ਸੁਰਜੀਤ ਸਿੰਘ ਜੰਮੂ, ਲੋਹੀਆਂ ਖਾਸ : ਡਿਪਟੀ ਕਮਿਸ਼ਨਰ ਵਰਿੰਦਰ ਕੁਮਾਰ ਸ਼ਰਮਾ ਨੇ ਐਤਵਾਰ ਨੂੰ ਸਾਰੇ ਵਿਭਾਗਾਂ ਨੰੂ ਇਕ ਹਫ਼ਤੇ ਦੇ ਅੰਦਰ-ਅੰਦਰ ਜ਼ਿਲ੍ਹੇ ਦੇ ਹੜ੍ਹ ਪ੍ਰਭਾਵਿਤ ਪਿੰਡਾਂ ਵਿਚ ਆਮ ਵਰਗੀ ਸਥਿਤੀ ਬਹਾਲ ਕਰਨ ਲਈ ਤਿਆਰ-ਬਰ-ਤਿਆਰ ਰਹਿਣ ਲਈ ਕਿਹਾ। ਬੀਡੀਪੀਓ ਦਫ਼ਤਰ ਵਿਖੇ ਸਮੂਹ ਵਿਭਾਗਾਂ ਦੇ ਅਧਿਕਾਰੀਆਂ ਨਾਲ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਡਿਪਟੀ ਕਮਿਸ਼ਨਰ ਨੇ ਕਿਹਾ ਕਿ ਹੁਣ ਪਾਣੀ ਤੇਜ਼ੀ ਨਾਲ ਘੱਟ ਰਿਹਾ ਹੈ ਤੇ ਜ਼ਿਲ੍ਹਾ ਪ੍ਰਸ਼ਾਸਨ ਨੰੂ ਠੋਸ ਯੋਜਨਾ ਬਣਾਉਣ ਦੀ ਜ਼ਰੂਰਤ ਹੈ ਤਾਂ ਜੋ ਹੜ੍ਹ ਪ੍ਰਭਾਵਿਤ ਪਿੰਡਾਂ ਵਿਚ ਰਹਿਣ ਵਾਲੇ ਲੋਕਾਂ ਦੀ ਜ਼ਿੰਦਗੀ ਸੱਤ ਦਿਨਾਂ ਦੇ ਅੰਦਰ-ਅੰਦਰ ਪਹਿਲਾਂ ਵਾਂਗ ਚੱਲ ਪਵੇ। ਉਨ੍ਹਾਂ ਨੇ ਡਿਪਟੀ ਡਾਇਰੈਕਟਰ ਸਥਾਨਕ ਸਰਕਾਰ, ਮੰਡੀ ਬੋਰਡ ਤੇ ਪੇਂਡੂ ਵਿਕਾਸ ਵਿਭਾਗਾਂ ਨੰੂ ਹੜ੍ਹ ਪ੍ਰਭਾਵਿਤ ਪਿੰਡਾਂ ਵਿਚ ਸਫ਼ਾਈ ਨੂੰ ਯਕੀਨੀ ਬਣਾਉਣ ਲਈ ਕਿਹਾ। ਮੰਡੀ ਬੋਰਡ ਤੇ ਦਿਹਾਤੀ ਵਿਕਾਸ ਵਿਭਾਗ ਨੂੰ ਵੀ ਸੜਕਾਂ ਦੀ ਤੁਰੰਤ ਮੁਰੰਮਤ ਲਈ ਲੋਂੜੀਂਦੇ ਪ੍ਰਬੰਧ ਕਰਨ ਲਈ ਕਿਹਾ ਤਾਂ ਜੋ ਆਵਾਜਾਈ ਯਕੀਨੀ ਹੋ ਸਕੇ।

ਡੀਸੀ ਨੇ ਡਿਪਟੀ ਡਾਇਰੈਕਟਰ ਸਥਾਨਕ ਸਰਕਾਰ ਨੰੂ ਕਿਹਾ ਕਿ ਉਹ ਲੋੜੀਂਦੇ ਸਰੋਤਾਂ ਰਾਹੀਂ ਪੰਪ ਲਗਾ ਕੇ ਪਿੰਡਾਂ ਦੀਆਂ ਗਲੀਆਂ ਤੇ ਸੜਕਾਂ ਦੀ ਸਫ਼ਾਈ ਨੂੰ ਯਕੀਨੀ ਬਣਾਉਣ। ਪਿੰਡਾਂ ਵਿਚ ਬਿਮਾਰੀਆਂ ਫ਼ੈਲਣ ਦੀ ਰੋਕਥਾਮ ਲਈ ਸਫ਼ਾਈ ਨੂੰ ਯਕੀਨੀ ਬਣਾਇਆ ਜਾਣਾ ਚਾਹੀਦਾ ਹੈ। ਉਨ੍ਹਾਂ ਨੇ ਪਸ਼ੂ ਪਾਲਣ ਵਿਭਾਗ ਨੰੂ ਕਿਹਾ ਕਿ ਉਹ ਮਰੇ ਹੋਏ ਪਸ਼ੂਆਂ ਦਾ ਪਤਾ ਲਗਾਉਣ ਤੇ ਉਨ੍ਹਾਂ ਨੰੂ ਛੇਤੀ ਦਫ਼ਨਾਏ ਜਾਣਾ ਯਕੀਨੀ ਬਣਾਉਣ। ਪਾਣੀ ਨਾਲ ਹੋਣ ਵਾਲੀਆਂ ਬਿਮਾਰੀਆਂ ਨੰੂ ਰੋਕਣ ਲਈ ਵਧੇਰੇ ਫੋਗਿੰਗ ਮਸ਼ੀਨਾਂ ਲਗਾਈਆਂ ਜਾਣ। ਸਾਰੇ ਪਿੰਡਾਂ ਵਿਚ ਪਾਣੀ ਨਾਲ ਹੋਣ ਵਾਲੀਆਂ ਬਿਮਾਰੀਆਂ ਪ੍ਰਤੀ ਲੋਕਾਂ ਨੂੰ ਜਾਗਰੂਕ ਕਰਨ ਲਈ ਮੈਡੀਕਲ ਕੈਂਪ ਲਾਏ ਜਾਣੇ ਚਾਹੀਦੇ ਹਨ। ਬਿਮਾਰੀ ਤੋਂ ਬਚਾਓ ਲਈ ਓਆਰਐੱਸ ਪੈਕੇਟ ਪ੍ਰਭਾਵਿਤ ਪਿੰਡਾਂ 'ਚ ਵੰਡੇ ਜਾਣ। ਖੁਰਾਕ ਤੇ ਸਿਵਲ ਸਪਲਾਈ ਵਿਭਾਗ ਵੱਲੋਂ ਅਗਲੇ 15 ਦਿਨਾਂ ਤਕ ਹੜ੍ਹ ਪ੍ਰਭਾਵਿਤ ਪਿੰਡਾਂ ਨੂੰ ਪੀਣ ਵਾਲਾ ਪਾਣੀ ਦੀ ਸਪਲਾਈ ਯਕੀਨੀ ਬਣਾਈ ਜਾਵੇ ਤਾਂ ਜੋ ਲੋਕ ਦੂਸ਼ਿਤ ਪਾਣੀ ਪੀ ਕੇ ਬਿਮਾਰ ਨਾ ਹੋਣ। ਕਲੋਰੀਨ ਦੀਆਂ ਗੋਲੀਆਂ ਪਿੰਡਾਂ ਵਿਚ ਜ਼ਰੂਰ ਦਿੱਤੀਆਂ ਜਾਣ ਤਾਂ ਜੋ ਲੋਕ ਸਾਫ਼ ਪਾਣੀ ਪੀ ਸਕਣ।

ਡੀਸੀ ਵਰਿੰਦਰ ਸ਼ਰਮਾ ਨੇ ਅੱਗੇ ਕਿਹਾ ਕਿ ਪਾਣੀ ਨਾਲ ਹੋਣ ਵਾਲੀਆਂ ਬਿਮਾਰੀਆਂ ਫ਼ੈਲਣ ਤੋਂ ਰੋਕਣ ਲਈ ਐਂਟੀ ਲਾਰਵਾ ਸਪਰੇਅ ਯਕੀਨੀ ਬਣਾਇਆ ਜਾਵੇ। ਉਨ੍ਹਾਂ ਪਸ਼ੂ ਪਾਲਣ ਵਿਭਾਗ ਨੂੰ ਪ੍ਰਭਾਵਿਤ ਪਿੰਡਾਂ ਵਿਚ ਪਸ਼ੂਆਂ ਲਈ ਖੁਰਾਕ ਦੀ ਸਪਲਾਈ ਦੇ ਨਾਲ-ਨਾਲ ਪਸ਼ੂਆਂ ਲਈ ਸਹੀ ਟੀਕਾਕਰਨ ਯਕੀਨੀ ਬਣਾਉਣ ਲਈ ਕਿਹਾ। ਉਨ੍ਹਾਂ ਨੇ ਪਾਣੀ ਸਪਲਾਈ ਤੇ ਸੈਨੀਟੇਸ਼ਨ ਵਿਭਾਗ ਨੂੰ ਵਾਟਰ ਵਰਕਸ ਦੀ ਸਫ਼ਾਈ ਕਰ ਕੇ ਪੀਣ ਵਾਲੇ ਪਾਣੀ ਦੀ ਸਪਲਾਈ ਮੁੜ ਚਾਲੂ ਕਰਨ ਲਈ ਕਿਹਾ। ਉਨ੍ਹਾਂ ਕਿਹਾ ਕਿ ਪੀਐੱਸਪੀਸੀਐੱਲ ਵੱਲੋਂ ਜਲਦੀ ਤੋਂ ਜਲਦੀ ਬਿਜਲੀ ਦੀ ਸਪਲਾਈ ਬਹਾਲ ਕਰਨ ਲਈ ਮੁਹਿੰਮ ਚਲਾਈ ਜਾਵੇ। ਇਸ ਮੌਕੇ ਐੱਸਡੀਐੱਮ ਪਰਮਵੀਰ ਸਿੰਘ ਤੇ ਡਾ. ਚਾਰੂਮਿਤਾ, ਸਹਾਇਕ ਕਮਿਸ਼ਨਰ ਵਰਜੀਤ ਵਾਲੀਆ, ਸਿਵਲ ਸਰਜਨ ਡਾ. ਗੁਰਿੰਦਰ ਚਾਵਲਾ, ਜ਼ਿਲ੍ਹਾ ਮਾਲ ਅਫ਼ਸਰ ਜਸਨਜੀਤ ਸਿੰਘ, ਮੁੱਖ ਖੇਤੀਬਾੜੀ ਅਫ਼ਸਰ ਡਾ. ਨਾਜਰ ਸਿਘ, ਜ਼ਿਲ੍ਹਾ ਖੁਰਾਕ ਸਪਲਾਈ ਕੰਟਰੋਲਰ ਨਰਿੰਦਰ ਸਿੰਘ ਤੇ ਹੋਰ ਵੀ ਹਾਜ਼ਰ ਸਨ।