ਸੀਨੀਅਰ ਸਟਾਫ ਰਿਪੋਰਟਰ, ਜਲੰਧਰ

ਡਿਪਟੀ ਕਮਿਸ਼ਨਰ ਜਲੰਧਰ ਵਰਿੰਦਰ ਕੁਮਾਰ ਸ਼ਰਮਾ ਨੇ ਸਮੂਹ ਵਿਭਾਗਾਂ ਦੇ ਮੁਖੀਆਂ ਨੂੰ ਕਿਹਾ ਕਿ ਗਾਰਡੀਅਨਜ਼ ਆਫ਼ ਗਵਰਨੈਂਸ ਵੱਲੋਂ ਦਾਇਰ ਕੀਤੀਆਂ ਗਈਆਂ ਸ਼ਿਕਾਇਤਾਂ ਦੇ ਪ੍ਰਭਾਵੀ ਤੇ ਸਮਾਂਬੱਧ ਨਿਬੇੜੇ ਨੂੰ ਯਕੀਨੀ ਬਣਾਇਆ ਜਾਵੇ। ਜ਼ਿਲ੍ਹਾ ਪ੍ਰਸ਼ਾਸ਼ਕੀ ਕੰਪਲੈਕਸ 'ਚ ਜੀਓਜੀ ਦੀ ਜ਼ਿਲ੍ਹਾ ਪੱਧਰੀ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਜਿਸ 'ਚ ਉਨ੍ਹਾਂ ਨਾਲ ਵਧੀਕ ਡਿਪਟੀ ਕਮਿਸ਼ਨਰ ਕੁਲਵੰਤ ਸਿੰਘ ਵੀ ਮੌਜੂਦ ਸਨ ਨੇ ਕਿਹਾ ਕਿ ਜ਼ਿਲ੍ਹਾ ਪ੍ਰਸ਼ਾਸਨ ਤੇ ਸੂਬਾ ਸਰਕਾਰ ਦੇ ਕੰਮਕਾਜ ਨੂੰ ਸਹੀ ਢੰਗ ਨਾਲ ਚਲਾਉਣ ਲਈ ਜੀਓਜੀ ਵੱਲੋਂ ਅਹਿਮ ਜਾਣਕਾਰੀਆਂ ਮੁਹੱਈਆ ਕਰਵਾਈਆਂ ਜਾ ਰਹੀਆਂ ਹਨ ਤੇ ਸਹੀ ਅਰਥਾਂ 'ਚ ਇਹ ਸੂਬਾ ਸਰਕਾਰ ਦੇ ਅੱਖਾਂ ਤੇ ਕੰਨ ਵਜੋਂ ਕੰਮ ਕਰ ਰਹੇ ਹਨ। ਉਨ੍ਹਾਂ ਦੱਸਿਆ ਕਿ ਗਾਰਡੀਅਨਜ਼ ਆਫ਼ ਗਵਰਨੈਂਸ ਵੱਲੋਂ ਮੁਹੱਈਆ ਜਾਣਕਾਰੀਆਂ ਜ਼ਿਲ੍ਹਾ ਪ੍ਰਸ਼ਾਸਨ ਨੂੰ ਜ਼ਿੰਮੇਵਾਰ ਤੇ ਜਵਾਬਦੇਹ ਬਣਾਉਣ ਵਿਚ ਅਹਿਮ ਭੂਮਿਕਾ ਨਿਭਾ ਰਹੀ ਹੈ। ਜਿਵੇਂ ਹੀ ਗਾਰਡੀਐਨਜ਼ ਆਫ ਗਵਰਨੈਂਸ ਵਲੋਂ ਕੋਈ ਮੁੱਦਾ ਉਠਾਇਆ ਜਾਂਦਾ ਹੈ ਤਾਂ ਸਬੰਧਿਤ ਵਿਭਾਗਾਂ ਨੂੰ ਨਿਰਧਾਰਿਤ ਸਮੇਂ 'ਚ ਇਸ ਦਾ ਨਿਬੇੜਾ ਕਰ ਕੇ ਲੋਕਾਂ ਨੂੰ ਸਹੂਲਤ ਪਹੁੰਚਾਉਣ ਨੂੰ ਯਕੀਨੀ ਬਣਾਉਣਾ ਚਾਹੀਦਾ ਹੈ।

ਡਿਪਟੀ ਕਮਿਸ਼ਨਰ ਨੇ ਸੇਵਾ ਕੇਂਦਰਾਂ, ਖੇਤੀਬਾੜੀ, ਸਮਾਜਿਕ ਨਿਆਂ, ਐੱਨਆਰਆਈ ਮਾਮਲੇ, ਲੋਕ ਨਿਰਮਾਣ, ਸਮਾਜਿਕ ਸੁਰੱਖਿਆ, ਜਲ ਸਪਲਾਈ, ਮਾਲ, ਪੇਂਡੂ ਵਿਕਾਸ ਤੇ ਪੰਚਾਇਤ ਵਿਭਾਗ ਨੂੰ ਕਿਹਾ ਕਿ ਉਨ੍ਹਾਂ ਦੇ ਵਿਭਾਗਾਂ ਨਾਲ ਸਬੰਧਿਤ ਮਸਲਿਆਂ ਨੂੰ ਛੇਤੀ ਤੋਂ ਛੇਤੀ ਨਿਬੇੜਿਆ ਜਾਵੇ। ਇਹ ਵਿਭਾਗ ਜੀਓਜੀਜ਼ ਵੱਲੋਂ ਉਠਾਏ ਗਏ ਮੁੱਦਿਆਂ ਸਬੰਧੀ ਕੀਤੀ ਗਈ ਕਾਰਵਾਈ ਰਿਪੋਰਟ ਤੁਰੰਤ ਪੇਸ਼ ਕਰਨ। ਉਨ੍ਹਾਂ ਸਪੱਸ਼ਟ ਕੀਤਾ ਕਿ ਇਸ ਮਾਮਲੇ 'ਚ ਕਿਸੇ ਵੀ ਤਰ੍ਹਾਂ ਦੀ ਿਢੱਲ-ਮੱਠ ਜਾਂ ਅਣਗਹਿਲੀ ਬਰਦਾਸ਼ਤ ਨਹੀਂ ਕੀਤੀ ਜਾਵੇਗੀ।

ਉਨ੍ਹਾਂ ਉਪ ਮੰਡਲ ਮੈਜਿਸਟਰੇਟਾਂ ਨੂੰ ਕਿਹਾ ਕਿ ਉਹ ਨਿੱਜੀ ਤੌਰ 'ਤੇ ਜੀਓਜੀਜ਼ ਵੱਲੋਂ ਕੀਤੀਆਂ ਗਈਆਂ ਸ਼ਿਕਾਇਤਾਂ ਦੀ ਨਜ਼ਰਸਾਨੀ ਕਰਨ ਤੇ ਇਨ੍ਹਾਂ ਦੇ ਛੇਤੀ ਤੋਂ ਛੇਤੀ ਨਿਬੇੜੇ ਨੂੰ ਯਕੀਨੀ ਬਣਾਉਣ। ਇਸ ਨਾਲ ਪੰਜਾਬ ਸਰਕਾਰ ਦੀਆਂ ਨੀਤੀਆਂ ਤੇ ਪ੍ਰੋਗਰਾਮਾਂ ਨੂੰ ਹੋਰ ਵੀ ਅਸਰਦਾਰ ਢੰਗ ਨਾਲ ਲਾਗੂ ਕਰ ਕੇ ਲੋਕਾਂ ਨੂੰ ਵਧ ਤੋਂ ਵਧ ਸਹੂਲਤਾਂ ਮੁਹੱਈਆ ਕਰਵਾਈਆਂ ਜਾ ਸਕਣਗੀਆਂ। ਉਹ ਖੁਦ ਨਿੱਜੀ ਤੌਰ 'ਤੇ ਜੀਓਜੀਜ਼ ਵੱਲੋਂ ਮੁਹੱਈਆ ਕਰਵਾਈਆਂ ਗਈਆਂ ਜਾਣਕਾਰੀਆਂ ਦੇ ਨਿਬੇੜੇ ਦੀ ਨਿਗਰਾਨੀ ਕਰਨਗੇ।

ਇਸ ਤੋਂ ਪਹਿਲਾਂ ਗਾਰਡੀਅਨਜ਼ ਆਫ਼ ਗਵਰਨੈਂਸ ਦੇ ਜ਼ਿਲ੍ਹਾ ਮੁਖੀ ਮੇਜਰ ਜਨਰਲ (ਸੇਵਾਮੁਕਤ) ਬਲਵਿੰਦਰ ਸਿੰਘ ਵੱਲੋਂ ਡਿਪਟੀ ਕਮਿਸ਼ਨਰ ਨੂੰ ਜ਼ਿਲ੍ਹੇ 'ਚ ਗਾਰਡੀਅਨਜ਼ ਆਫ਼ ਗਵਰਨੈਂਸ ਦੀ ਕਾਰਜਪ੍ਰਣਾਲੀ ਬਾਰੇ ਦੱਸਿਆ ਗਿਆ। ਇਸ ਮੌਕੇ ਉਪ ਮੰਡਲ ਮੈਜਿਸਟਰੇਟ ਅਮਿਤ ਕੁਮਾਰ, ਡਾ. ਸੰਜੀਵ ਸ਼ਰਮਾ ਤੇ ਡਾ. ਜੈਇੰਦਰ ਸਿੰਘ, ਉਪ ਜ਼ਿਲ੍ਹਾ ਸਿੱਖਿਆ ਅਫਸਰ ਗੁਰਪ੍ਰੀਤ ਕੌਰ, ਜ਼ਿਲ੍ਹਾ ਭਲਾਈ ਅਫਸਰ ਰਜਿੰਦਰ ਸਿੰਘ, ਮੁੱਖ ਖੇਤੀਬਾੜੀ ਅਫ਼ਸਰ ਡਾ. ਨਾਜ਼ਰ ਸਿੰਘ, ਡਿਪਟੀ ਰਜਿਸਟਰਾਰ ਸੁਸਾਇਟੀਜ਼ ਸੁੱਖਾ ਸਿੰਘ ਤੇ ਹੋਰ ਵੀ ਹਾਜ਼ਰ ਸਨ। ਇਸ ਮੌਕੇ ਜੀਓਜੀ ਤਹਿਸੀਲ ਮੁਖੀ ਕਰਨਲ (ਸੇਵਾਮੁਕਤ) ਬਲਬੀਰ ਸਿੰਘ, ਕਰਨਲ (ਸੇਵਾਮੁਕਤ) ਬਚਨ ਸਿੰਘ, ਕਰਨਲ (ਸੇਵਾਮੁਕਤ) ਵਿਜੈ ਕੁਮਾਰ ਤੇ ਹੋਰਨਾਂ ਵੱਲੋਂ ਵੱਖ-ਵੱਖ ਵਿਭਾਗਾਂ ਨਾਲ ਸਬੰਧਿਤ ਮੁੱਦਿਆਂ 'ਤੇ ਰੋਸ਼ਨੀ ਪਾਈ ਗਈ।