ਪੰਜਾਬੀ ਜਾਗਰਣ ਕੇਂਦਰ, ਜਲੰਧਰ : ਡਿਪਟੀ ਕਮਿਸ਼ਨਰ ਜਸਪ੍ਰਰੀਤ ਸਿੰਘ ਨੇ ਵੀਰਵਾਰ ਜ਼ਿਲ੍ਹਾ ਵਾਤਾਵਰਨ ਯੋਜਨਾ ਸਬੰਧੀ ਜਲੰਧਰ ਵਿੱਚ ਚੱਲ ਰਹੀਆਂ ਵੱਖ-ਵੱਖ ਗਤੀਵਿਧੀਆਂ ਦੀ ਪ੍ਰਗਤੀ ਦਾ ਜਾਇਜ਼ਾ ਲੈਂਦਿਆਂ ਕਿਹਾ ਕਿ ਸੋਰਸ ਸੈਗਰੀਗੇਸ਼ਨ, ਲੈਗੇਸੀ ਵੇਸਟ (ਪੁਰਾਣੇ ਕੂੜੇ) ਤੇ ਠੋਸ ਰਹਿੰਦ-ਖੂਹੰਦ ਪ੍ਰਬੰਧਨ ਪ੍ਰਰਾਜੈਕਟਾਂ ਦੀ ਹਫ਼ਤਾਵਾਰੀ ਸਮੀਖਿਆ ਕੀਤੀ ਜਾਵੇਗੀ ਤਾਂ ਜੋ ਇਨ੍ਹਾਂ ਦੇ ਨਾਲ-ਨਾਲ ਹੋਰ ਵਾਤਾਵਰਨ ਪੱਖੀ ਪ੍ਰਰਾਜੈਕਟਾਂ ਨੂੰ ਐੱਨਜੀਟੀ ਦੀ ਨਿਗਰਾਨ ਕਮੇਟੀ ਵੱਲੋਂ ਨਿਰਧਾਰਤ ਸਮੇਂ ਦੇ ਅੰਦਰ ਮੁਕੰਮਲ ਕੀਤਾ ਜਾ ਸਕੇ। ਸਥਾਨਕ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਡਿਪਟੀ ਕਮਿਸ਼ਨਰ ਨੇ ਨੈਸ਼ਨਲ ਗ੍ਰੀਨ ਟਿ੍ਬਿਊਨਲ ਦੀਆਂ ਹਦਾਇਤਾਂ ਅਨੁਸਾਰ ਜ਼ਿਲ੍ਹਾ ਵਾਤਾਵਰਨ ਪਲਾਨ ਤਹਿਤ ਵੱਖ-ਵੱਖ ਭਾਗੀਦਾਰ ਵਿਭਾਗਾਂ ਨੂੰ ਸੌਂਪੇ ਕਾਰਜਾਂ ਦੀ ਪ੍ਰਗਤੀ ਬਾਰੇ ਜਾਣਕਾਰੀ ਲੈਂਦਿਆਂ ਸਮੁੱਚੇ ਕਾਰਜਾਂ ਨੂੰ ਮੁਕੰਮਲ ਕਰਨ ਵਿੱਚ ਸਮਾਂ ਸਾਰਣੀ ਦੀ ਪਾਲਣਾ ਨੂੰ ਯਕੀਨੀ ਬਣਾਉਣ ਦੀਆਂ ਹਦਾਇਤਾਂ ਦਿੱਤੀਆਂ। ਨਗਰ ਨਿਗਮ/ਕੌਂਸਲ ਵਿੱਚ ਆਤਮ ਨਿਰਭਰ ਵਾਰਡ ਤਿਆਰ ਕਰਨ ਦੇ ਕੰਮ ਦੀ ਸਮੀਖਿਆ ਕਰਦਿਆਂ ਡਿਪਟੀ ਕਮਿਸ਼ਨਰ ਨੇ ਇਸ ਵਿੱਚ ਤੇਜ਼ੀ ਲਿਆਉਣ ਦੇ ਨਿਰਦੇਸ਼ ਦਿੱਤੇ। ਉਨ੍ਹਾਂ ਕਿਹਾ ਕਿ ਆਤਮ ਨਿਰਭਰ ਵਾਰਡ ਬਣਨ ਨਾਲ ਵਾਰਡ ਵਿੱਚ ਪੈਦਾ ਹੋਣ ਵਾਲੇ ਕੂੜੇ ਦਾ ਨਿਪਟਾਰਾ ਕੰਪੋਸਟ ਆਦਿ ਰਾਹੀਂ ਵਾਰਡ ਵਿੱਚ ਹੀ ਯਕੀਨੀ ਬਣਾਇਆ ਜਾ ਸਕੇਗਾ। ਐੱਨਜੀਟੀ ਦੀ ਨਿਗਰਾਨ ਕਮੇਟੀ ਦੀ 4 ਜੁਲਾਈ 2022 ਦੀ ਮੀਟਿੰਗ ਵਿੱਚ ਲਏ ਗਏ ਫੈਸਲਿਆਂ ਦੀ ਪਾਲਣਾ ਦੀ ਪ੍ਰਗਤੀ ਦੀ ਸਮੀਖਿਆ ਕਰਦਿਆਂ ਜਸਪ੍ਰਰੀਤ ਸਿੰਘ ਨੇ ਕਿਹਾ ਕਿ ਵੱਖ-ਵੱਖ ਐਕਸ਼ਨ ਪਲਾਨਾਂ ਤਹਿਤ ਸਾਰੀਆਂ ਗਤੀਵਿਧੀਆਂ ਨੂੰ ਸਮਾਂ-ਸੀਮਾ ਅਨੁਸਾਰ ਮੁਕੰਮਲ ਕਰਨ ਲਈ ਪੂਰੀ ਵਾਹ ਲਾਈ ਜਾਵੇ ਅਤੇ ਜਿੱਥੇ ਵੀ ਕੋਈ ਸਮੱਸਿਆ ਪੇਸ਼ ਆਉਂਦੀ ਹੈ, ਉਸ ਨੂੰ ਸਬੰਧਤ ਵਿਭਾਗ ਦੇ ਉੱਚ ਅਧਿਕਾਰੀਆਂ ਅਤੇ ਪ੍ਰਸ਼ਾਸਨ ਦੇ ਧਿਆਨ 'ਚ ਲਿਆਂਦਾ ਜਾਵੇ ਤਾਂ ਜੋ ਉਸ ਦਾ ਫੌਰੀ ਹੱਲ ਕੀਤਾ ਜਾ ਸਕੇ। ਇਸ ਦੌਰਾਨ ਡਿਪਟੀ ਕਮਿਸ਼ਨਰ ਨੇ ਈ-ਵੇਸਟ ਮੈਨੇਜਮੈਂਟ ਨੂੰ ਪ੍ਰਭਾਵੀ ਢੰਗ ਨਾਲ ਲਾਗੂ ਕਰਨ ਲਈ ਸਬੰਧਤ ਅਧਿਕਾਰੀਆਂ ਨੂੰ ਵੱਡੀਆਂ ਮਾਰਕੀਟਾਂ ਨੇੜੇ ਕੁਲੈਕਸ਼ਨ ਸੈਂਟਰ ਬਣਾਉਣ ਦੀਆਂ ਹਦਾਇਤਾਂ ਵੀ ਦਿੱਤੀਆਂ। ਇਸ ਦੌਰਾਨ ਡਿਪਟੀ ਕਮਿਸ਼ਨਰ ਨੇ ਸੀਵਰੇਜ ਟ੍ਰੀਟਮੈਂਟ ਪਲਾਂਟ, ਕਾਮਨ ਏਫਲੂਐਂਟ ਟ੍ਰੀਟਮੈਂਟ ਪਲਾਂਟ, ਵਰਿਆਣਾ ਡੰਪ ਸਾਈਟ, ਜਮਸ਼ੇਰ ਡੇਅਰੀ ਪਲਾਂਟ ਵਿਖੇ ਈਟੀਪੀ ਤੇ ਬਾਇਓ ਗੈਸ ਪਲਾਂਟ ਸਮੇਤ ਹੋਰ ਵਾਤਾਵਰਣ ਪੱਖੀ ਗਤੀਵਿਧੀਆਂ ਦੀ ਤਾਜ਼ਾ ਸਥਿਤੀ ਦਾ ਵੀ ਜਾਇਜ਼ਾ ਲਿਆ। ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ (ਵਿਕਾਸ) ਵਰਿੰਦਰਪਾਲ ਸਿੰਘ ਬਾਜਵਾ, ਪੰਜਾਬ ਪ੍ਰਦੂਸ਼ਣ ਕੰਟਰੋਲ ਬੋਰਡ ਦੇ ਐਕਸੀਨਅਨ ਕੁਲਦੀਪ ਸਿੰਘ, ਨਗਰ ਕੌਂਸਲਾਂ ਦੇ ਕਾਰਜਕਾਰੀ ਅਫ਼ਸਰ ਅਤੇ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀ ਮੌਜੂਦ ਸਨ।