ਜਤਿੰਦਰ ਪੰਮੀ, ਜਲੰਧਰ : ਕੋਰੋਨਾ ਵਾਇਰਸ ਮਹਾਮਾਰੀ ਦੀ ਗੰਭੀਰਤਾ ਨੂੰ ਦੇਖਦੇ ਜ਼ਿਲ੍ਹਾ ਪ੍ਰਸ਼ਾਸਨ ਨੇ ਸ਼ਾਮ 7 ਤੋਂ ਸਵੇਰੇ 7 ਵਜੇ ਤੱਕ ਲਾਕਡਾਊਨ ਨੂੰ ਸਖਤੀ ਨਾਲ ਲਾਗੂ ਕਰਨ ਦਾ ਫੈਸਲਾ ਕੀਤਾ ਹੈ। ਇਸ ਸਬੰਧੀ ਅੱਜ ਜ਼ਿਲ੍ਹੇ ਦੇ ਸਿਵਲ ਤੇ ਪੁਲਿਸ ਪ੍ਰਸ਼ਾਸਨ ਦੇ ਅਧਿਕਾਰੀਆਂ ਅਤੇ ਸੰਸਦ ਮੈਂਬਰ, ਵਿਧਾਇਕਾਂ ਤੇ ਚੇਅਰਮੈਨਾਂ ਦੀ ਹੋਈ ਮੀਟਿੰਗ ਵਿਚ ਫੈਸਲਾ ਕੀਤਾ ਗਿਆ ਹੈ। ਜ਼ਿਲ੍ਹੇ ਦੇ ਪ੍ਰਸ਼ਾਸਨਿਕ ਅਧਿਕਾਰੀਆਂ ਅਤੇ ਚੁਣੇ ਹੋਏ ਸਿਆਸੀ ਨੁਮਾਇੰਦਿਆਂ ਨੇ ਲੋਕਾਂ ਦਾ ਕੋਰੋਨਾ ਵਾਇਰਸ ਮਹਾਮਾਰੀ ਤੋਂ ਬਚਾਅ ਕਰਨ ਲਈ ਲਾਕਡਾਊਨ ਦਾ ਪਾਲਣ ਕਰਵਾਉਣ ਲਈ ਸਖਤੀ ਵਰਤਣ ਲਈ ਸਹਿਮਤੀ ਪ੍ਰਗਟਾਈ ਹੈ। ਇਸ ਮੀਟਿੰਗ ਵਿਚ ਸ਼ਾਮਲ ਲੋਕ ਸਭਾ ਮੈਂਬਰ ਸੰਤੋਖ ਸਿੰਘ ਚੌਧਰੀ, ਵਿਧਾਇਕ ਪਰਗਟ ਸਿੰਘ, ਸੁਸ਼ੀਲ ਕੁਮਾਰ ਰਿੰਕੂ, ਰਾਜਿੰਦਰ ਬੇਰੀ, ਹਰਦੇਵ ਸਿੰਘ ਲਾਡੀ ਤੇ ਅਵਤਾਰ ਸਿੰਘ ਬਾਵਾ ਹੈਨਰੀ, ਚੇਅਰਮੈਨ ਪੰਜਾਬ ਤਕਨੀਕੀ ਸਿੱਖਿਆ ਬੋਰਡ ਮਹਿੰਦਰ ਸਿੰਘ ਕੇਪੀ, ਚੇਅਰਮੈਨ ਜਲ ਸਰੋਤ ਪ੍ਰਬੰਧਨ ਕਾਰਪੋਰੇਸ਼ਨ ਜਗਬੀਰ ਸਿੰਘ ਬਰਾੜ, ਡਿਪਟੀ ਕਮਿਸ਼ਨਰ ਵਰਿੰਦਰ ਕੁਮਾਰ ਸ਼ਰਮਾ, ਪੁਲਿਸ ਕਮਿਸ਼ਨਰ ਗੁਰਪ੍ਰਰੀਤ ਸਿੰਘ ਭੁੱਲਰ ਅਤੇ ਐੱਸਐੱਸਪੀ ਦਿਹਾਤੀ ਨਵਜੋਤ ਸਿੰਘ ਮਾਹਲ ਨੇ ਜ਼ਿਲ੍ਹੇ ਵਿਚ ਕੋਰੋਨਾ ਵਾਇਰਸ ਦੀ ਗੰਭੀਰਤਾ ਬਾਰੇ ਵਿਚਾਰ ਚਰਚਾ ਕੀਤੀ। ਮੀਟਿੰਗ ਦੌਰਾਨ ਫੈਸਲਾ ਕੀਤਾ ਗਿਆ ਕਿ ਜ਼ਿਲ੍ਹੇ ਅੰਦਰ ਦੁਕਾਨਾਂ ਸਵੇਰੇ 7 ਤੋਂ ਸ਼ਾਮ 6 ਵਜੇ ਤੱਕ ਖੁੱਲਿ੍ਹਆ ਕਰਨਗੀਆਂ ਅਤੇ ਲਾਕਡਾਊਨ ਸ਼ਾਮ 7 ਤੋਂ ਸਵੇਰੇ 7 ਵਜੇ ਤੱਕ ਸਖਤੀ ਨਾਲ ਲਾਗੂ ਕੀਤਾ ਜਾਵੇਗਾ। ਉਨ੍ਹਾਂ ਕਿਹਾ ਕਿ ਐਤਵਾਰ ਤੋਂ ਇਲਾਵਾ ਦੁਕਾਨਾਂ ਪੂਰਾ ਹਫਤਾ ਖੁੱਲ੍ਹਣਗੀਆਂ। ਕਿਸੇ ਨੂੰ ਵੀ ਲਾਕਡਾਊਨ ਦੀ ਉਲੰਘਣਾ ਕਰਨ ਦੀ ਇਜਾਜ਼ਤ ਨਹੀਂ ਦਿੱਤੀ ਜਾਵੇਗੀ। ਉਨ੍ਹਾਂ ਕਿਹਾ ਕਿ ਕੋਰੋਨਾ ਵਾਇਰਸ ਮਹਾਮਾਰੀ ਦਾ ਖਤਰਾ ਪੂਰੀ ਤਰ੍ਹਾਂ ਖਤਮ ਨਹੀਂ ਹੋਇਆ ਹੈ, ਇਸ ਲਈ ਲੋਕਾਂ ਨੂੰ ਇਸ ਤੋਂ ਬਚਾਉਣ ਵਾਸਤੇ ਅਹਿਤਿਆਤ ਵਰਤਣਾ ਬਹੁਤ ਜਰੂਰੀ ਹੈ। ਉਨ੍ਹਾਂ ਕਿਹਾ ਕਿ ਲੋਕਾਂ ਨੂੰ ਇਸ ਤੋਂ ਬਚ ਕੇ ਰਹਿਣਾ ਚਾਹੀਦਾ ਹੈ ਅਤੇ ਸਮਾਜਿਕ ਦੂਰੀ ਦੇ ਨਿਯਮਾਂ ਦੀ ਪਾਲਣਾ ਕਰਨੀ ਚਾਹੀਦੀ ਹੈ। ਸਾਰਿਆਂ ਨੇ ਸਰਬ ਸੰਮਤੀ ਨਾਲ ਫੈਸਲਾ ਕੀਤਾ ਕਿ ਜ਼ਿਲ੍ਹਾ ਪ੍ਰਸ਼ਾਸਨ ਕੋਵਿਡ-19 ਦੇ ਮੱਦੇਨਜ਼ਰ ਨਿਰਧਾਰਤ ਕੀਤੇ ਗਏ ਸਿਹਤ ਵਿਭਾਗ ਦੇ ਨਿਯਮਾਂ ਦੀ ਪਾਲਣਾ ਕਰਵਾਉਣ ਲਈ ਸਖਤ ਕਦਮ ਚੁੱਕੇਗਾ ਅਤੇ ਨਿਯਮਾਂ ਦੀ ਉਲੰਘਣਾ ਕਰਨ ਵਾਲਿਆਂ ਖ਼ਿਲਾਫ਼ ਸਖਤ ਕਾਨੂੰਨੀ ਕਾਰਵਾਈ ਕੀਤੀ ਜਾਵੇਗੀ। ਇਸ ਮੀਟਿੰਗ ਵਿਚ ਵੱਖ ਵੱਖ ਸਬ ਡਵੀਜ਼ਨਾਂ ਦੇ ਅਧਿਕਾਰੀ ਵੀ ਮੌਜੂਦ ਸਨ।