ਧਾਰਮਿਕ ਭਾਵਨਾਵਾਂ ਨੂੰ ਠੇਸ ਪਹੁੰਚਾਉਣ ਵਾਲੇ ਖ਼ਿਲਾਫ਼ ਸਖ਼ਤੀ ਦੀ ਮੰਗ
ਧਾਰਮਿਕ ਭਾਵਨਾਵਾਂ ਨੂੰ ਠੇਸ ਪਹੁੰਚਾਉਣ ਵਾਲਿਆਂ ਖ਼ਿਲਾਫ਼ ਸਖ਼ਤ ਕਾਰਵਾਈ ਦੀ ਮੰਗ
Publish Date: Wed, 18 Mar 2026 06:23 PM (IST)
Updated Date: Wed, 18 Mar 2026 06:25 PM (IST)
ਪੱਤਰ ਪ੍ਰੇਰਕ, ਪੰਜਾਬੀ ਜਾਗਰਣ, ਫਿਲੌਰ : ਅੱਜ ਕੱਲ੍ਹ ਏਆਈ ਐਪਸ ਦੀ ਵਰਤੋਂ ਕਰਕੇ ਗੁਰੂ ਤੇ ਹੋਰ ਧਾਰਮਿਕ ਤਸਵੀਰਾਂ ਨਾਲ ਛੇੜਛਾੜ ਕਰਕੇ ਧਾਰਮਿਕ ਭਾਵਨਾਵਾਂ ਨੂੰ ਠੇਸ ਪਹੁੰਚਾਉਣ ਦੇ ਮਾਮਲੇ ਵਧ ਰਹੇ ਹਨ। ਇਸ ਪ੍ਰਤੀ ਸਖ਼ਤ ਨਾਰਾਜ਼ਗੀ ਜਤਾਉਂਦੇ ਹੋਏ ਸ਼੍ਰੋਮਣੀ ਅਕਾਲੀ ਦਲ (ਬਾਦਲ) ਦੇ ਸੀਨੀਅਰ ਆਗੂ ਜਸਬੀਰ ਸਿੰਘ ਰੁੜਕਾ ਨੇ ਕਰੜੇ ਸ਼ਬਦਾਂ ’ਚ ਨਿੰਦਾ ਕੀਤੀ ਹੈ। ਉਨ੍ਹਾਂ ਕਿਹਾ ਕਿ ਅਜਿਹੀਆਂ ਘਟਨਾਵਾਂ ਲਗਾਤਾਰ ਸਾਹਮਣੇ ਆ ਰਹੀਆਂ ਹਨ ਪਰ ਸਰਕਾਰ ਤੇ ਪ੍ਰਸ਼ਾਸਨ ਵੱਲੋਂ ਕੋਈ ਢੁੱਕਵੀਂ ਸਖ਼ਤੀ ਨਹੀਂ ਕੀਤੀ ਜਾ ਰਹੀ। ਉਨ੍ਹਾਂ ਨੇ ਹਾਲ ਹੀ ’ਚ ਸਾਹਮਣੇ ਆਏ ਇਕ ਮਾਮਲੇ ਦਾ ਜ਼ਿਕਰ ਕਰਦਿਆਂ ਕਿਹਾ ਕਿ ਇਕ ਵਿਅਕਤੀ ਨੂੰ ਸਿਰ ’ਤੇ ਪੱਗ ਬੰਨ੍ਹ ਕੇ ਤੇ ਸ੍ਰੀ ਦਰਬਾਰ ਸਾਹਿਬ ਨਾਲ ਸਬੰਧਤ ਗਲਤ ਢੰਗ ਨਾਲ ਵੱਖ-ਵੱਖ ਥਾਵਾਂ ’ਤੇ ਦਿਖਾਇਆ ਗਿਆ, ਜਿਸ ਨਾਲ ਸਿੱਖ ਸੰਗਤਾਂ ਦੀਆਂ ਭਾਵਨਾਵਾਂ ਨੂੰ ਗੰਭੀਰ ਠੇਸ ਪਹੁੰਚੀ ਹੈ। ਜਸਬੀਰ ਸਿੰਘ ਰੁੜਕਾ ਨੇ ਸਰਕਾਰ ਤੇ ਪ੍ਰਸ਼ਾਸਨ ਤੋਂ ਮੰਗ ਕੀਤੀ ਕਿ ਇਸ ਮਾਮਲੇ ਦੀ ਉੱਚ ਪੱਧਰੀ ਜਾਂਚ ਕਰਵਾਈ ਜਾਵੇ ਤੇ ਮੁਲਜ਼ਮਾਂ ਖ਼ਿਲਾਫ਼ ਕਾਨੂੰਨੀ ਤੌਰ ’ਤੇ ਸਖ਼ਤ ਕਾਰਵਾਈ ਕੀਤੀ ਜਾਵੇ ਤਾਂ ਜੋ ਅਜਿਹੀਆਂ ਘਟਨਾਵਾਂ ’ਤੇ ਰੋਕ ਲੱਗ ਸਕੇ।