ਪੰਜਾਬੀ ਜਾਗਰਣ ਕੇਂਦਰ, ਜਲੰਧਰ : ਡਿਪਟੀ ਕਮਿਸ਼ਨਰ ਘਨਸ਼ਿਆਮ ਥੋਰੀ ਨੇ ਅੱਜ ਜ਼ਿਲ੍ਹੇ 'ਚ ਚੱਲ ਰਹੀਆਂ ਵੱਖ-ਵੱਖ ਵਾਤਾਵਰਨ ਪੱਖੀ ਸਕੀਮਾਂ ਦੀ ਪ੍ਰਗਤੀ ਦਾ ਜਾਇਜ਼ਾ ਲਿਆ ਅਤੇ ਸਬੰਧਤ ਅਧਿਕਾਰੀਆਂ ਨੂੰ ਸਾਰੇ ਚੱਲ ਰਹੇ ਪ੍ਰਰਾਜੈਕਟਾਂ ਨੂੰ ਨਿਰਧਾਰਿਤ ਸਮੇਂ ਦੇ ਅੰਦਰ ਮੁਕੰਮਲ ਕਰਨ ਦੇ ਨਿਰਦੇਸ਼ ਦਿੱਤੇ। ਇਥੇ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਜ਼ਿਲ੍ਹਾ ਵਾਤਾਵਰਨ ਕਮੇਟੀ ਦੀ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਡਿਪਟੀ ਕਮਿਸ਼ਨਰ ਨੇ ਕਿਹਾ ਕਿ ਕੌਮੀ ਗ੍ਰੀਨ ਟਿ੍ਬਿਊਨਲ (ਐੱਨਜੀਟੀ) ਅਤੇ ਸੂਬਾ ਸਰਕਾਰ ਵੱਲੋਂ ਜਾਰੀ ਦਿਸ਼ਾ-ਨਿਰਦੇਸ਼ਾਂ ਦੀ ਇਨ-ਬਿਨ ਪਾਲਣਾ ਯਕੀਨੀ ਬਣਾਈ ਜਾਵੇ। ਉਨ੍ਹਾਂ ਪ੍ਰਦੂਸ਼ਣ ਨੂੰ ਰੋਕਣ ਲਈ ਚੱਲ ਰਹੇ ਪ੍ਰਰਾਜੈਕਟਾਂ ਦਾ ਜਾਇਜ਼ਾ ਲਿਆ ਅਤੇ ਸਪੱਸ਼ਟ ਕਿਹਾ ਕਿ ਇਨ੍ਹਾਂ ਪ੍ਰਰਾਜੈਕਟਾਂ ਨੂੰ ਨੇਪਰੇ ਚਾੜ੍ਹਨ 'ਚ ਕਿਸੇ ਵੀ ਤਰ੍ਹਾਂ ਦੀ ਬੇਲੋੜੀ ਦੇਰੀ ਨਾਲ ਸਖ਼ਤੀ ਨਾਲ ਨਜਿੱਠਿਆ ਜਾਵੇਗਾ। ਇਸ ਦੌਰਾਨ ਡਿਪਟੀ ਕਮਿਸ਼ਨਰ ਨੇ ਸਾਲਿਡ ਵੇਸਟ ਮੈਨੇਜਮੈਂਟ ਪ੍ਰਰਾਜੈਕਟ, ਬਾਇਓ ਮੈਡੀਕਲ ਵੇਸਟ ਮੈਨੇਜਮੈਂਟ, ਪਲਾਸਟਿਕ ਵੇਸਟ ਮੈਨੇਜਮੈਂਟ, ਈ-ਵੇਸਟ ਮੈਨੇਜਮੈਂਟ, ਸੋਕ ਪਿੱਟਸ ਦਾ ਨਿਰਮਾਣ, ਰੇਨ ਵਾਟਰ ਹਾਰਵੈਸਟਿੰਗ, ਇੰਡਸਟ੍ਰੀਅਲ ਵੇਸਟ ਮੈਨੇਜਮੈਂਟ, ਸੀਵਰੇਜ ਟ੍ਰੀਟਮੈਂਟ ਪਲਾਂਟਾਂ, ਬੂਟੇ ਲਾਉਣ ਆਦਿ ਪ੍ਰਰਾਜੈਕਟਾਂ ਦੀ ਪ੍ਰਗਤੀ ਦੀ ਸਮੀਖਿਆ ਕੀਤੀ। ਮੀਟਿੰਗ ਦੌਰਾਨ ਸੀਵਰੇਜ ਦੇ ਸੋਧੇ ਗਏ ਪਾਣੀ ਦੀ ਵਰਤੋਂ, ਸ਼ੋਰ ਪ੍ਰਦੂਸ਼ਣ ਸਬੰਧੀ ਮੁੱਦਿਆਂ ਦਾ ਵੀ ਜਾਇਜ਼ਾ ਲਿਆ ਗਿਆ। ਉਨ੍ਹਾਂ ਨਗਰ ਨਿਗਮ, ਨਗਰ ਕੌਂਸਲਾਂ ਦੇ ਸਮੂਹ ਕਾਰਜਸਾਧਕ ਅਫ਼ਸਰਾਂ ਨੂੰ ਕੂੜੇ ਦੀ ਸੌ ਫੀਸਦੀ ਡੋਰ-ਟੂ-ਡੋਰ ਕੁਲੈਕਸ਼ਨ ਤੇ ਸੈਗਰੀਗੇਸ਼ਨ ਨੂੰ ਯਕੀਨੀ ਬਣਾਉਣ ਦੀਆਂ ਹਦਾਇਤਾਂ ਦਿੱਤੀਆਂ। ਉਨ੍ਹਾਂ ਕਿਹਾ ਕਿ ਅਜੋਕੇ ਦੌਰ ਵਿਚ ਪਾਣੀ, ਹਵਾ ਅਤੇ ਧਰਤੀ ਨੂੰ ਸੰਭਾਲਣ ਦੀ ਲੋੜ ਹੈ, ਇਸ ਲਈ ਪੂਰੀ ਗੰਭੀਰਤਾ ਨਾਲ ਵਾਤਾਵਰਨ ਯੋਜਨਾ ਅਨੁਸਾਰ ਤੈਅ ਟੀਚਿਆਂ ਨੂੰ ਸਮਾਂ ਹੱਦ ਅੰਦਰ ਪੂਰਾ ਕੀਤਾ ਜਾਵੇ। ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ ਵਰਿੰਦਰਪਾਲ ਸਿੰਘ ਬਾਜਵਾ, ਪੰਜਾਬ ਪ੍ਰਦੂਸ਼ਣ ਕੰਟਰੋਲ ਬੋਰਡ ਦੇ ਐਕਸੀਅਨ ਕੁਲਦੀਪ ਸਿੰਘ, ਐੱਸਡੀਓ ਜਤਿੰਦਰ ਸੋਨੀ ਅਤੇ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀ ਮੌਜੂਦ ਸਨ।