Punjab Politics: ਅਨਮੋਲ ਗਗਨ ਮਾਨ ਨੇ ਚੋਣ ਨਾ ਲੜਨ 'ਤੇ ਤੋੜੀ ਚੁੱਪੀ, ਕਿਹਾ- ਮੇਰਾ ਆਪਣਾ ਸੀ ਫ਼ੈਸਲਾ, 5 ਅਗਸਤ ਨੂੰ ਹੀ ਕੇਜਰੀਵਾਲ ਨੂੰ ਕਰ ਦਿੱਤਾ ਸੀ ਸਪੱਸ਼ਟ ਅਨਮੋਲ ਗਗਨ ਮਾਨ ਨੇ ਕਿਹਾ ਕਿ ਉਨ੍ਹਾਂ ਦੀ ਚੁੱਪੀ ਹੀ ਚੋਣ ਨਾ ਲੜਨ ਦੇ ਫ਼ੈਸਲੇ ਬਾਰੇ ਕਾਫ਼ੀ ਕੁਝ ਬਿਆਨ ਕਰ ਰਹੀ ਹੈ, ਪਰ ਉਹ ਇੱਕ ਗੱਲ ਪੰਜਾਬ ਦੇ ਲੋਕਾਂ ਨਾਲ ਸਾਂਝੀ ਕਰਨਾ ਚਾਹੁੰਦੇ ਹਨ। ਉਨ੍ਹਾਂ ਦੱਸਿਆ ਕਿ 5 ਅਗਸਤ 2026 ਨੂੰ ਦੁਪਹਿਰ 12 ਵਜੇ ਉਨ੍ਹਾਂ ਨੇ ਦਿੱਲੀ ਵਿਖੇ ਆਮ ਆਦਮੀ ਪਾਰਟੀ ਦੇ ਸੁਪਰੀਮੋ ਅਰਵਿੰਦ ਕੇਜਰੀਵਾਲ ਨੂੰ ਚੋਣ ਲੜਨ ਤੋਂ ਸਪੱਸ਼ਟ ਇਨਕਾਰ ਕਰ ਦਿੱਤਾ ਸੀ।
Publish Date: Fri, 13 Nov 2026 11:14 AM (IST)
Updated Date: Fri, 13 Nov 2026 11:19 AM (IST)
ਆਨਲਾਈਨ ਡੈਸਕ, ਜਲੰਧਰ। 2027 ਦੀਆਂ ਪੰਜਾਬ ਵਿਧਾਨ ਸਭਾ ਚੋਣਾਂ ਨੂੰ ਲੈ ਕੇ ਆਮ ਆਦਮੀ ਪਾਰਟੀ ਵੱਲੋਂ 31 ਉਮੀਦਵਾਰਾਂ ਦੀ ਦੂਜੀ ਸੂਚੀ ਜਾਰੀ ਕੀਤੇ ਜਾਣ ਤੋਂ ਬਾਅਦ ਸਿਆਸੀ ਹਲਕਿਆਂ ਵਿੱਚ ਚਰਚਾਵਾਂ ਤੇਜ਼ ਹੋ ਗਈਆਂ ਹਨ। ਇਸ ਦੌਰਾਨ ਅਨਮੋਲ ਗਗਨ ਮਾਨ ਨੇ ਚੋਣ ਨਾ ਲੜਨ ਦੇ ਆਪਣੇ ਫ਼ੈਸਲੇ ਨੂੰ ਲੈ ਕੇ ਪੰਜਾਬ ਵਾਸੀਆਂ ਅਤੇ ਪੰਜਾਬੀ ਮੀਡੀਆ ਦੇ ਨਾਂ ਇੱਕ ਅਹਿਮ ਸੰਦੇਸ਼ ਜਾਰੀ ਕੀਤਾ ਹੈ। ਉਨ੍ਹਾਂ ਸਪੱਸ਼ਟ ਕੀਤਾ ਹੈ ਕਿ ਚੋਣ ਨਾ ਲੜਨ ਦਾ ਫ਼ੈਸਲਾ ਉਨ੍ਹਾਂ ਦਾ ਆਪਣਾ ਹੈ ਅਤੇ ਪਾਰਟੀ ਵੱਲੋਂ ਉਨ੍ਹਾਂ 'ਤੇ ਕੋਈ ਦਬਾਅ ਨਹੀਂ ਪਾਇਆ ਗਿਆ।
ਅਨਮੋਲ ਗਗਨ ਮਾਨ ਨੇ ਕਿਹਾ ਕਿ ਉਨ੍ਹਾਂ ਦੀ ਚੁੱਪੀ ਹੀ ਚੋਣ ਨਾ ਲੜਨ ਦੇ ਫ਼ੈਸਲੇ ਬਾਰੇ ਕਾਫ਼ੀ ਕੁਝ ਬਿਆਨ ਕਰ ਰਹੀ ਹੈ, ਪਰ ਉਹ ਇੱਕ ਗੱਲ ਪੰਜਾਬ ਦੇ ਲੋਕਾਂ ਨਾਲ ਸਾਂਝੀ ਕਰਨਾ ਚਾਹੁੰਦੇ ਹਨ। ਉਨ੍ਹਾਂ ਦੱਸਿਆ ਕਿ 5 ਅਗਸਤ 2026 ਨੂੰ ਦੁਪਹਿਰ 12 ਵਜੇ ਉਨ੍ਹਾਂ ਨੇ ਦਿੱਲੀ ਵਿਖੇ ਆਮ ਆਦਮੀ ਪਾਰਟੀ ਦੇ ਸੁਪਰੀਮੋ ਅਰਵਿੰਦ ਕੇਜਰੀਵਾਲ ਨੂੰ ਚੋਣ ਲੜਨ ਤੋਂ ਸਪੱਸ਼ਟ ਇਨਕਾਰ ਕਰ ਦਿੱਤਾ ਸੀ।
ਉਨ੍ਹਾਂ ਅੱਗੇ ਦੱਸਿਆ ਕਿ ਤਿੰਨ ਦਿਨ ਪਹਿਲਾਂ ਵੀ ਅਰਵਿੰਦ ਕੇਜਰੀਵਾਲ ਦਾ ਫ਼ੋਨ ਆਇਆ ਸੀ। ਉਨ੍ਹਾਂ ਨੇ ਪੁੱਛਿਆ ਕਿ ਕੀ ਤੁਹਾਡਾ ਫ਼ੈਸਲਾ ਚੋਣ ਨਾ ਲੜਨ ਦਾ ਹੀ ਹੈ? ਇਸ 'ਤੇ ਉਨ੍ਹਾਂ ਨੇ ਮੁੜ ਆਪਣਾ ਪਹਿਲਾਂ ਵਾਲਾ ਫ਼ੈਸਲਾ ਦੁਹਰਾ ਦਿੱਤਾ।
ਅਨਮੋਲ ਗਗਨ ਮਾਨ ਮੁਤਾਬਕ, ਅਰਵਿੰਦ ਕੇਜਰੀਵਾਲ ਨੇ ਉਨ੍ਹਾਂ ਨੂੰ ਕਿਹਾ ਕਿ ਉਹ ਲੋਕਾਂ ਨੂੰ ਸਪੱਸ਼ਟ ਕਰ ਦੇਣ ਕਿ ਪਾਰਟੀ ਨੇ ਉਨ੍ਹਾਂ ਦੀ ਟਿਕਟ ਨਹੀਂ ਕੱਟੀ, ਸਗੋਂ ਚੋਣ ਨਾ ਲੜਨ ਦਾ ਫ਼ੈਸਲਾ ਉਨ੍ਹਾਂ ਦਾ ਆਪਣਾ ਹੈ।
ਉਨ੍ਹਾਂ ਕਿਹਾ ਕਿ ਉਹ ਜਾਣਦੇ ਹਨ ਕਿ ਅਰਵਿੰਦ ਕੇਜਰੀਵਾਲ ਉਨ੍ਹਾਂ ਦੇ ਇਸ ਫ਼ੈਸਲੇ ਤੋਂ ਖੁਸ਼ ਨਹੀਂ ਸਨ, ਪਰ ਇਹ ਉਨ੍ਹਾਂ ਦਾ ਨਿੱਜੀ ਫ਼ੈਸਲਾ ਹੈ ਅਤੇ ਉਨ੍ਹਾਂ ਨੇ ਆਪਣੀ ਮਰਜ਼ੀ ਨਾਲ ਇਹ ਕਦਮ ਚੁੱਕਿਆ ਹੈ। ਅੰਤ ਵਿੱਚ ਅਨਮੋਲ ਗਗਨ ਮਾਨ ਨੇ ਆਮ ਆਦਮੀ ਪਾਰਟੀ ਨੂੰ ਆਪਣੀਆਂ ਸ਼ੁਭਕਾਮਨਾਵਾਂ ਦਿੰਦਿਆਂ ਕਿਹਾ ਕਿ ਪਾਰਟੀ ਨਾਲ ਉਨ੍ਹਾਂ ਦੀਆਂ ਸ਼ੁਭਕਾਮਨਾਵਾਂ ਹਮੇਸ਼ਾ ਬਣੀਆਂ ਰਹਿਣਗੀਆਂ।