
- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼

ਨਿੱਤ ਲੱਗਦਾ ਟ੍ਰੈਫਿਕ ਜਾਮ ਲੋਕਾਂ ਲਈ ਬਣਿਆ ਸਿਰਦਰਦੀ

-ਫਲਾਂ ਦੀਆਂ ਰੇਹੜੀਆਂ ਤੇ ਓਵਰਲੋਡ ਟਿੱਪਰਾਂ ਦੀਆਂ ਲੱਗੀਆਂ ਲੰਮੀਆਂ ਕਤਾਰਾਂ
ਅਜੇ ਸਿੰਘ ਨਾਗੀ, ਪੰਜਾਬੀ ਜਾਗਰਣ, ਫਿਲੌਰ
ਫਿਲੌਰ ਬੱਸ ਸਟੈਂਡ ਦੇ ਨੇੜੇ ਪੁੱਲ ਵਾਲੇ ਇਲਾਕੇ ’ਚ ਫਲਾਂ ਦੀਆਂ ਰੇਹੜੀਆਂ ਤੇ ਓਵਰਲੋਡ ਟਿੱਪਰਾਂ ਦੀਆਂ ਲੱਗੀਆਂ ਲੰਮੀਆਂ ਕਤਾਰਾਂ ਕਾਰਨ ਰੋਜ਼ਾਨਾ ਟ੍ਰੈਫਿਕ ਜਾਮ ਦੀ ਸਮੱਸਿਆ ਪੈਦਾ ਹੋ ਰਹੀ ਹੈ, ਜਿਸ ਕਾਰਨ ਆਮ ਲੋਕਾਂ ਨੂੰ ਭਾਰੀ ਪਰੇਸ਼ਾਨੀਆਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਇਲਾਕੇ ’ਚ ਨਿੱਤ ਲੱਗਣ ਵਾਲੇ ਜਾਮ ਕਾਰਨ ਲੋਕਾਂ ’ਚ ਰੋਸ ਵੀ ਪਾਇਆ ਜਾ ਰਿਹਾ ਹੈ। ਕੜਕਦੀ ਧੁੱਪ ’ਚ ਪੰਜਾਬ ਪੁਲਿਸ ਦੇ ਟ੍ਰੈਫਿਕ ਕਰਮਚਾਰੀ ਆਪਣੀ ਤਨਦੇਹੀ ਨਾਲ ਡਿਊਟੀ ਨਿਭਾਉਂਦੇ ਨਜ਼ਰ ਆਉਂਦੇ ਹਨ ਪਰ ਇਸ ਦੇ ਬਾਵਜੂਦ ਇਲਾਕੇ ’ਚ ਟ੍ਰੈਫਿਕ ਦੀ ਸਮੱਸਿਆ ਪੂਰੀ ਤਰ੍ਹਾਂ ਹੱਲ ਨਹੀਂ ਹੋ ਰਹੀ। ਫਲਾਂ ਦੀਆਂ ਰੇਹੜੀਆਂ ਸੜਕ ਦੇ ਨੇੜੇ ਲੱਗਣ ਤੇ ਓਵਰਲੋਡ ਟਿੱਪਰਾਂ ਦੀਆਂ ਲੰਮੀਆਂ ਕਤਾਰਾਂ ਬਣਨ ਕਾਰਨ ਆਵਾਜਾਈ ਪ੍ਰਭਾਵਿਤ ਹੁੰਦੀ ਹੈ। ਇਸ ਮੌਕੇ ਸਮਾਜ ਸੇਵੀ ਤੇ ਧਾਰਮਿਕ ਜਥੇਬੰਦੀਆਂ ਦੇ ਆਗੂਆਂ ਨੇ ਪ੍ਰਸ਼ਾਸਨ ਤੇ ਸਰਕਾਰ ਤੋਂ ਮੰਗ ਕੀਤੀ ਕਿ ਬੱਸ ਸਟੈਂਡ ਨੇੜੇ ਸੜਕ ’ਤੇ ਲੱਗਣ ਵਾਲੀਆਂ ਰੇਹੜੀਆਂ ਤੇ ਓਵਰਲੋਡ ਟਿੱਪਰਾਂ ਖ਼ਿਲਾਫ਼ ਨਿਯਮਾਂ ਅਨੁਸਾਰ ਬਣਦੀ ਕਾਰਵਾਈ ਕੀਤੀ ਜਾਵੇ, ਤਾਂ ਜੋ ਰੋਜ਼ਾਨਾ ਲੱਗਣ ਵਾਲੇ ਟ੍ਰੈਫਿਕ ਜਾਮ ਤੋਂ ਲੋਕਾਂ ਨੂੰ ਰਾਹਤ ਮਿਲ ਸਕੇ। ਜਦੋਂ ਇਸ ਸਬੰਧੀ ਨਗਰ ਕੌਂਸਲ ਫਿਲੌਰ ਦੇ ਈਓ ਨਾਲ ਸੰਪਰਕ ਕਰਕੇ ਸਮੱਸਿਆ ਬਾਰੇ ਪੁੱਛਿਆ ਗਿਆ ਤਾਂ ਉਨ੍ਹਾਂ ਕਿਹਾ ਕਿ ਰੇਹੜੀ ਵਾਲਿਆਂ ਨੂੰ ਕਈ ਵਾਰ ਸੜਕ ਤੋਂ ਪਿੱਛੇ ਕਰਨ ਲਈ ਕਿਹਾ ਜਾ ਚੁੱਕਾ ਹੈ, ਪਰ ਉਹ ਗੱਲ ਨਹੀਂ ਮੰਨਦੇ। ਇਨ੍ਹਾਂ ਖ਼ਿਲਾਫ਼ ਬਣਦੀ ਵਿਭਾਗੀ ਕਾਰਵਾਈ ਕੀਤੀ ਜਾਵੇਗੀ।