ਗੁਰੂਘਰਾਂ ਦੇ ਦਰਸ਼ਨਾਂ ਲਈ ਛੇਤੀ ਖੋਲ੍ਹਿਆ ਜਾਵੇ ਸ੍ਰੀ ਕਰਤਾਰਪੁਰ ਸਾਹਿਬ ਕਾਰੀਡੋਰ
ਪਾਕਿਸਤਾਨ ’ਚ ਗੁਰਧਾਮਾਂ ਦੇ ਦਰਸ਼ਨਾਂ ਲਈ ਸ਼ਰਧਾਲੂਆਂ ਨੂੰ ਜਾਣ ਲਈ ਬਿਨਾਂ ਸ਼ਰਤ ਇਜਾਜ਼ਤ ਦੀ ਮੰਗ
Publish Date: Mon, 06 Apr 2026 10:32 PM (IST)
Updated Date: Mon, 06 Apr 2026 10:35 PM (IST)
-ਡਾ. ਬੀ.ਆਰ. ਅੰਬੇਡਕਰ ਦੇ ਬੁੱਤਾਂ ਤੇ ਹਮਲੇ ਦੀ ਸਖ਼ਤ ਸ਼ਬਦਾਂ ਵਿੱਚ ਕੀਤੀ ਨਿੰਦਾ
ਅਮਰਜੀਤ ਸਿੰਘ ਵੇਹਗਲ, ਪੰਜਾਬੀ ਜਾਗਰਣ, ਜਲੰਧਰ : ਜਲੰਧਰ ’ਚ ਪ੍ਰੈਸ ਕਾਨਫਰੰਸ ਦੌਰਾਨ ਸ਼੍ਰੋਮਣੀ ਅਕਾਲੀ ਦਲ ਅੰਮ੍ਰਿਤਸਰ ਦੇ ਪ੍ਰਧਾਨ ਸਿਮਰਨਜੀਤ ਸਿੰਘ ਮਾਨ ਨੇ ਸਿੱਖਾ ਦੇ ਪਾਕਿਸਤਾਨ ਵਿਚਲੇ ਗੁਰਧਾਮਾਂ ਦੇ ਦਰਸ਼ਨਾਂ ਲਈ ਸਿੱਖ ਸ਼ਰਧਾਲੂਆਂ ਨੂੰ ਜਾਣ ਦੀ ਕੇਂਦਰ ਸਰਕਾਰ ਨੂੰ ਬਿਨਾਂ ਸ਼ਰਤ ਇਜਾਜ਼ਤ ਦੇਣ ਦੀ ਮੰਗ ਕੀਤੀ ਹੈ। ਉਨ੍ਹਾਂ ਕਿਹਾ ਕਿ ਇਸ ਨਾਲ ਸੈਰ ਸਪਾਟੇ ਦੇ ਮੌਕੇ ਵਧਣਗੇ, ਜਿਸ ਨਾਲ ਦੋਵਾਂ ਦੇਸ਼ਾਂ ਵਿੱਚ ਵਪਾਰ ਵੀ ਵਧੇਗਾ। ਉਨ੍ਹਾਂ ਨੌਜਵਾਨਾਂ ’ਚ ਨਸ਼ਿਆਂ ਵੱਲ ਰੁਝਾਨ ਵੱਧਣ ਤੇ ਚਿੰਤਾ ਜਿਤਾਈ। ਉਨ੍ਹਾਂ ਕਿਹਾ ਕਿ ਸੂਬੇ ਵਿੱਚ ਬੇਰੁਜ਼ਗਾਰੀ ਵਧਣ ਕਾਰਨ ਨੌਜਵਾਨ ਪੀੜੀ ਨਸ਼ਿਆਂ ਦੀ ਗ੍ਰਿਫਤ ਵਿੱਚ ਬੁਰੀ ਤਰਾਂ ਫਸ ਚੁੱਕੀ ਹੈ। ਇਸ ਦੇ ਨਾਲ ਹੀ ਕੁਝ ਨੌਜਵਾਨ ਗੈਂਗਸਟਰਾਂ ਦੇ ਮਗਰ ਲੱਗ ਚੁੱਕੇ ਹਨ। ਇਸ ਨਾਲ ਸਮਾਜ ਵਿੱਚ ਨੌਜਵਾਨਾ ਦੀ ਜਵਾਨੀ ਦਾ ਘਾਣ ਹੋ ਰਿਹਾ ਹੈ। ਸੂਬੇ ਵਿੱਚ ਨੌਜਵਾਨਾਂ ਦੇ ਹੋ ਰਹੇ ਫਰਜ਼ੀ ਮੁਕਾਬਲੇ ਲਈ ਸੂਬਾ ਸਰਕਾਰ ਪੂਰੀ ਤਰ੍ਹਾਂ ਜ਼ਿੰਮੇਵਾਰ ਹੈ। ਇਸ ਤੋਂ ਇਲਾਵਾ ਉਨ੍ਹਾਂ ਕਿਹਾ ਕਿ ਸਿੱਖ ਭਾਰਤ ਅਤੇ ਵਿਦੇਸ਼ਾਂ ਵਿੱਚ ਸੁਰੱਖਿਅਤ ਨਹੀਂ ਹਨ। ਸਿੱਖਾਂ ਦੀ ਸੁਰੱਖਿਆ ਨੂੰ ਯਕੀਨੀ ਬਣਾਉਣ ਲਈ ਉਨ੍ਹਾਂ ਦੀ ਪਾਰਟੀ ਹਰ ਸੰਭਵ ਯਤਨ ਕਰੇਗੀ। ਉਨ੍ਹਾਂ ਕਿਹਾ ਕਿ ਕੈਨੇਡਾ ਵਿੱਚ ਹੋਏ ਸਿੱਖਾਂ ਦੇ ਕਤਲਾਂ ਦੀ ਜਾਂਚ ਕਰ ਰਹੀ ਕਨੇਡੀਅਨ ਪੁਲਿਸ ਨੇ ਹੈਰਾਨੀ ਜਨਕ ਜਾਣਕਾਰੀ ਸਾਹਮਣੇ ਲਿਆਦੀ ਹੈ।ਕੇਂਦਰ ਸਰਕਾਰ ਆਪਣੀਆਂ ਏਜੰਸੀਆਂ ਰਾਹੀਂ ਸਿੱਖਾਂ ਨੂੰ ਨਿਸ਼ਾਨਾ ਬਣਾ ਰਹੀ ਹੈ। ਉਨ੍ਹਾਂ ਸੰਵਿਧਾਨ ਦੇ ਨਿਰਮਾਤਾ ਡਾ. ਬੀ. ਆਰ. ਅੰਬੇਡਕਰ ਦੇ ਬੁੱਤਾਂ ’ਤੇ ਹੋਏ ਹਮਲੇ ਦੀ ਸਖ਼ਤ ਸ਼ਬਦਾਂ ਵਿੱਚ ਨਿੰਦਾ ਕੀਤੀ। ਇਸ ਤੋਂ ਇਲਾਵਾ ਉਨ੍ਹਾਂ ਪੰਜਾਬ ਦੀ ਕਿਸਾਨੀ ਬਚਾਉਣ ਅਤੇ ਪਾਕਿਸਤਾਨ ਨਾਲ ਸਿੱਧੇ ਤੌਰ ਤੇ ਵਪਾਰ ਕਰਨ ਲਈ ਕੇਂਦਰ ਸਰਕਾਰ ਕੋਲੋਂ ਵਾਹਗਾ ਬਾਰਡਰ ਖੋਲ੍ਹ ਕੇ ਵਪਾਰ ਨੂੰ ਹੋਰ ਅੱਗੇ ਵਧਾਉਣ ਦੀ ਮੰਗ ਕੀਤੀ। ਇਸ ਮੌਕੇ ਪਾਰਟੀ ਦੇ ਸੀਨੀਅਰ ਆਗੂ ਡਾ. ਹਰਜਿੰਦਰ ਸਿੰਘ ਜੱਖੂ,ਜ਼ਿਲਾ ਜਲੰਧਰ ਦੇ ਸ਼ਹਿਰੀ ਪ੍ਰਧਾਨ ਮਨਜੀਤ ਸਿੰਘ ਰੇਰੂ, ਦਰਸ਼ਨ ਸਿੰਘ ਕਲਕੱਤਾ, ਯੂਥ ਵਿੰਗ ਸੂਬਾ ਜਨਰਲ ਸਕੱਤਰ ਸੰਦੀਪ ਸਿੰਘ ਖਾਲਸਾ, ਜ਼ਿਲ੍ਹਾ ਹੁਸ਼ਿਆਰਪੁਰ ਦੇ ਪ੍ਰਧਾਨ ਗੁਰਨਾਮ ਸਿੰਘ ਸਿੰਘਰੀਵਾਲ, ਡਾ. ਅਵਨੀਤ ਕੌਰ ਜੱਖੂ, ਹਰਵਿੰਦਰ ਸਿੰਘ ਹੀਰਾ, ਜ਼ਿਲ੍ਹਾ ਕਪੂਰਥਲਾ ਦੇ ਇਸਤਰੀ ਵਿੰਗ ਪ੍ਰਧਾਨ ਸੁਖਜੀਤ ਕੌਰ, ਬਲਬੀਰ ਕੌਰ ਪਠਲਾਵਾ ਜਿਲ੍ਹਾ ਪ੍ਰਧਾਨ, ਜੈ ਭੀਮ ਟੀਮ ਪੰਜਾਬ ਤੋਂ ਇਲਾਵਾ ਹੋਰ ਆਗੂ ਤੇ ਮੈਂਬਰ ਮੌਜੂਦ ਸਨ।