- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਡਿਪਟੀ ਕਮਿਸ਼ਨਰ ਨੇ ਸ਼੍ਰੀ ਸਿੱਧ ਬਾਬਾ ਸੋਢਲ ਮੇਲੇ ਦੀਆਂ ਤਿਆਰੀਆਂ ਦਾ ਲਿਆ ਜਾਇਜ਼ਾ

-ਅਧਿਕਾਰੀਆਂ ਨੂੰ ਪੁਖ਼ਤਾ ਪ੍ਰਬੰਧ ਯਕੀਨੀ ਬਣਾਉਣ ਦੇ ਨਿਰਦੇਸ਼
ਸ਼ੈਲੀ, ਪੰਜਾਬੀ ਜਾਗਰਣ, ਜਲੰਧਰ
ਡਿਪਟੀ ਕਮਿਸ਼ਨਰ ਵਰਜੀਤ ਵਾਲੀਆ ਨੇ 25 ਸਤੰਬਰ ਨੂੰ ਮਨਾਏ ਜਾ ਰਹੇ ਸ਼੍ਰੀ ਸਿੱਧ ਬਾਬਾ ਸੋਢਲ ਮੇਲੇ ਦੀਆਂ ਚੱਲ ਰਹੀਆਂ ਤਿਆਰੀਆਂ ਦਾ ਜਾਇਜ਼ਾ ਲੈਂਦਿਆਂ ਅਧਿਕਾਰੀਆਂ ਨੂੰ ਪੁਖ਼ਤਾ ਪ੍ਰਬੰਧ ਯਕੀਨੀ ਬਣਾਉਣ ਦੇ ਨਿਰਦੇਸ਼ ਦਿੱਤੇ। ਇਥੇ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਮੀਟਿੰਗ ਦੌਰਾਨ ਉਨ੍ਹਾਂ ਕਿਹਾ ਕਿ ਇਹ ਯਕੀਨੀ ਬਣਾਇਆ ਜਾਵੇ ਕਿ ਸ਼ਰਧਾਲੂ ਬਿਨਾਂ ਕਿਸੇ ਦਿੱਕਤ ਦੇ ਸ਼੍ਰੀ ਸਿੱਧ ਬਾਬਾ ਸੋਢਲ ਮੇਲੇ ’ਚ ਸ਼ਾਮਲ ਹੋ ਕੇ ਸ਼ਰਧਾ ਭੇਟ ਕਰ ਸਕਣ। ਉਨ੍ਹਾਂ ਸੁਰੱਖਿਆ, ਆਵਾਜਾਈ ਪ੍ਰਬੰਧਾਂ ਦਾ ਜਾਇਜ਼ਾ ਲੈਂਦਿਆਂ ਪੁਲਿਸ ਵਿਭਾਗ ਦੇ ਅਧਿਕਾਰੀਆਂ ਨੂੰ ਲੋੜੀਂਦੀ ਗਿਣਤੀ ’ਚ ਪੁਲਿਸ ਕਰਮਚਾਰੀਆਂ ਦੀ ਤਾਇਨਾਤੀ, ਮਹਿਲਾ ਪੁਲਿਸ, ਸੁਚੱਜੀ ਨਿਗਰਾਨੀ, ਆਵਾਜਾਈ ਦੇ ਬਦਲਵੇਂ ਪ੍ਰਬੰਧ ਯਕੀਨੀ ਬਣਾਉਣ ਲਈ ਕਿਹਾ। ਨਾਲ ਹੀ ਸਬੰਧਤ ਅਧਿਕਾਰੀਆਂ ਨੂੰ ਮੰਦਿਰ, ਮੰਦਿਰ ਨੂੰ ਜਾਣ ਵਾਲੇ ਮੁੱਖ ਮਾਰਗ, ਨਾਲ ਲੱਗਦੀਆਂ ਸੜਕਾਂ ’ਤੇ ਮੇਲੇ ਵਾਲੇ ਸਥਾਨ ਦੀ ਢੁੱਕਵੀਂ ਸਾਫ-ਸਫਾਈ, ਸਜਾਵਟ, ਮੈਡੀਕਲ ਟੀਮਾਂ ਸਮੇਤ ਐਂਬੂਲੈਂਸਾਂ ਦੀ ਤਾਇਨਾਤੀ, ਪੀਣ ਵਾਲੇ ਪਾਣੀ ਦੇ ਇੰਤਜ਼ਾਮ, ਫਾਇਰ ਬ੍ਰਿਗੇਡ ਤੇ ਆਰਜੀ ਪਖਾਨਿਆਂ ਸਮੇਤ ਹੋਰ ਲੋੜੀਂਦੇ ਬੰਦੋਬਸਤ ਸਮੇਂ ਸਿਰ ਯਕੀਨੀ ਬਣਾਉਣ ਦੇ ਨਿਰਦੇਸ਼ ਦਿੱਤੇ। ਸ਼ਰਧਾਲੂਆਂ ਦੀ ਸੁਰੱਖਿਆ ਦੇ ਮੱਦੇਨਜ਼ਰ ਲੋਕ ਨਿਰਮਾਣ ਵਿਭਾਗ ਨੂੰ ਮੇਲੇ ’ਚ ਲੱਗਣ ਵਾਲੀਆਂ ਸਟੇਜਾਂ ਤੇ ਝੂਲਿਆਂ ਦੀ ਲੋੜੀਂਦੀ ਜਾਂਚ ਯਕੀਨੀ ਬਣਾਉਣ ਦੀ ਹਦਾਇਤ ਵੀ ਕੀਤੀ। ਬਿਜਲੀ ਵਿਭਾਗ ਨੂੰ ਨਿਰਵਿਘਨ ਬਿਜਲੀ ਸਪਲਾਈ ਯਕੀਨੀ ਬਣਾਉਣ ਨਿਰਦੇਸ਼ ਦਿੰਦਿਆਂ ਢਿੱਲੀਆਂ ਜਾਂ ਨੀਵੀਂਆਂ ਤਾਰਾਂ ਨੂੰ ਜਲਦ ਤੋਂ ਜਲਦ ਠੀਕ ਕਰਵਾਉਣ ਲਈ ਕਿਹਾ। ਮੀਟਿੰਗ ’ਚ ਵਧੀਕ ਡਿਪਟੀ ਕਮਿਸ਼ਨਰ (ਜ) ਅਮਨਿੰਦਰ ਕੌਰ, ਡੀਸੀਪੀ ਮਨਪ੍ਰੀਤ ਸਿੰਘ ਢਿੱਲੋਂ, ਡੀਸੀਪੀ ਪਰਮਿੰਦਰ ਸਿੰਘ, ਡੀਸੀਪੀ ਅਦਿੱਤਿਆ ਵਾਰੀਅਰ, ਐੱਸਡੀਐੱਮ ਸ਼ੁਭੀ ਆਂਗਰਾ ਤੋਂ ਇਲਾਵਾ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀ ਵੀ ਮੌਜੂਦ ਸਨ।