ਪੁਲਿਸ ਅਧਿਕਾਰੀ ਖ਼ਿਲਾਫ਼ ਕੇਸ ਦਰਜ ਕਰਨ ਦੀ ਮੰਗ ਮਹਿਲਾ ਪੱਤਰਕਾਰ ਨਾਲ ਛੇੜਛਾੜ ਮਾਮਲੇ ’ਚ ਪੁਲਿਸ ਅਧਿਕਾਰੀ ਖ਼ਿਲਾਫ਼ ਕੇਸ ਦਰਜ ਕਰਨ ਦੀ ਮੰਗ
Publish Date: Tue, 06 Oct 2026 07:53 PM (IST)
Updated Date: Tue, 06 Oct 2026 07:56 PM (IST)
--ਨਿਰਪੱਖ ਤੇ ਪਾਰਦਰਸ਼ੀ ਜਾਂਚ ਲਈ ਏਸੀਪੀ ਵਿਵੇਕ ਭਗਤ ਨੂੰ ਤੁਰੰਤ ਮੁਅੱਤਲ ਕਰਨ ਦੀ ਮੰਗ ਪੱਤਰ ਪ੍ਰੇਰਕ, ਪੰਜਾਬੀ ਜਾਗਰਣ, ਜਲੰਧਰ : ਇੰਡੀਅਨ ਜਰਨਲਿਸਟਸ ਯੂਨੀਅਨ ਦੇ ਕੌਮੀ ਪ੍ਰਧਾਨ ਬਲਵਿੰਦਰ ਜੰਮੂ, ਪੰਜਾਬ ਤੇ ਚੰਡੀਗੜ੍ਹ ਜਰਨਲਿਸਟਸ ਯੂਨੀਅਨ ਦੇ ਸੂਬਾਈ ਪ੍ਰਧਾਨ ਜੈ ਸਿੰਘ ਛਿੱਬਰ ਤੇ ਸਕੱਤਰ ਜਨਰਲ ਸੰਤੋਖ ਗਿੱਲ ਨੇ ਜੰਤਰ-ਮੰਤਰ ਅੰਦੋਲਨ ਸਮੇਂ ਸ਼ਨੀਵਾਰ ਨੂੰ ਮਹਿਲਾ ਪੱਤਰਕਾਰ ਨਾਲ ਏਸੀਪੀ ਵਿਵੇਕ ਭਗਤ ਵੱਲੋਂ ਕੀਤੀ ਗਈ ਕਥਿਤ ਜਿਨਸੀ ਛੇੜਛਾੜ ਦੀ ਘਟਨਾ ਦੀ ਜ਼ੋਰਦਾਰ ਨਿੰਦਾ ਕੀਤੀ ਹੈ। ਉਨ੍ਹਾਂ ਕਿਹਾ ਕਿ ਡਿਊਟੀ ਨਿਭਾ ਰਹੀ ਮਹਿਲਾ ਪੱਤਰਕਾਰ ਨਾਲ ਅਜਿਹਾ ਵਿਵਹਾਰ ਬੇਹੱਦ ਗੰਭੀਰ ਮਾਮਲਾ ਹੈ ਤੇ ਇਸ ਨੂੰ ਕਿਸੇ ਵੀ ਸੂਰਤ ’ਚ ਬਰਦਾਸ਼ਤ ਨਹੀਂ ਕੀਤਾ ਜਾ ਸਕਦਾ। ਉਨ੍ਹਾਂ ਮੰਗ ਕੀਤੀ ਕਿ ਮਹਿਲਾ ਪੱਤਰਕਾਰ ਦੀ ਸ਼ਿਕਾਇਤ ’ਤੇ ਏਸੀਪੀ ਵਿਵੇਕ ਭਗਤ ਖ਼ਿਲਾਫ਼ ਤੁਰੰਤ ਕੇਸ ਦਰਜ ਕਰਕੇ ਨਿਰਪੱਖ ਤੇ ਪਾਰਦਰਸ਼ੀ ਜਾਂਚ ਕੀਤੀ ਜਾਵੇ ਤੇ ਜਾਂਚ ਨੂੰ ਪ੍ਰਭਾਵਿਤ ਹੋਣ ਤੋਂ ਰੋਕਣ ਲਈ ਪੁਲੀਸ ਅਧਿਕਾਰੀ ਨੂੰ ਫ਼ੌਰੀ ਮੁਅੱਤਲ ਕੀਤਾ ਜਾਵੇ। ਆਗੂਆਂ ਨੇ ਕੁਝ ਹੋਰ ਪੱਤਰਕਾਰਾਂ ਵੱਲੋਂ ਵੀ ਕੀਤੀਆਂ ਅਜਿਹੀਆਂ ਸ਼ਿਕਾਇਤਾਂ ਦੀ ਵੀ ਗੰਭੀਰਤਾ ਨਾਲ ਜਾਂਚ ਕੀਤੀ ਜਾਵੇ। ਉਨ੍ਹਾਂ ਕਿਹਾ ਕਿ ਪੱਤਰਕਾਰ ਆਪਣੀ ਪੇਸ਼ੇਵਰ ਜ਼ਿੰਮੇਵਾਰੀ ਨਿਭਾਉਂਦੇ ਹੋਏ ਜਨਤਕ ਅੰਦੋਲਨਾਂ ਤੇ ਲੋਕਾਂ ਨਾਲ ਜੁੜੇ ਮੁੱਦਿਆਂ ਦੀ ਰਿਪੋਰਟਿੰਗ ਕਰਦੇ ਹਨ, ਇਸ ਲਈ ਉਨ੍ਹਾਂ ਨੂੰ ਸੁਰੱਖਿਅਤ ਤੇ ਸਨਮਾਨਜਨਕ ਮਾਹੌਲ ਦੇਣਾ ਪੁਲੀਸ ਤੇ ਪ੍ਰਸ਼ਾਸਨ ਦੀ ਜ਼ਿੰਮੇਵਾਰੀ ਹੈ। ਆਗੂਆਂ ਨੇ ਕਿਹਾ ਕਿ ਪੱਤਰਕਾਰਾਂ ਦੀ ਸੁਰੱਖਿਆ, ਸਨਮਾਨ ਤੇ ਆਜ਼ਾਦਾਨਾ ਰਿਪੋਰਟਿੰਗ ਦੇ ਹੱਕ ਨਾਲ ਕਿਸੇ ਵੀ ਕੀਮਤ ’ਤੇ ਸਮਝੌਤਾ ਬਰਦਾਸ਼ਤ ਨਹੀਂ ਕੀਤਾ ਜਾ ਸਕਦਾ। ਉਨ੍ਹਾਂ ਦਿੱਲੀ ਪੁਲੀਸ ਤੋਂ ਮੰਗ ਕੀਤੀ ਕਿ ਘਟਨਾ ਨਾਲ ਸਬੰਧਿਤ ਸਾਰੇ ਸਬੂਤ ਸੁਰੱਖਿਅਤ ਰੱਖਦਿਆਂ ਮਾਮਲੇ ਦੀ ਸਮਾਂਬੱਧ ਜਾਂਚ ਕੀਤੀ ਜਾਵੇ ਤੇ ਦੋਸ਼ ਸਾਬਤ ਹੋਣ ’ਤੇ ਸਬੰਧਿਤ ਅਧਿਕਾਰੀ ਖ਼ਿਲਾਫ਼ ਸਖ਼ਤ ਕਾਨੂੰਨੀ ਤੇ ਵਿਭਾਗੀ ਕਾਰਵਾਈ ਕੀਤੀ ਜਾਵੇ।