- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਡੀਐੱਲਆਰ ਦਫ਼ਤਰ ਅੱਗੇ ਰੋਜ਼ਾਨਾ ਧਰਨਾ, ਕੰਮ ਦਾ ਬਾਈਕਾਟ

- ਦੋ ਸਾਲਾਂ ਤੋਂ ਲਟਕੀਆਂ ਮੰਗਾਂ, ਤਿੰਨ ਅਹਿਮ ਸਰਕਾਰੀ ਪ੍ਰਾਜੈਕਟਾਂ ਦਾ 'ਬ੍ਰੇਕ ਡਾਊਨ', ਮਾਲ ਮੰਤਰੀ ਦੀ ਰਿਹਾਇਸ਼ ਦਾ ਘਿਰਾਓ ਕਰਨ ਦੀ ਚਿਤਾਵਨੀ
ਲਖਬੀਰ, ਪੰਜਾਬੀ ਜਾਗਰਣ, ਜਲੰਧਰ
ਪੰਜਾਬ ਲੈਂਡ ਰਿਕਾਰਡ ਸੁਸਾਇਟੀ ਦੇ ਮੁਲਾਜ਼ਮਾਂ ਦੀਆਂ ਪਿਛਲੇ ਦੋ ਸਾਲਾਂ ਤੋਂ ਲਟਕਦੀਆਂ ਮੰਗਾਂ ’ਤੇ ਸਰਕਾਰ ਵੱਲੋਂ ਕੋਈ ਠੋਸ ਫੈਸਲਾ ਨਾ ਲਏ ਜਾਣ ਕਾਰਨ ਰੋਸ ਭੜਕ ਗਿਆ ਹੈ। ਵਾਰ-ਵਾਰ ਮਿਲੇ ਭਰੋਸਿਆਂ ਤੋਂ ਬਾਅਦ ਵੀ ਨਤੀਜਾ ਨਾ ਨਿਕਲਣ ’ਤੇ ਕੰਪਿਊਟਰਾਈਜ਼ਡ ਲੈਂਡ ਰਿਕਾਰਡਜ਼ ਇੰਪਲਾਈਜ਼ ਵੈਲਫੇਅਰ ਐਸੋਸੀਏਸ਼ਨ ਨੇ ਸੰਘਰਸ਼ ਤੇਜ਼ ਕਰ ਦਿੱਤਾ ਹੈ। ਮੁਲਾਜ਼ਮਾਂ ਨੇ ਸਰਕਾਰ ਦੇ ਤਿੰਨ ਅਹਿਮ ਪ੍ਰਾਜੈਕਟਾਂ ਦਾ ਮੁਕੰਮਲ ਬਾਈਕਾਟ ਕਰ ਦਿੱਤਾ ਹੈ ਤੇ ਡਾਇਰੈਕਟਰ ਲੈਂਡ ਰਿਕਾਰਡ ਦੇ ਕਪੂਰਥਲਾ ਰੋਡ ਸਥਿਤ ਦਫ਼ਤਰ ਅੱਗੇ ਰੋਜ਼ਾਨਾ ਰੋਸ ਧਰਨਾ ਦਿੱਤਾ ਜਾ ਰਿਹਾ ਹੈ। ਐਸੋਸੀਏਸ਼ਨ ਨੇ ਸਪੱਸ਼ਟ ਕੀਤਾ ਹੈ ਕਿ ਮੰਗਾਂ ਦਾ ਸਨਮਾਨਜਨਕ ਹੱਲ ਨਾ ਹੋਣ ’ਤੇ ਸੰਘਰਸ਼ ਹੋਰ ਤਿੱਖਾ ਕੀਤਾ ਜਾਵੇਗਾ ਅਤੇ ਮਾਲ ਮੰਤਰੀ ਦੀ ਰਿਹਾਇਸ਼ ਦਾ ਘਿਰਾਓ ਵੀ ਕੀਤਾ ਜਾਵੇਗਾ।
---
ਭਰੋਸੇ ਮਿਲੇ ਪਰ ਮੰਗਾਂ ’ਤੇ ਨਹੀਂ ਹੋਈ ਕਾਰਵਾਈ
ਐਸੋਸੀਏਸ਼ਨ ਵੱਲੋਂ ਜਾਰੀ ਮਤੇ ਅਨੁਸਾਰ ਮੁਲਾਜ਼ਮਾਂ ਦੀਆਂ ਮੰਗਾਂ ਸਬੰਧੀ ਪਹਿਲੀ ਸਤੰਬਰ 2026 ਨੂੰ ਪੰਜਾਬ ਲੈਂਡ ਰਿਕਾਰਡ ਸੁਸਾਇਟੀ ਦੇ ਪ੍ਰਬੰਧਨ ਨੂੰ ਮੰਗ ਪੱਤਰ ਸੌਂਪਿਆ ਗਿਆ ਸੀ। ਇਸ ਤੋਂ ਬਾਅਦ 11 ਸਤੰਬਰ ਤੇ 19 ਅਕਤੂਬਰ ਨੂੰ ਡਾਇਰੈਕਟਰ ਲੈਂਡ ਰਿਕਾਰਡਜ਼ ਨਾਲ ਹੋਈਆਂ ਮੀਟਿੰਗਾਂ ਦੌਰਾਨ ਵੀ ਮੁੱਦੇ ਉਠਾਏ ਗਏ। ਐਸੋਸੀਏਸ਼ਨ ਅਨੁਸਾਰ ਡਾਇਰੈਕਟਰ ਵੱਲੋਂ ਅਕਤੂਬਰ ਦੇ ਅੰਤ ਤੱਕ ਤੇ ਦੀਵਾਲੀ ਤੋਂ ਪਹਿਲਾਂ ਮੁਲਾਜ਼ਮਾਂ ਦੇ ਹਿੱਤ ’ਚ ਠੋਸ ਫੈਸਲਾ ਲੈਣ ਦਾ ਭਰੋਸਾ ਦਿੱਤਾ ਗਿਆ ਸੀ ਪਰ ਇਸ ’ਤੇ ਕੋਈ ਅਮਲ ਨਹੀਂ ਹੋਇਆ। ਪ੍ਰਬੰਧਨ ਦੇ ਭਰੋਸੇ ਨੂੰ ਦੇਖਦਿਆਂ ਐਸੋਸੀਏਸ਼ਨ ਨੇ ਪਹਿਲਾਂ ਸਮੂਹਿਕ ਛੁੱਟੀ ਤੇ ਰੋਸ ਧਰਨੇ ਦਾ ਪ੍ਰੋਗਰਾਮ ਇਕ ਹਫ਼ਤੇ ਲਈ ਮੁਲਤਵੀ ਕਰ ਦਿੱਤਾ ਸੀ। ਇੱਥੋਂ ਤੱਕ ਕਿ ਸਰਕਾਰੀ ਕੰਮਕਾਜ ਪ੍ਰਭਾਵਿਤ ਨਾ ਹੋਵੇ, ਇਸ ਲਈ ਮਹੱਤਵਪੂਰਨ ਪ੍ਰਾਜੈਕਟਾਂ ਦਾ ਕੰਮ ਵੀ ਮੁੜ ਸ਼ੁਰੂ ਕਰ ਦਿੱਤਾ ਗਿਆ ਸੀ ਪਰ ਮੰਗਾਂ ਜਿਉਂ ਦੀਆਂ ਤਿਉਂ ਰਹਿਣ ਕਾਰਨ ਮੁਲਾਜ਼ਮਾਂ ਨੇ ਮੁੜ ਸੰਘਰਸ਼ ਦਾ ਰਾਹ ਅਖਤਿਆਰ ਕਰ ਲਿਆ।
---
ਤਿੰਨ ਸਰਕਾਰੀ ਪ੍ਰਾਜੈਕਟਾਂ ਦਾ ਕੰਮ ਠੱਪ
ਐਸੋਸੀਏਸ਼ਨ ਦੀ ਕੋਰ ਕਮੇਟੀ ਅਤੇ ਪੰਜਾਬ ਦੇ ਸਮੂਹ ਜ਼ਿਲ੍ਹਾ ਪ੍ਰਧਾਨਾਂ ਦੀ ਮੀਟਿੰਗ ਵਿੱਚ ਮੇਰਾ ਘਰ ਮੇਰੇ ਨਾਮ (ਸਵਾਮਿਤਵ), ਡਿਜੀਟਲ ਫ਼ਸਲ ਸਰਵੇਖਣ ਤੇ ਐਗਰੀਸਟੈਕ ਕਿਸਾਨ ਰਜਿਸਟ੍ਰੇਸ਼ਨ ਨਾਲ ਸਬੰਧਤ ਸਮੁੱਚੇ ਕੰਮ ਦਾ ਮੁਕੰਮਲ ਬਾਈਕਾਟ ਕਰਨ ਦਾ ਫੈਸਲਾ ਲਿਆ ਗਿਆ। ਇਹ ਫੈਸਲਾ ਤੁਰੰਤ ਪ੍ਰਭਾਵ ਨਾਲ ਲਾਗੂ ਕਰ ਦਿੱਤਾ ਗਿਆ ਹੈ। ਐਸੋਸੀਏਸ਼ਨ ਦਾ ਕਹਿਣਾ ਹੈ ਕਿ ਜਦੋਂ ਤੱਕ ਮੁਲਾਜ਼ਮਾਂ ਦੀਆਂ ਜਾਇਜ਼ ਮੰਗਾਂ ਪ੍ਰਵਾਨ ਕਰਕੇ ਉਨ੍ਹਾਂ ਦਾ ਸਥਾਈ ਹੱਲ ਨਹੀਂ ਕੀਤਾ ਜਾਂਦਾ, ਉਦੋਂ ਤੱਕ ਇਨ੍ਹਾਂ ਪ੍ਰਾਜੈਕਟਾਂ ਦਾ ਕੰਮ ਮੁੜ ਸ਼ੁਰੂ ਨਹੀਂ ਹੋਵੇਗਾ।
---
ਮੁਲਾਜ਼ਮਾਂ ਦੇ ਹੱਕਾਂ ਦੀ ਅਣਦੇਖੀ : ਸੰਦੀਪ ਵਰਮਾ
ਐਸੋਸੀਏਸ਼ਨ ਦੇ ਸੂਬਾ ਪ੍ਰਧਾਨ ਸੰਦੀਪ ਕੁਮਾਰ ਵਰਮਾ ਨੇ ਸਵਾਮਿਤਵ ਪ੍ਰਾਜੈਕਟ ਦਾ ਹਵਾਲਾ ਦਿੰਦਿਆਂ ਕਿਹਾ ਕਿ ਇਸ ਨੂੰ ਸਫ਼ਲ ਬਣਾਉਣ ਲਈ ਮੁਲਾਜ਼ਮਾਂ ਨੇ ਦਿਨ-ਰਾਤ ਇਕ ਕੀਤਾ ਹੈ। ਉਨ੍ਹਾਂ ਦੀ ਮਿਹਨਤ ਸਦਕਾ ਪਹਿਲਾ ਪੜਾਅ ਸਫ਼ਲਤਾਪੂਰਵਕ ਮੁਕੰਮਲ ਹੋਇਆ ਤੇ ਪੰਜਾਬ ਦੇ ਕਈ ਜ਼ਿਲ੍ਹਿਆਂ ਵਿੱਚ ਦੂਜੇ ਪੜਾਅ ਦਾ ਕੰਮ ਵੀ ਸ਼ੁਰੂ ਹੋ ਚੁੱਕਾ ਹੈ। ਇਸ ਦੇ ਬਾਵਜੂਦ ਦੋ ਸਾਲਾਂ ਤੋਂ ਮੰਗਾਂ ਦਾ ਹੱਲ ਨਾ ਹੋਣਾ ਮੁਲਾਜ਼ਮਾਂ ਨਾਲ ਬੇਇਨਸਾਫ਼ੀ ਹੈ। ਮੁਲਾਜ਼ਮਾਂ ਨੇ ਹਮੇਸ਼ਾ ਸਰਕਾਰੀ ਪ੍ਰਾਜੈਕਟਾਂ ਤੇ ਜਨਤਕ ਹਿੱਤਾਂ ਨੂੰ ਪਹਿਲ ਦਿੱਤੀ ਹੈ ਪਰ ਉਨ੍ਹਾਂ ਦੇ ਆਪਣੇ ਹੱਕਾਂ ਦੀ ਅਣਦੇਖੀ ਕੀਤੀ ਜਾ ਰਹੀ ਹੈ। ਵਰਮਾ ਨੇ ਕਿਹਾ ਕਿ ਐਸੋਸੀਏਸ਼ਨ ਦਾ ਮਕਸਦ ਸਰਕਾਰੀ ਕੰਮਕਾਜ ਵਿਚ ਬੇਲੋੜੀ ਰੁਕਾਵਟ ਪੈਦਾ ਕਰਨਾ ਨਹੀਂ, ਸਗੋਂ ਗੱਲਬਾਤ ਰਾਹੀਂ ਮੁਲਾਜ਼ਮਾਂ ਦੀਆਂ ਜਾਇਜ਼ ਮੰਗਾਂ ਦਾ ਸਨਮਾਨਜਨਕ ਤੇ ਸਥਾਈ ਹੱਲ ਕਰਵਾਉਣਾ ਹੈ। ਉਨ੍ਹਾਂ ਦੱਸਿਆ ਕਿ ਇਸ ਸਬੰਧੀ ਮੁੱਖ ਮੰਤਰੀ, ਮਾਲ ਮੰਤਰੀ, ਵਿੱਤ ਕਮਿਸ਼ਨਰ (ਮਾਲ), ਡਾਇਰੈਕਟਰ ਲੈਂਡ ਰਿਕਾਰਡਜ਼ ਤੇ ਪੰਜਾਬ ਦੇ ਸਮੂਹ ਡਿਪਟੀ ਕਮਿਸ਼ਨਰਾਂ ਨੂੰ ਮਤੇ ਦੀਆਂ ਕਾਪੀਆਂ ਭੇਜੀਆਂ ਗਈਆਂ ਹਨ। ਸਰਕਾਰ ਤੋਂ ਮੰਗ ਕੀਤੀ ਗਈ ਹੈ ਕਿ ਐਸੋਸੀਏਸ਼ਨ ਦੇ ਨੁਮਾਇੰਦਿਆਂ ਨੂੰ ਤੁਰੰਤ ਮੀਟਿੰਗ ਲਈ ਸਮਾਂ ਦਿੱਤਾ ਜਾਵੇ ਤੇ ਲਟਕਦੀਆਂ ਮੰਗਾਂ ’ਤੇ ਫੈਸਲਾ ਲੈ ਕੇ ਉਨ੍ਹਾਂ ਨੂੰ ਅਮਲੀ ਰੂਪ ਦਿੱਤਾ ਜਾਵੇ।