ਦਰਸ਼ਨ ਅਕੈਡਮੀ ਜਲੰਧਰ ’ਚ ਓਰੀਐਂਟੇਸ਼ਨ ਪ੍ਰੋਗਰਾਮ ਕਰਵਾਇਆ
ਪੱਤਰ ਪ੍ਰੇਰਕ, ਪੰਜਾਬੀ ਜਾਗਰਣ,
Publish Date: Sat, 09 May 2026 06:31 PM (IST)
Updated Date: Sat, 09 May 2026 06:33 PM (IST)

ਪੱਤਰ ਪ੍ਰੇਰਕ, ਪੰਜਾਬੀ ਜਾਗਰਣ, ਜਲੰਧਰ : ਦਰਸ਼ਨ ਅਕੈਡਮੀ ਜਲੰਧਰ ’ਚ ਨਵੇਂ ਸੈਸ਼ਨ ਦੀ ਸ਼ੁਰੂਆਤ ਮੌਕੇ ਇੱਕ ਵਿਸ਼ੇਸ਼ ਓਰੀਐਂਟੇਸ਼ਨ ਪ੍ਰੋਗਰਾਮ ਕਰਵਾਇਆ ਗਿਆ। ਇਸ ਪ੍ਰੋਗਰਾਮ ਵਿੱਚ ਵਿਦਿਆਰਥੀਆਂ ਦੇ ਮਾਪਿਆਂ ਨੇ ਵੱਡੀ ਗਿਣਤੀ ਵਿੱਚ ਹਿੱਸਾ ਲਿਆ। ਪ੍ਰੋਗਰਾਮ ਦਾ ਮੁੱਖ ਉਦੇਸ਼ ਮਾਪਿਆਂ ਨੂੰ ਸਕੂਲ ਦੀ ਸਿੱਖਿਆ ਪ੍ਰਣਾਲੀ, ਅਨੁਸ਼ਾਸਨ ਅਤੇ ਵਿਦਿਆਰਥੀਆਂ ਦੇ ਸਰਵਪੱਖੀ ਵਿਕਾਸ ਨਾਲ ਸਬੰਧਿਤ ਜਾਣਕਾਰੀ ਪ੍ਰਦਾਨ ਕਰਨਾ ਸੀ। ਸਕੂਲ ਪ੍ਰਬੰਧਕਾਂ ਅਤੇ ਅਧਿਆਪਕਾਂ ਵੱਲੋਂ ਮਾਪਿਆਂ ਨੂੰ ਸਕੂਲ ਦੇ ਨਿਯਮਾਂ, ਪੜ੍ਹਾਈ ਦੇ ਆਧੁਨਿਕ ਤਰੀਕਿਆਂ, ਵਿਦਿਆਰਥੀ ਕੇਂਦਰਿਤ ਸਿੱਖਿਆ ਪ੍ਰਣਾਲੀ ਅਤੇ ਨੈਤਿਕ ਮੁੱਲਾਂ ਬਾਰੇ ਵਿਸਥਾਰ ਨਾਲ ਜਾਣੂ ਕਰਵਾਇਆ ਗਿਆ। ਇਸ ਤੋਂ ਇਲਾਵਾ ਸੈਲਫਲੈੱਸ ਸਰਵਿਸ ਅਧੀਨ ਕੀਤੀਆਂ ਜਾਣ ਵਾਲੀਆਂ ਲੋਕ ਭਲਾਈ ਦੀਆਂ ਸਰਗਰਮੀਆਂ ਬਾਰੇ ਵੀ ਜਾਣਕਾਰੀ ਦਿੱਤੀ ਗਈ। ਮਾਪਿਆਂ ਨੂੰ ਦੱਸਿਆ ਗਿਆ ਕਿ ਸਕੂਲ ਵਿਦਿਆਰਥੀਆਂ ਵਿੱਚ ਸੇਵਾ ਭਾਵਨਾ, ਦਇਆ, ਸਹਿਯੋਗ ਅਤੇ ਸਮਾਜ ਪ੍ਰਤੀ ਜ਼ਿੰਮੇਵਾਰੀ ਦੇ ਗੁਣ ਵਿਕਸਿਤ ਕਰਨ ਲਈ ਲਗਾਤਾਰ ਯਤਨਸ਼ੀਲ ਹੈ। ਪ੍ਰੋਗਰਾਮ ਦੌਰਾਨ ਮਾਪਿਆਂ ਨੇ ਸਕੂਲ ਦੀ ਕਾਰਗੁਜ਼ਾਰੀ ਅਤੇ ਵਿਦਿਆਰਥੀਆਂ ਦੇ ਚੰਗੇ ਭਵਿੱਖ ਲਈ ਕੀਤੀਆਂ ਜਾ ਰਹੀਆਂ ਕੋਸ਼ਿਸ਼ਾਂ ਦੀ ਪ੍ਰਸ਼ੰਸਾ ਕੀਤੀ। ਸਕੂਲ ਪ੍ਰਬੰਧਕਾਂ ਨੇ ਵਿਸ਼ਵਾਸ ਦਿਵਾਇਆ ਕਿ ਦਰਸ਼ਨ ਅਕੈਡਮੀ ਹਮੇਸ਼ਾ ਗੁਣਵੱਤਾ ਭਰੀ ਸਿੱਖਿਆ ਦੇ ਨਾਲ-ਨਾਲ ਚੰਗੇ ਸੰਸਕਾਰਾਂ ਅਤੇ ਮਨੁੱਖਤਾ ਦੀ ਭਾਵਨਾ ਨੂੰ ਉਤਸ਼ਾਹਿਤ ਕਰਨ ਲਈ ਵਚਨਬੱਧ ਰਹੇਗੀ। ਪ੍ਰਿੰਸੀਪਲ ਅਤੇ ਸਾਰੇ ਅਧਿਆਪਕਾਂ ਨੇ ਮਾਪਿਆਂ ਦਾ ਤਹਿ ਦਿਲੋਂ ਧੰਨਵਾਦ ਕੀਤਾ ਕਿ ਉਹ ਇਸ ਓਰੀਐਂਟੇਸ਼ਨ ਪ੍ਰੋਗਰਾਮ ਵਿੱਚ ਆਏ ਅਤੇ ਆਪਣਾ ਕੀਮਤੀ ਸਮਾਂ ਦੇ ਕੇ ਸਕੂਲ ਨੂੰ ਆਪਣਾ ਯੋਗਦਾਨ ਪਾਇਆ।