- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਅੰਬੇਡਕਰ ਦੇ ਬੁੱਤਾਂ ਦੀ ਬੇਅਦਬੀ ਕਰਨ ਵਾਲਿਆਂ ’ਤੇ ਸਖ਼ਤ ਕਾਰਵਾਈ ਦੀ ਮੰਗ

ਮਹਿੰਦਰ ਰਾਮ ਫੁੱਗਲਾਣਾ, ਪੰਜਾਬੀ ਜਾਗਰਣ, ਜਲੰਧਰ
ਅੰਬੇਡਕਰ ਮਿਸ਼ਨ ਸੁਸਾਇਟੀ ਪੰਜਾਬ ਵੱਲੋਂ ਪੰਜਾਬ ’ਚ ਭਾਰਤ ਰਤਨ ਬਾਬਾ ਸਾਹਿਬ ਡਾ. ਭੀਮ ਰਾਓ ਅੰਬੇਡਕਰ ਦੇ ਬੁੱਤਾਂ ਦੀ ਬੇਅਦਬੀ ਤੇ ਤੋੜ-ਫੋੜ ਦੀਆਂ ਘਟਨਾਵਾਂ ਨੂੰ ਰੋਕਣ ਤੇ ਜ਼ਿੰਮੇਵਾਰ ਸ਼ਰਾਰਤੀ ਅਨਸਰਾਂ ਖ਼ਿਲਾਫ਼ ਸਖ਼ਤ ਕਾਨੂੰਨੀ ਕਾਰਵਾਈ ਦੀ ਮੰਗ ਨੂੰ ਲੈ ਕੇ ਡਿਪਟੀ ਕਮਿਸ਼ਨਰ ਜਲੰਧਰ ਰਾਹੀਂ ਮੁੱਖ ਮੰਤਰੀ ਪੰਜਾਬ ਭਗਵੰਤ ਸਿੰਘ ਮਾਨ ਨੂੰ ਮੈਮੋਰੰਡਮ ਭੇਜਿਆ ਗਿਆ। ਸੁਸਾਇਟੀ ਨੇ ਕਿਹਾ ਕਿ ਪੰਜਾਬ ’ਚ ਪਿਛਲੇ ਸਮੇਂ ਦੌਰਾਨ ਡਾ. ਅੰਬੇਡਕਰ ਦੇ ਬੁੱਤਾਂ ਦੀ ਬੇਅਦਬੀ ਤੇ ਨੁਕਸਾਨ ਪਹੁੰਚਾਉਣ ਦੀਆਂ ਕਈ ਘਟਨਾਵਾਂ ਸਾਹਮਣੇ ਆਈਆਂ ਹਨ, ਜਿਸ ਕਾਰਨ ਉਨ੍ਹਾਂ ਦੇ ਪੈਰੋਕਾਰਾਂ ਤੇ ਵੱਖ-ਵੱਖ ਜਥੇਬੰਦੀਆਂ ’ਚ ਰੋਸ ਪੈਦਾ ਹੋ ਰਿਹਾ ਹੈ। ਸੁਸਾਇਟੀ ਨੇ ਪੰਜਾਬ ਸਰਕਾਰ ਤੇ ਪੁਲਿਸ ਪ੍ਰਸ਼ਾਸਨ ਤੋਂ ਮੰਗ ਕੀਤੀ ਕਿ ਪ੍ਰਮੁੱਖ ਸਥਾਨਾਂ ’ਤੇ ਸਥਾਪਿਤ ਡਾ. ਅੰਬੇਡਕਰ ਦੇ ਬੁੱਤਾਂ ਦੀ ਸੁਰੱਖਿਆ ਯਕੀਨੀ ਬਣਾਈ ਜਾਵੇ ਤੇ ਬੇਅਦਬੀ ਦੀਆਂ ਘਟਨਾਵਾਂ ਨੂੰ ਅੰਜਾਮ ਦੇਣ ਵਾਲੇ ਵਿਅਕਤੀਆਂ ਦੀ ਪਛਾਣ ਕਰਕੇ ਉਨ੍ਹਾਂ ਖ਼ਿਲਾਫ਼ ਸਖ਼ਤ ਕਾਨੂੰਨੀ ਕਾਰਵਾਈ ਕੀਤੀ ਜਾਵੇ। ਸੁਸਾਇਟੀ ਨੇ ਕਿਹਾ ਕਿ ਸਰਕਾਰ ਵੱਲੋਂ ਅਜਿਹੀਆਂ ਘਟਨਾਵਾਂ ਨੂੰ ਰੋਕਣ ਲਈ ਪ੍ਰਭਾਵਸ਼ਾਲੀ ਕਦਮ ਚੁੱਕਣ ਨਾਲ ਸਮਾਜਿਕ ਭਾਈਚਾਰਾ ਤੇ ਸਦਭਾਵਨਾ ਕਾਇਮ ਰੱਖਣ ’ਚ ਮਦਦ ਮਿਲੇਗੀ।