- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਸਮੂਹ ਅਧਿਆਪਕ ਜਥੇਬੰਦੀਆਂ ਵੱਲੋਂ ਗੈਰ-ਵਿਦਿਅਕ ਕੰਮਾਂ ਸਮੇਤ ਖੇਡਾਂ ਤੇ ਮਿਡ-ਡੇ ਮੀਲ ਦਾ ਬਾਈਕਾਟ ਜਾਰੀ ਰੱਖਣ ਦਾ ਫ਼ੈਸਲਾ

--14 ਅਕਤੂਬਰ ਨੂੰ ਵਫ਼ਦ ਸਿੱਖਿਆ ਅਧਿਕਾਰੀਆਂ ਨੂੰ ਮਿਲੇਗਾ
ਅਜੇ ਸਿੰਘ ਨਾਗੀ, ਪੰਜਾਬੀ ਜਾਗਰਣ, ਫਿਲੌਰ : ਸਮੂਹ ਅਧਿਆਪਕ ਜਥੇਬੰਦੀਆਂ ਦੇ ਸੱਦੇ ’ਤੇ ਪੰਜਾਬ ਦੇ ਅਧਿਆਪਕਾਂ ਵੱਲੋਂ ਗੈਰ-ਵਿਦਿਅਕ ਕੰਮਾਂ, ਖੇਡਾਂ, ਮਿਡ-ਡੇ ਮੀਲ ਤੇ ਸਕੂਲਾਂ ਦੀ ਸਫ਼ਾਈ ਸਬੰਧੀ ਚੱਲ ਰਹੇ ਬਾਈਕਾਟ ਦੀ ਸਮੀਖਿਆ ਕਰਨ ਲਈ ਅਧਿਆਪਕ ਜਥੇਬੰਦੀਆਂ ਦੀ ਵਰਚੁਅਲ ਮੀਟਿੰਗ ਹੋਈ। ਮੀਟਿੰਗ ਦੌਰਾਨ ਸਰਬਸੰਮਤੀ ਨਾਲ ਫ਼ੈਸਲਾ ਕੀਤਾ ਗਿਆ ਕਿ ਜਦੋਂ ਤੱਕ ਸਬੰਧਤ ਕੰਮਾਂ ਲਈ ਲੋੜੀਂਦੇ ਫੰਡ ਜਾਰੀ ਨਹੀਂ ਕੀਤੇ ਜਾਂਦੇ, ਉਦੋਂ ਤੱਕ ਬਾਈਕਾਟ ਜਾਰੀ ਰੱਖਿਆ ਜਾਵੇਗਾ। ਆਗੂਆਂ ਨੇ ਕਿਹਾ ਕਿ ਮੈਗਾ ਪੀਟੀਐੱਮ ਨੂੰ ਸਿਆਸੀ ਪ੍ਰਚਾਰ ਦਾ ਮੰਚ ਬਣਾਉਣ ਦੀ ਬਜਾਏ ਇਸ ਦੌਰਾਨ ਮਾਪਿਆਂ ਨਾਲ ਸਿੱਖਿਆ ਵਿਭਾਗ ਦੀਆਂ ਸਮੱਸਿਆਵਾਂ ਤੇ ਸਕੂਲਾਂ ਨੂੰ ਦਰਪੇਸ਼ ਮੁਸ਼ਕਲਾਂ ਸਾਂਝੀਆਂ ਕੀਤੀਆਂ ਜਾਣਗੀਆਂ। ਅਧਿਆਪਕ ਆਗੂਆਂ ਨੇ ਕਿਹਾ ਕਿ ਬਿਨਾਂ ਖੇਡ ਫੰਡ ਜਾਰੀ ਕੀਤੇ ਪ੍ਰਾਇਮਰੀ ਪੱਧਰ ਦੀਆਂ ਖੇਡਾਂ ਕਰਵਾਉਣਾ ਸੰਭਵ ਨਹੀਂ ਹੈ। ਮਿਡ-ਡੇ ਮੀਲ ਸਬੰਧੀ ਆਗੂਆਂ ਨੇ ਕਿਹਾ ਕਿ ਪਿਛਲੇ ਪੰਜ ਮਹੀਨਿਆਂ ਦੇ ਬਕਾਇਆ ਫੰਡ ਜਾਰੀ ਨਾ ਹੋਣ ਕਾਰਨ ਅਧਿਆਪਕਾਂ ਨੂੰ ਆਪਣੀ ਜੇਬ ’ਚੋਂ ਰਕਮ ਖਰਚ ਕਰਨੀ ਪਈ ਹੈ। ਆਗੂਆਂ ਨੇ ਦੱਸਿਆ ਕਿ ਸਮੂਹ ਅਧਿਆਪਕ ਜਥੇਬੰਦੀਆਂ ਦਾ ਵਫ਼ਦ 14 ਅਕਤੂਬਰ ਨੂੰ ਉੱਚ ਸਿੱਖਿਆ ਅਧਿਕਾਰੀਆਂ ਨਾਲ ਮੁਲਾਕਾਤ ਕਰੇਗਾ। ਇਸ ਦੌਰਾਨ ਅਹਿਮ ਮਸਲਿਆਂ ਸਬੰਧੀ ਗੱਲਬਾਤ ਕੀਤੀ ਜਾਵੇਗੀ। ਇਸ ਮੌਕੇ ਅਧਿਆਪਕ ਆਗੂਆਂ ਨੇ 10 ਅਕਤੂਬਰ ਨੂੰ ਸੰਗਰੂਰ ਵਿਖੇ ਹੋਣ ਵਾਲੀ ਮੁਲਾਜ਼ਮਾਂ ਤੇ ਪੈਨਸ਼ਨਰਾਂ ਦੀ ਸਾਂਝੀ ਰੈਲੀ ’ਚ ਅਧਿਆਪਕ ਵਰਗ ਨੂੰ ਵੱਧ ਤੋਂ ਵੱਧ ਗਿਣਤੀ ’ਚ ਸ਼ਾਮਲ ਹੋਣ ਦੀ ਅਪੀਲ ਵੀ ਕੀਤੀ। ਮੀਟਿੰਗ ’ਚ ਸੁਖਵਿੰਦਰ ਸਿੰਘ ਚਾਹਲ, ਸੁਰਿੰਦਰ ਕੁਮਾਰ ਪੁਆਰੀ, ਹਰਜਿੰਦਰ ਪਾਲ ਸਿੰਘ ਪੰਨੂ, ਵਿਕਰਮਦੇਵ ਸਿੰਘ, ਸੁਰਿੰਦਰ ਕੰਬੋਜ, ਸੁਖਚੈਨ ਸਿੰਘ, ਪ੍ਰਗਟਜੀਤ ਸਿੰਘ ਕਿਸ਼ਨਪੁਰਾ, ਲਛਮਣ ਸਿੰਘ ਨਬੀਪੁਰ, ਦਿਗਵਿਜੇ ਪਾਲ ਸ਼ਰਮਾ, ਸਤਨਾਮ ਸਿੰਘ ਰੰਧਾਵਾ, ਹਰਿੰਦਰਜੀਤ ਸਿੰਘ, ਗੁਰਮੀਤ ਸਿੰਘ, ਨਵਪ੍ਰੀਤ ਸਿੰਘ ਬੱਲੀ, ਜਗਪਾਲ ਸਿੰਘ ਬੰਗੀ, ਗੁਰਿੰਦਰ ਸਿੰਘ ਘੁੱਕੇਵਾਲੀ, ਹਰੀਕ੍ਰਿਸ਼ਨ ਸਿੰਘ ਮੋਹਾਲੀ, ਤਜਿੰਦਰ ਸਿੰਘ ਮੋਹਾਲੀ ਤੇ ਰਵੀ ਵਾਹੀ ਕਪੂਰਥਲਾ ਆਦਿ ਹਾਜ਼ਰ ਸਨ।