ਜਲੰਧਰ : ਹੜ੍ਹ ਪ੍ਰਭਾਵਿਤ ਪਿੰਡਾਂ 'ਚ ਫਸੇ ਲੋਕਾਂ ਨੂੰ ਕਿਸ਼ਤੀਆਂ ਦੇ ਜ਼ਰੀਏ ਉਨ੍ਹਾਂ ਦੇ ਬੂਹੇ 'ਤੇ ਮਿਆਰੀ ਡਾਕਟਰੀ ਸਹਾਇਤਾਂ ਮੁਹੱਈਆਂ ਕਰਵਾਉਣ ਦੇ ਮੰਤਵ ਨਾਲ ਡਿਪਟੀ ਕਮਿਸ਼ਨਰ ਵਰਿੰਦਰ ਕੁਮਾਰ ਸ਼ਰਮਾ ਨੇ ਇਨ੍ਹਾਂ ਪਿੰਡਾ 'ਚ ਮੋਬਾਇਲ ਮੈਡੀਕਲ ਟੀਮਾਂ ਦੇ ਸਥਾਈ ਰਹਿਣ ਦੇ ਆਦੇਸ਼ ਦਿੱਤੇ ਹਨ।

ਇਹ ਟੀਮਾਂ ਹੜ੍ਹ ਪ੍ਰਭਾਵਿਤ ਇਲਾਕਿਆਂ 'ਚ ਪਾਣੀ ਨਾਲ ਹੋਣ ਵਾਲੀਆਂ ਬਿਮਾਰੀਆਂ ਦੇ ਫੈਲਣ ਦੀ ਰੋਕਥਾਮ 'ਚ ਸਹਾਇਤਾ ਕਰੇਗੀ।ਲੋਹੀਆਂ 'ਚ ਸਿਹਤ ਵਿਭਾਗ ਦੇ ਅਧਿਕਾਰੀਆਂ ਨਾਲ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਸ਼ਰਮਾ ਨੇ ਕਿਹਾ ਕਿ 21 ਮੋਬਾਇਲ ਟੀਮਾਂ ਸਵੇਰੇ 9 ਵਜੇ ਤੋਂ ਸ਼ਾਮ 5 ਵਜੇ ਤਕ ਇਨ੍ਹਾਂ ਪਿੰਡਾਂ 'ਚ ਰਹਿਣਗੀਆਂ ਤੇ ਕਿਸ਼ਤੀਆਂ ਦੇ ਜ਼ਰੀਏੇ ਲੋਕਾਂ ਨੂੰ ਹਰ ਸੰਭਵ ਡਾਕਟਰੀ ਸਹੂਲਤਾਂ ਦੇਣ ਲਈ ਘਰ–ਘਰ ਜਾਣਗੀਆਂ। ਉਨ੍ਹਾਂ ਕਿਹਾ ਕਿ ਇਨ੍ਹਾਂ ਕਿਸ਼ਤੀਆਂ 'ਚ ਲੋਕਾਂ ਦੀ ਸਹੂਲਤ ਲਈ ਡਾਕਟਰ ਅਤੇ ਲੋੜੀਦੀਆਂ ਦਵਾਈਆਂ ਵੀ ਲੈ ਕੇ ਜਾਣਗੇ। ਉਨ੍ਹਾਂ ਕਿਹਾ ਕਿ ਕਿਸੇ ਵੀ ਤਰ੍ਹਾਂ ਦੀ ਅਣਗਹਿਲੀ ਬਰਦਾਸ਼ਤ ਨਹੀਂ ਕੀਤੀ ਜਾਵੇਗੀ।

ਡਿਪਟੀ ਕਮਿਸ਼ਨਰ ਨੇ ਅੱਗੇ ਦੱਸਿਆ ਕਿ ਇਨ੍ਹਾਂ ਸਪੈਸ਼ਲ ਕੈਂਪਾਂ 'ਚ ਡਾਕਟਰਾਂ ਤੇ ਨਰਸਿੰਗ ਸਟਾਫ ਦੀ ਇੱਕ ਟੀਮ ਵੀ ਤਾਇਨਾਤ ਕੀਤੀ ਗਈ ਹੈ ਅਤੇ ਲੋਕਾਂ ਦੀ ਇਨ੍ਹਾਂ ਕੈਂਪਾ 'ਚ ਜਾਂਚ ਕੀਤੀ ਜਾ ਰਹੀ ਹੈ।

Posted By: Amita Verma