ਲੈਂਡਮਾਰਕ ਬੈਂਕਾਂ ਅੱਗੇ ਰੋਸ ਮੁਜ਼ਾਹਰਾ 30 ਨੂੰ
ਪਿੰਡ ਹਰੀ ਨੌ ਦੇ ਕਿਸਾਨਾਂ ਲਈ ਇਨਸਾਫ ਦੀ ਮੰਗ, 30 ਮਾਰਚ ਨੂੰ ਰੋਸ ਪ੍ਰਦਰਸ਼ਨ ਦਾ ਐਲਾਨ
Publish Date: Wed, 25 Mar 2026 08:58 PM (IST)
Updated Date: Wed, 25 Mar 2026 09:02 PM (IST)

ਪੱਤਰ ਪ੍ਰੇਰਕ, ਪੰਜਾਬੀ ਜਾਗਰਣ, ਜਲੰਧਰ : ਪਿੰਡ ਹਰੀ ਨੌ ਦੇ ਦੋ ਸਕੇ ਭਰਾਵਾਂ ਨੂੰ ਖੁਦਕੁਸ਼ੀ ਲਈ ਮਜਬੂਰ ਕਰਨ ਦੇ ਮਾਮਲੇ ’ਚ ਇਨਸਾਫ ਦੀ ਮੰਗ ਕਰਦਿਆਂ ਭਾਰਤੀ ਕਿਸਾਨ ਯੂਨੀਅਨ ਏਕਤਾ ਸਿੱਧੂਪੁਰ ਵੱਲੋਂ 30 ਮਾਰਚ ਨੂੰ ਲੈਂਡਮਾਰਕ ਬੈਂਕਾਂ ਅੱਗੇ ਰੋਸ ਪ੍ਰਦਰਸ਼ਨ ਕਰਨ ਦਾ ਐਲਾਨ ਕੀਤਾ ਗਿਆ ਹੈ। ਇਸ ਦੌਰਾਨ ਸਬੰਧਤ ਬੈਂਕ ਮੈਨੇਜਰਾਂ ਦੇ ਪੁਤਲੇ ਵੀ ਫੂਕੇ ਜਾਣਗੇ। ਮੋਗਾ ’ਚ ਪੱਤਰਕਾਰਾਂ ਨਾਲ ਗੱਲਬਾਤ ਕਰਦੇ ਹੋਏ ਯੂਨੀਅਨ ਦੇ ਸੂਬਾ ਪ੍ਰਧਾਨ ਜਗਜੀਤ ਸਿੰਘ ਡੱਲੇਵਾਲ, ਕਾਕਾ ਸਿੰਘ ਕੋਟੜਾ ਤੇ ਜ਼ਿਲ੍ਹਾ ਪ੍ਰਧਾਨ ਕੁਲਵਿੰਦਰ ਸਿੰਘ ਮਸਿਆਣਾ ਨੇ ਕਿਹਾ ਕਿ ਕੇਂਦਰ ਤੇ ਸੂਬਾ ਸਰਕਾਰਾਂ ਦੀਆਂ ਕਿਸਾਨ ਵਿਰੋਧੀ ਨੀਤੀਆਂ ਕਾਰਨ ਕਿਸਾਨ ਭਾਰੀ ਕਰਜ਼ੇ ਹੇਠ ਆ ਗਏ ਹਨ। ਉਨ੍ਹਾਂ ਦੋਸ਼ ਲਾਇਆ ਕਿ ਐੱਮਐੱਸਪੀ ਦਾ ਗਾਰੰਟੀ ਕਾਨੂੰਨ ਨਾ ਹੋਣ ਕਰਕੇ ਕਿਸਾਨਾਂ ਨੂੰ ਆਪਣੀਆਂ ਫਸਲਾਂ ਘੱਟ ਭਾਅ ’ਤੇ ਵੇਚਣੀਆਂ ਪੈਂਦੀਆਂ ਹਨ, ਜਿਸ ਨਾਲ ਆਰਥਿਕ ਸੰਕਟ ਵਧ ਰਿਹਾ ਹੈ। ਉਨ੍ਹਾਂ ਕਿਹਾ ਕਿ ਸਰਕਾਰ ਵੱਲੋਂ ਡਾ. ਸਵਾਮੀਨਾਥਨ ਦੇ ਸੀ 50 ਫੀਸਦੀ ਫਾਰਮੂਲੇ ਅਨੁਸਾਰ ਫਸਲਾਂ ਦੇ ਭਾਅ ਦੇਣ ਦੀ ਬਜਾਏ ਲਾਗਤ ਤੋਂ ਵੀ ਘੱਟ ਮੁੱਲ ਦਿੱਤੇ ਜਾ ਰਹੇ ਹਨ, ਜਿਸ ਕਰਕੇ ਕਿਸਾਨ ਕਰਜ਼ੇ ’ਚ ਡੁੱਬ ਰਹੇ ਹਨ। ਉਨ੍ਹਾਂ ਨੇ ਚਿਤਾਵਨੀ ਦਿੱਤੀ ਕਿ ਪੰਜਾਬ ਸਰਕਾਰ ਵੱਲੋਂ ਕਿਸਾਨਾਂ ਦੀ ਜ਼ਮੀਨ ਕੁਰਕੀ ਕਰਨ ਦੀ ਨੀਤੀ ਨੂੰ ਬਰਦਾਸ਼ਤ ਨਹੀਂ ਕੀਤਾ ਜਾਵੇਗਾ, ਚਾਹੇ ਕਿਸਾਨ ਛੋਟਾ ਹੋਵੇ ਜਾਂ ਵੱਡਾ। ਡੱਲੇਵਾਲ ਨੇ ਕਿਹਾ ਕਿ ਸਰਕਾਰੀ ਨੀਤੀਆਂ ਕਾਰਨ ਹੀ ਪਿੰਡ ਹਰੀ ਨੌ ਦੇ ਦੋ ਭਰਾਵਾਂ ਨੂੰ ਖੁਦਕੁਸ਼ੀ ਲਈ ਮਜਬੂਰ ਹੋਣਾ ਪਿਆ। ਉਨ੍ਹਾਂ ਮੰਗ ਕੀਤੀ ਕਿ ਸਬੰਧਤ ਲੈਂਡਮਾਰਕ ਬੈਂਕ ਦੇ ਮੈਨੇਜਰ ਖ਼ਿਲਾਫ਼ ਕਤਲ ਦਾ ਮੁਕੱਦਮਾ ਦਰਜ ਕੀਤਾ ਜਾਵੇ। ਇਸ ਮੌਕੇ ਉਨ੍ਹਾਂ ਨੇ ਐਲਾਨ ਕੀਤਾ ਕਿ 30 ਮਾਰਚ ਨੂੰ ਪੰਜਾਬ ਭਰ ’ਚ ਲੈਂਡਮਾਰਕ ਬੈਂਕਾਂ ਦੇ ਅੱਗੇ ਰੋਸ ਪ੍ਰਦਰਸ਼ਨ ਕਰਕੇ ਮੈਨੇਜਰਾਂ ਦੇ ਪੁਤਲੇ ਫੂਕੇ ਜਾਣਗੇ। ਇਸ ਦੌਰਾਨ ਜ਼ਿਲ੍ਹਾ ਜਲੰਧਰ ਤੋਂ ਪ੍ਰਧਾਨ ਕੁਲਵਿੰਦਰ ਸਿੰਘ ਮਸਿਆਣਾ ਸਮੇਤ ਹੋਰ ਜ਼ਿਲ੍ਹਾ ਤੇ ਬਲਾਕ ਆਗੂ ਵੀ ਮੌਜੂਦ ਸਨ।