਰ ਸਰਕਾਰ ਆਉਣ 'ਤੇ ਇਨ੍ਹਾਂ ਵੱਲ ਧਿਆਨ ਨਹੀਂ ਦਿੱਤਾ ਗਿਆ। ਯੂਨੀਅਨ ਦੇ ਪ੍ਰਧਾਨ ਸੁਖਜੀਤ ਸਿੰਘ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਨਾਲ ਜਲੰਧਰ 'ਚ ਹੋਈ ਮੀਟਿੰਗ ਦੌਰਾਨ ਉਨ੍ਹਾਂ ਨੇ ਪੁਰਾਣੀ ਪੈਨਸ਼ਨ ਸਕੀਮ ਨੂੰ ਪਹਿਲ ਦੇ ਆਧਾਰ 'ਤੇ ਲਾਗੂ ਕਰਨ ਦਾ ਭਰੋਸਾ ਦਿਵਾਇਆ ਸੀ। ਇਸ ਦੇ ਉਲਟ ਬਜਟ ਦੌਰਾਨ ਆਮ ਆਦਮੀ ਪਾਰਟੀ ਦੇ ਕਿਸੇ ਵੀ ਵਿਧਾਇਕ ਨੇ ਮੁਲਾਜ਼ਮਾਂ ਦੀ ਉਕਤ ਮੰਗ ਬਾਰੇ ਆਵਾਜ਼ ਨਹੀਂ ਚੁੱਕੀ। ਇਸ ਕਾਰਨ ਬਜਟ ਤੋਂ ਆਸਾਂ ਲਾਈ ਬੈਠੇ ਮੁਲਾਜ਼ਮਾਂ ਨੂੰ ਨਿਰਾਸ਼ਾ ਹੱਥ ਲੱਗੀ ਹੈ। ਉਨ੍ਹਾਂ ਕਿਹਾ ਕਿ ਸੂਬਾ ਪੱਧਰ 'ਤੇ ਮੁਲਾਜ਼ਮ ਯੂਨੀਅਨ ਨੇ ਸੂਬੇ ਅੰਦਰ 30 ਜੂਨ ਤਕ ਸਾਰੇ ਜ਼ਿਲਿ੍ਹਆਂ 'ਚ ਬਜਟ ਦੀਆਂ ਕਾਪੀਆਂ ਸਾੜਨ ਦਾ ਫੈਸਲਾ ਕੀਤਾ ਸੀ, ਜਿਸ ਤਹਿਤ ਅੱਜ ਬਜਟ ਦੀਆਂ ਕਾਪੀਆਂ ਸਾੜ ਕੇ ਰੋਸ ਪ੍ਰਗਟਾਇਆ ਗਿਆ ਹੈ। ਉਨ੍ਹਾਂ ਕਿਹਾ ਕਿ ਜੇਕਰ ਮੁਲਾਜ਼ਮਾਂ ਦੀਆਂ ਮੰਗਾਂ ਜਲਦ ਪੂਰੀਆਂ ਨਾ ਕੀਤੀਆਂ ਗਈਆਂ ਤਾਂ ਆਉਣ ਵਾਲੇ ਸਮੇਂ 'ਚ ਸੰਘਰਸ਼ ਤੇਜ਼ ਕੀਤਾ ਜਾਵੇਗਾ।

ਇਸ ਮੌਕੇ ਯੂਨੀਅਨ ਦੇ ਸੂਬਾ ਵਿੱਤ ਸਕੱਤਰ ਅਮਨਦੀਪ ਸਿੰਘ, ਸੰਗਤ ਰਾਮ, ਪਵਨ ਵਰਮਾ, ਰਾਕੇਸ਼ ਕੁਮਾਰ ਆਦਿ ਹਾਜ਼ਰ ਸਨ।