- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਬੰਦ ਰਹੇ ਡੀਸੀ ਕੰਪਲੈਕਸ ਦੇ ਦਫਤਰ, ਅੱਜ ਵੀ ਨਹੀਂ ਹੋਣਗੇ ਕੰਮ

ਲਖਬੀਰ, ਪੰਜਾਬੀ ਜਾਗਰਣ
ਜਲੰਧਰ : ਪੰਜਾਬ ’ਚ ਮੁਲਾਜ਼ਮਾਂ ਦੀਆਂ ਲੰਮੇ ਸਮੇਂ ਤੋਂ ਲਟਕਦੀਆਂ ਮੰਗਾਂ ਨੂੰ ਲੈ ਕੇ ਸਰਕਾਰ ਖ਼ਿਲਾਫ਼ ਰੋਸ ਤੇਜ਼ ਹੋ ਗਿਆ ਹੈ। ਸਾਂਝੀ ਤਾਲਮੇਲ ਕਮੇਟੀ ਪੰਜਾਬ ਦੇ ਸੱਦੇ ’ਤੇ ਸੂਬੇ ਦੇ ਵੱਖ-ਵੱਖ ਵਿਭਾਗਾਂ ਦੇ ਮੁਲਾਜ਼ਮ, ਅਧਿਆਪਕ ਤੇ ਪੈਨਸ਼ਨਰ 21 ਤੇ 22 ਅਕਤੂਬਰ ਨੂੰ ਦੋ ਦਿਨਾਂ ਦੀ ਸਮੂਹਿਕ ਛੁੱਟੀ ’ਤੇ ਹਨ। ਇਸੇ ਸੰਘਰਸ਼ ਤਹਿਤ ਬੁੱਧਵਾਰ ਨੂੰ ਜਲੰਧਰ ਦੇ ਪੁੱਡਾ ਗਰਾਊਂਡ ’ਚ ਸਾਂਝੀ ਤਾਲਮੇਲ ਕਮੇਟੀ ਵੱਲੋਂ ਜ਼ਿਲ੍ਹਾ ਪੱਧਰੀ ਮਹਾਂ ਰੈਲੀ ਕੀਤੀ ਗਈ, ਜਿਸ ’ਚ ਜ਼ਿਲ੍ਹੇ ਭਰ ਤੋਂ ਸੈਂਕੜਿਆਂ ਦੀ ਗਿਣਤੀ ’ਚ ਮੁਲਾਜ਼ਮ ਤੇ ਪੈਨਸ਼ਨਰ ਸ਼ਾਮਲ ਹੋਏ। ਰੈਲੀ ਦੌਰਾਨ ਆਗੂਆਂ ਨੇ ਪੰਜਾਬ ਸਰਕਾਰ ਦੀ ਕਾਰਗੁਜ਼ਾਰੀ ’ਤੇ ਸਵਾਲ ਉਠਾਉਂਦਿਆਂ ਦੋਸ਼ ਲਾਇਆ ਕਿ ਸਰਕਾਰ ਵੱਲੋਂ ਮੁਲਾਜ਼ਮਾਂ ਦੀਆਂ ਹੱਕੀ ਮੰਗਾਂ ਨੂੰ ਲਗਾਤਾਰ ਅਣਗੌਲਿਆ ਕੀਤਾ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਮੰਗਾਂ ਸਬੰਧੀ ਵਾਰ-ਵਾਰ ਆਵਾਜ਼ ਉਠਾਉਣ ਦੇ ਬਾਵਜੂਦ ਕੋਈ ਠੋਸ ਹੱਲ ਨਹੀਂ ਨਿਕਲਿਆ, ਜਿਸ ਕਾਰਨ ਮੁਲਾਜ਼ਮਾਂ ਵਿੱਚ ਭਾਰੀ ਰੋਸ ਹੈ।
- ਪੁਰਾਣੀ ਪੈਨਸ਼ਨ ਸਕੀਮ ਤੇ ਡੀਏ ਦਾ ਮੁੱਦਾ
ਸਾਂਝੀ ਤਾਲਮੇਲ ਕਮੇਟੀ ਦੇ ਆਗੂਆਂ ਤੇਜਿੰਦਰ ਸਿੰਘ ਨੰਗਲ, ਨਵਪ੍ਰੀਤ ਬੱਲੀ, ਸੁਰਿੰਦਰ ਕੁਮਾਰ ਪੁਆਰੀ, ਕਰਨੈਲ ਫਿਲੌਰ, ਕੁਲਵਿੰਦਰ ਸਿੰਘ ਜੋਸਨ, ਸੁਭਾਸ਼ ਮੱਟੂ, ਪਿਆਰਾ ਸਿੰਘ, ਅਵਤਾਰ ਲਾਲ ਤੇ ਅਜਮੇਰ ਸਿੰਘ ਨੇ ਆਪਣੇ ਸੰਬੋਧਨਾਂ ’ਚ ਕਿਹਾ ਕਿ ਪੁਰਾਣੀ ਪੈਨਸ਼ਨ ਸਕੀਮ ਸਬੰਧੀ ਨੋਟੀਫਿਕੇਸ਼ਨ ਜਾਰੀ ਹੋਣ ਦੇ ਬਾਵਜੂਦ ਇਸ ਨੂੰ ਪੰਜਾਬ ’ਚ ਲਾਗੂ ਨਹੀਂ ਕੀਤਾ ਜਾ ਰਿਹਾ। ਇਸੇ ਤਰ੍ਹਾਂ ਮਹਿੰਗਾਈ ਭੱਤੇ (ਡੀਏ) ਸਬੰਧੀ ਪੰਜਾਬ ਤੇ ਹਰਿਆਣਾ ਹਾਈ ਕੋਰਟ ਦੇ ਮੁਲਾਜ਼ਮਾਂ ਦੇ ਹੱਕ ’ਚ ਦਿੱਤੇ ਫੈਸਲੇ ਨੂੰ ਲਾਗੂ ਕਰਨ ਦਾ ਮੁੱਦਾ ਵੀ ਉਨ੍ਹਾਂ ਨੇ ਉਠਾਇਆ। ਆਗੂਆਂ ਨੇ ਮੰਗ ਕੀਤੀ ਕਿ ਪੈਨਸ਼ਨਰਾਂ ਦੀ ਪੈਨਸ਼ਨ ਪੇ-ਕਮਿਸ਼ਨ ਦੀ ਸਿਫਾਰਸ਼ ਅਨੁਸਾਰ 2.59 ਦੇ ਗੁਣਾਂਕ ਨਾਲ ਫਿਕਸ ਕੀਤੀ ਜਾਵੇ। ਇਸ ਤੋਂ ਇਲਾਵਾ ਕੱਚੇ, ਆਊਟਸੋਰਸ ਤੇ ਠੇਕੇ ’ਤੇ ਕੰਮ ਕਰ ਰਹੇ ਮੁਲਾਜ਼ਮਾਂ ਨੂੰ ਪੱਕਾ ਕਰਨ, ਕੇਂਦਰੀ ਪੈਟਰਨ ਅਨੁਸਾਰ ਡੀਏ ਦੀਆਂ ਬਕਾਇਆ ਕਿਸ਼ਤਾਂ ਤੇ ਬਕਾਏ ਤੁਰੰਤ ਜਾਰੀ ਕਰਨ ਤੇ ਮਾਣ ਭੱਤੇ ’ਤੇ ਕੰਮ ਕਰਨ ਵਾਲਿਆਂ ਨੂੰ ਘੱਟੋ-ਘੱਟ ਉਜਰਤ ਦੇਣ ਦੀ ਮੰਗ ਵੀ ਕੀਤੀ ਗਈ।
- ਕੰਪਿਊਟਰ ਅਧਿਆਪਕਾਂ ਨੂੰ ਸ਼ਾਮਲ ਕਰਨਾ
ਰੈਲੀ ’ਚ 15-01-2015 ਤੇ 17-07-2020 ਦੇ ਪੱਤਰ ਰੱਦ ਕਰਨ ਦੀ ਮੰਗ ਵੀ ਉਠਾਈ ਗਈ। ਆਗੂਆਂ ਨੇ ਕਿਹਾ ਕਿ ਕੰਪਿਊਟਰ ਅਧਿਆਪਕਾਂ ਨੂੰ ਸਿੱਖਿਆ ਵਿਭਾਗ ’ਚ ਸ਼ਾਮਲ ਕਰ ਕੇ ਉਨ੍ਹਾਂ ’ਤੇ ਛੇਵਾਂ ਪੰਜਾਬ ਪੇ-ਕਮਿਸ਼ਨ ਲਾਗੂ ਕੀਤਾ ਜਾਵੇ। ਪੇ-ਕਮਿਸ਼ਨ ਦੀਆਂ ਖਾਮੀਆਂ ਦੂਰ ਕਰਕੇ ਮੁਲਾਜ਼ਮਾਂ ਦੀਆਂ ਤਨਖਾਹਾਂ ’ਚ ਲੋੜੀਂਦੀ ਸੋਧ ਕੀਤੀ ਜਾਵੇ ਤੇ ਬਦਲੀਆਂ ਸਬੰਧੀ ਪਾਰਦਰਸ਼ੀ ਨੀਤੀ ਲਾਗੂ ਕੀਤੀ ਜਾਵੇ। ਆਗੂਆਂ ਨੇ ਕਿਹਾ ਕਿ ਮੁਲਾਜ਼ਮਾਂ ਦੀਆਂ ਮੰਗਾਂ ਦਾ ਹੱਲ ਕਰਨ ਦੀ ਬਜਾਏ ਉਨ੍ਹਾਂ ਨੂੰ ਲਗਾਤਾਰ ਸੰਘਰਸ਼ ਕਰਨ ਲਈ ਮਜਬੂਰ ਹੋਣਾ ਪੈ ਰਿਹਾ ਹੈ। ਉਨ੍ਹਾਂ ਚਿਤਾਵਨੀ ਦਿੱਤੀ ਕਿ ਜੇਕਰ ਮਹਾਂ ਰੈਲੀ ਤੋਂ ਬਾਅਦ ਵੀ ਸਰਕਾਰ ਨੇ ਗੱਲਬਾਤ ਦਾ ਰਾਹ ਨਾ ਅਪਣਾਇਆ ਤਾਂ 22 ਅਕਤੂਬਰ ਤੋਂ ਬਾਅਦ ਸੰਘਰਸ਼ ਹੋਰ ਤਿੱਖਾ ਕੀਤਾ ਜਾਵੇਗਾ। ਸਾਂਝੀ ਤਾਲਮੇਲ ਕਮੇਟੀ ਨੇ ਮੁਲਾਜ਼ਮਾਂ, ਅਧਿਆਪਕਾਂ ਤੇ ਪੈਨਸ਼ਨਰਾਂ ਨੂੰ ਆਪਣੇ ਹੱਕਾਂ ਦੀ ਰਾਖੀ ਲਈ ਇਕਜੁੱਟ ਰਹਿਣ ਤੇ ਆਉਣ ਵਾਲੇ ਸੰਘਰਸ਼ਾਂ ਲਈ ਤਿਆਰ ਰਹਿਣ ਦੀ ਅਪੀਲ ਕੀਤੀ। ਇਸ ਰੈਲੀ ਨੂੰ ਕੰਵਲਜੀਤ ਸੰਗੋਵਾਲ, ਮਾਸਟਰ ਮਨੋਹਰ ਲਾਲ, ਜਸਬੀਰ ਸਿੰਘ ਸੰਧੂ, ਪੁਸ਼ਪਿੰਦਰ ਵਿਰਦੀ, ਰਿਸ਼ੀ ਕੁਮਾਰ, ਚਰਨ ਸਿੰਘ ਬਾਠ, ਅਮਰਪ੍ਰੀਤ ਸਿੰਘ ਝੀਤਾ, ਮਾਸਟਰ ਕਮਲਜੀਤ ਮਲਹੋਤਰਾ, ਅਵਤਾਰ ਸਿੰਘ, ਸੁਰਜੀਤ ਕੌਰ, ਸ਼ਿੰਦਰ ਸਿੰਘ, ਡਾ. ਤੇਜ਼ ਪ੍ਰਕਾਸ਼ ਸਿੰਘ ਤੇ ਥੋੜੂ ਰਾਮ ਆਦਿ ਨੇ ਸੰਬੋਧਨ ਕੀਤਾ। ਇਸ ਮੌਕੇ ਜੋਰਾਵਰ ਸਿੰਘ, ਵਿਨੋਦ ਸਾਗਰ, ਪਵਨ ਕੁਮਾਰ ਤੇ ਹਰਮਨਜੀਤ ਸਿੰਘ ਵੀ ਹਾਜ਼ਰ ਸਨ।